- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਂਗੂ ਦੇ ਹਾਟਸਪਾਟ ਖੇਤਰਾਂ ਵਿਖੇ ਕੀਤੀਆ ਗਈਆ ਜਾਗਰੂਕਤਾ ਗਤੀਵਿਧੀਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ’ਚ ਹਾਟਸਪਾਟ ਖੇਤਰਾਂ ਵਿਖੇ ਡੇਂਗੂ ਵਿਰੋਧੀ ਡਰਾਈ ਡੇਅ ਗਤੀਵਿਧੀਆਂ ਕੀਤੀਆਂ ਗਈਆਂ। ਇਸ ਦੌਰਾਨ ਹੀਰਾ ਬਾਗ, ਤੋਪ ਖਾਨਾ ਮੋੜ, ਗਰੀਨ ਪਾਰਕ ਕਲੋਨੀ, ਬਿਸ਼ਨ ਨਗਰ, ਗੁਰਬਕਸ਼ ਕਲੋਨੀ ਆਦਿ ਵਿਖੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਕਈ ਥਾਵਾਂ ਉੱਤੇ ਮਿਲਿਆ ਲਾਰਵਾ ਮੌਕੇ ਉੱਤੇ ਹੀ ਨਸ਼ਟ ਕਰਵਾਇਆ ਗਿਆ। ਇਸ ਮੌਕੇ ਆਮ ਜਨਤਾ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਵੱਲੋਂ ਸਮੂਹ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਬਰਸਾਤੀ ਮੌਸਮ ਦੇ ਚਲਦਿਆਂ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਵਾਂਗ ਹੀ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਤੇ ਘਰਾਂ ਦੇ ਅੰਦਰ ਪਈਆਂ ਖਾਲੀ ਚੀਜ਼ਾਂ ਵਿਚ ਪਾਣੀ ਇੱਕਠਾ ਨਾ ਹੋਣ ਦੇਣ। ਉਨਾਂ ਤੇਜ਼ ਬੁਖਾਰ ਅਤੇ ਬਦਨ ਦਰਦ ਦੀ ਸ਼ਿਕਾਇਤ ਹੋਣ ਤੇ ਡੇਂਗੂ ਜਾਂਚ ਕਰਵਾਉਣ ਦੀ ਸਲਾਹ ਦਿੱਤੀ। ਜ਼ਿਲ੍ਹਾ ਐਪੀਡੋਮੋਲੋਜਿਸਟ ਡਾ.ਗੁਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੇ 26456 ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 320 ਥਾਂਵਾਂ ’ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੁਹਿੰਮ ਤਹਿਤ 879203 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 6098 ਥਾਂਵਾ ਤੇ ਲਾਰਵਾ ਮਿਲਿਆ ਜਿਸ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਉਹਨਾਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਪਟਿਆਲਾ ਵਿੱਚ 32 ਡੇਂਗੂ ਦੇ ਕੇਸ ਮਿਲੇ ਹਨ।