ਆਸ਼ਾ ਵਰਕਰਾਂ ਆਪਣੀਆਂ ਹੱਕੀ ਮੰਗਾਂ ਲਈ ਡਟੀਆਂ ਆਸ਼ਾ ਵਰਕਰਾਂ ਆਪਣੀਆਂ ਹੱਕੀ ਮੰਗਾਂ ਲਈ ਡਟੀਆਂ
Publish Date: Fri, 07 Aug 2026 04:13 PM (IST)
Updated Date: Sat, 08 Aug 2026 04:02 AM (IST)
ਸਰਕਾਰ ਮੰਗਾਂ ਮੰਨਣ ਦੀ ਬਜਾਏ ਸੰਘਰਸ਼ ਕਰ ਰਹੀਆਂ ਔਰਤਾਂ ਦੀ ਆਵਾਜ਼ ਦਬਾ ਰਹੀ: ਛਿੰਦਰਪਾਲ ਕੌਰ ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਸ਼ੇਰਪੁਰ : ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਸਾਂਝਾ ਮੋਰਚਾ ਪੰਜਾਬ ਦੀ ਬਲਾਕ ਆਗੂ ਛਿੰਦਰਪਾਲ ਕੌਰ ਕਾਤਰੋਂ ਨੇ ਕਿਹਾ ਕਿ ਪੰਜਾਬ ਸਰਕਾਰ ਲੰਮੇ ਸਮੇਂ ਤੋਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੀਆਂ ਔਰਤਾਂ ਦੀ ਆਵਾਜ਼ ਸੁਣਨ ਦੀ ਬਜਾਏ ਉਨ੍ਹਾਂ ’ਤੇ ਲਾਠੀਚਾਰਜ ਕਰਕੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਤੇ ਫੈਸਿਲੀਟੇਟਰ ਸਿਹਤ ਵਿਭਾਗ ਨਾਲ ਸਬੰਧਤ ਜ਼ਿੰਮੇਵਾਰੀਆਂ ਨੂੰ ਲੰਮੇ ਸਮੇਂ ਤੋਂ ਪੂਰੀ ਇਮਾਨਦਾਰੀ, ਮਿਹਨਤ ਤੇ ਲਗਨ ਨਾਲ ਨਿਭਾ ਰਹੀਆਂ ਹਨ। ਕੋਵਿਡ-19 ਮਹਾਂਮਾਰੀ ਦੌਰਾਨ ਵੀ ਇਨ੍ਹਾਂ ਵਰਕਰਾਂ ਨੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਅਤੇ ਜਾਗਰੂਕਤਾ ਮੁਹੱਈਆ ਕਰਵਾਈ, ਪਰ ਅੱਜ ਮਹਿੰਗਾਈ ਦੇ ਦੌਰ ਵਿੱਚ ਨਿਗੂਣੇ ਮਾਣ-ਭੱਤਿਆਂ ਨਾਲ ਘਰ ਚਲਾਉਣਾ ਉਨ੍ਹਾਂ ਲਈ ਮੁਸ਼ਕਲ ਹੋ ਗਿਆ ਹੈ। ਛਿੰਦਰਪਾਲ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਜਥੇਬੰਦੀ ਨਾਲ ਮੀਟਿੰਗਾਂ ਕਰਕੇ ਕਈ ਵਾਰ ਮੰਗਾਂ ਮੰਨਣ ਦੇ ਭਰੋਸੇ ਦਿੱਤੇ ਗਏ, ਪਰ ਇਨ੍ਹਾਂ ਭਰੋਸਿਆਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਤਹਿਤ ਖਰਚੇ ਕੀਤੇ ਜਾ ਰਹੇ ਹਨ, ਜਦਕਿ ਸਿਹਤ ਵਿਭਾਗ ਦੀਆਂ ਜ਼ਮੀਨੀ ਪੱਧਰ ਦੀਆਂ ਵਰਕਰਾਂ ਨੂੰ ਉਨ੍ਹਾਂ ਦੇ ਕੰਮ ਦੇ ਪੈਸੇ ਸਮੇਂ ਸਿਰ ਨਹੀਂ ਮਿਲ ਰਹੇ ਅਤੇ ਨਾ ਹੀ ਇਨਸੈਂਟਿਵ ਵਿੱਚ ਲੋੜੀਂਦਾ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤਾ ਜਾ ਰਿਹਾ 2500 ਰੁਪਏ ਦਾ ਫਿਕਸ ਇਨਸੈਂਟਿਵ ਦੁੱਗਣਾ ਕਰਕੇ 5000 ਰੁਪਏ ਕੀਤਾ ਜਾਵੇ, ਆਸ਼ਾ ਵਰਕਰਾਂ ਦੇ ਕੱਟੇ ਗਏ ਇਨਸੈਂਟਿਵ ਮੁੜ ਬਹਾਲ ਕੀਤੇ ਜਾਣ, ਫੈਸਿਲੀਟੇਟਰਾਂ ਦੇ ਟੂਰ ਭੱਤੇ ਅਤੇ ਮਾਣ-ਭੱਤੇ ਵਿੱਚ ਦੁੱਗਣਾ ਵਾਧਾ ਕੀਤਾ ਜਾਵੇ, ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਸੇਵਾਮੁਕਤੀ ਸਮੇਂ ਹਰਿਆਣਾ ਪੈਟਰਨ ਦੇ ਆਧਾਰ ’ਤੇ ਗ੍ਰੈਚੁਟੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਦੀ ਪੂਰਤੀ ਲਈ ਸਮੂਹ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਇਕਜੁੱਟ ਹੋ ਕੇ ਸੰਘਰਸ਼ ਨੂੰ ਮਜ਼ਬੂਤ ਕਰਨਾ ਪਵੇਗਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਥੇਬੰਦੀ ਦੀਆਂ ਹੱਕੀ ਮੰਗਾਂ ਨੂੰ ਜਲਦ ਪ੍ਰਵਾਨ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।