ਹਰਿੰਦਰ ਸ਼ਾਰਦਾ, ਪਟਿਆਲਾ : ਪਾਵਰਕੌਮ ਚ ਨੌਕਰੀ ਦੀ ਮੰਗ ਲਈ ਜਿੱਥੇ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਵੱਲੋਂ ਪਿਛਲੇ ਪੰਜ ਦਿਨਾਂ ਤੋਂ ਆਯੁਰਵੈਦਿਕ ਹਸਪਤਾਲ ਦੀ ਪਾਣੀ ਵਾਲੀ ਟੈਂਕੀ ਤੇ ਧਰਨਾ ਲਗਾਇਆ ਗਿਆ ਹੈ। ਉਥੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੋਈ ਭਰੋਸਾ ਨਾ ਮਿਲਣ ਕਾਰਨ ਅੱਜ ਇੱਕਤਰ ਹੋਏ ਵਾਰਸਾਂ ਨੇ ਪਾਵਰਕਾਮ ਦੇ ਤਿੰਨੋਂ ਮੁੱਖ ਗੇਟ ਬੰਦ ਕਰਕੇ ਧਰਨਾ ਲਗਾ ਦਿੱਤਾ ਗਿਆ।

ਬਾਅਦ ਦੁਪਹਿਰ ਤਕ ਕੋਈ ਭਰੋਸਾ ਨਾ ਮਿਲਣ ਤੇ ਮ੍ਰਿਤਕ ਮੁਲਾਜ਼ਮਾਂ ਦੇ ਦੋ ਵਾਰਸਾਂ ਨੇ ਪੈਟਰੋਲ ਛਿੜਕ ਕੇ ਤੇ ਇਕ ਨੇ ਸਪਰੇਅ ਪੀ ਕੇ ਖ਼ੁਦਕੁਸ਼ੀ ਕਰਨ ਦੀ ਵੀ ਕੋਸ਼ਿਸ਼ ਕੀਤੀ। ਇਸ ਉਪਰੰਤ ਪੁਲਿਸ ਪ੍ਰਸ਼ਾਸਨ ਨੇ ਹਰਕਤ ਵਿੱਚ ਆਉਂਦਿਆ ਤਿੰਨਾਂ ਵਾਰਸਾਂ ਨੂੰ ਖੁਦਕੁਸ਼ੀ ਕਰਨ ਤੋਂ ਰੋਕ ਲਿਆ ਹੈ। ਇਸ ਉਪਰੰਤ ਪਾਵਰਕਾਮ ਅਧਿਕਾਰੀਆ ਵਲੋਂ ਮੀਟਿੰਗ ਦਾ ਵੀ ਸੱਦਾ ਦਿੱਤਾ ਗਿਆ।

ਪਾਵਰਕਾਮ ਅਧਿਕਾਰੀਆਂ ਤੇ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਵਿਚਕਾਰ ਦੇਰ ਸ਼ਾਮ ਤੱਕ ਚੱਲੀ ਮੀਟਿੰਗ ਬੇਸਿੱਟਾ ਹੀ ਰਹੀ। ਵਾਰਸਾ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਅੱਜ ਹੱਲ ਨਾ ਕੀਤੀਆਂ ਗਈਆਂ ਤਾਂ ਉਨ੍ਹਾਂ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪਾਵਰਕਾਮ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੀ ਹੋਵੇਗੀ।

ਜਾਣਕਾਰੀ ਅਨੁਸਾਰ ਪਾਵਰਕੌਮ ਵੱਲੋਂ ਸਾਲ 2004 ਦੇ ਵਿਚ ਸਲੇਸ਼ੀਅਮ ਪਾਲਿਸੀ ਬਣਾਈ ਗਈ ਸੀ। ਪਾਲਿਸੀ ਅਧੀਨ ਜੇਕਰ ਨੌਕਰੀ ਦੌਰਾਨ ਕਿਸੇ ਵੀ ਮੁਲਾਜ਼ਮ ਦੀ ਮੌਤ ਹੁੰਦੀ ਹੈ ਤਾਂ ਉਸ ਦੇ ਪਰਿਵਾਰ ਨੂੰ ਸਿਰਫ਼ ਮੁਆਵਜ਼ਾ ਹੀ ਦਿੱਤਾ ਜਾਵੇਗਾ ਤੇ ਉਸ ਦੇ ਪਰਿਵਾਰ ਦੇ ਕਿਸੇ ਵਾਰਸ ਨੂੰ ਨੌਕਰੀ ਨਹੀਂ ਦੇਣ ਦਾ ਐਲਾਨ ਕੀਤਾ ਗਿਆ ਸੀ। ਉਸ ਦਿਨ ਤੋਂ ਹੀ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰ ਇਸ ਪਾਲਿਸੀ ਨੂੰ ਰੱਦ ਕਰਨ ਦੀ ਮੰਗ ਕਰਦੇ ਆ ਰਹੇ ਹਨ ਪਰੰਤੂ ਲਗਾਤਾਰ ਸੰਘਰਸ਼ ਕਰਨ ਦੇ ਬਾਵਜੂਦ ਵੀ ਪਾਵਰਕਾਮ ਪ੍ਰਸ਼ਾਸਨ ਵੱਲੋਂ ਇਸ ਪਾਲਿਸੀ ਨੂੰ ਰੱਦ ਨਹੀਂ ਕੀਤਾ ਗਿਆ ਹੈ।

ਆਪਣੀਆਂ ਮੰਗਾਂ ਦੀ ਪੂਰਤੀ ਲਈ ਪਿਛਲੇ ਪੰਜ ਦਿਨਾਂ ਤੋਂ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨੇਡ਼ੇ ਆਯੁਰਵੈਦਿਕ ਹਸਪਤਾਲ ਦੀ ਟੈਂਕੀ ਤੇ ਪੱਕਾ ਧਰਨਾ ਲਗਾਇਆ ਹੈ। ਪਰ ਹਾਲੇ ਤੱਕ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਤੋਂ ਕੋਈ ਵੀ ਸੁਣਵਾਈ ਤੇ ਭਰੋਸਾ ਨਾ ਮਿਲਣ ਤੇ ਮੁਲਾਜ਼ਮਾਂ ਦੇ ਵਾਰਸਾਂ ਨੇ ਸੋਮਵਾਰ ਨੂੰ ਪਾਵਰਕਾਮ ਦੇ ਤਿੰਨੋਂ ਮੁੱਖ ਗੇਟ ਬੰਦ ਕਰ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।

ਬਾਅਦ ਦੁਪਹਿਰ ਤੱਕ ਜਦੋਂ ਕਿਸੇ ਵੀ ਅਧਿਕਾਰੀ ਵਲੋਂ ਵਾਰਸਾਂ ਦੀ ਕੋਈ ਸੁਣਵਾਈ ਨਾ ਕੀਤੀ ਗਈ ਤਾਂ ਮ੍ਰਿਤਕ ਮੁਲਾਜ਼ਮਾਂ ਦੇ ਤਿੰਨ ਵਾਰਸਾਂ ਵੱਲੋਂ ਉੱਥੇ ਹੀ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ। ਜਿਨ੍ਹਾਂ ਨੂੰ ਉਥੇ ਮੌਜੂਦ ਪੁਲਿਸ ਫੋਰਸ ਵੱਲੋਂ ਰੋਕ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਅਸ਼ਰਿਤ ਯੂਨੀਅਨ ਦੇ ਸੂਬਾ ਪ੍ਰਧਾਨ ਚਰਨਜੀਤ ਸਿੰਘ ਦਿਓਣ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨੂੰ ਸਰਕਾਰੀ ਨੌਕਰੀਆਂ ਦੇ ਵੱਡੇ ਵੱਡੇ ਦਾਅਵੇ ਕੀਤੇ ਗਏ ਸਨ ਪ੍ਰੰਤੂ ਜਿਵੇਂ ਹੀ ਸਰਕਾਰ ਸੱਤਾ ਵਿਚ ਆਈ ਆਪਣੇ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ।

ਇਸ ਦੇ ਨਾਲ ਹੀ ਹੁਣ ਜੇਕਰ ਕੋਈ ਕਰਮਚਾਰੀ ਪਾਵਰਕੌਮ ਵਿੱਚ ਸੇਵਾਵਾਂ ਨਿਭਾਉਂਦਾ ਹੈ ਤੇ ਉਸ ਦੀ ਨੌਕਰੀ ਦੌਰਾਨ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਕਿਸੇ ਵੀ ਵਾਰਸ ਨੂੰ ਨੌਕਰੀ ਨਹੀਂ ਦਿੱਤੀ ਜਾ ਰਹੀ ਹੈ ਜੋ ਕਿ ਉਸ ਪਰਿਵਾਰ ਦਾ ਬਣਦਾ ਹੱਕ ਹੈ। ਅਜਿਹੀਆਂ ਪਾਲਸੀਆਂ ਕਾਰਨ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸੜਕਾਂ ਤੇ ਧੱਕੇ ਖਾਣੇ ਪੈ ਰਹੇ ਹਨ। ਪਰ ਸਰਕਾਰ ਤੇ ਪਾਵਰਕਾਮ ਪ੍ਰਸ਼ਾਸਨ ਵੱਲੋਂ ਕੋਈ ਵੀ ਹੱਲ ਨਹੀਂ ਕੱਢਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੇਰ ਸ਼ਾਮ ਨੂੰ ਮੁਲਾਜ਼ਮਾਂ ਦੇ ਵਾਰਸਾਂ ਤੇ ਪਾਵਰਕਾਮ ਦੇ ਅਧਿਕਾਰੀਆਂ ਵਿਚਕਾਰ ਹੋਈ ਮੀਟਿੰਗ ਦੌਰਾਨ ਉਨ੍ਹਾਂ ਨੂੰ ਕੋਈ ਵੀ ਤਸੱਲੀਬਖਸ਼ ਭਰੋਸਾ ਨਹੀਂ ਦਿੱਤਾ ਗਿਆ ਹੈ ਜਿਸ ਕਾਰਨ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਵਿਚ ਭਾਰੀ ਰੋਸ ਹੈ।

Posted By: Jagjit Singh