ਭੁਪਿੰਦਰਜੀਤ ਮੌਲਵੀਵਾਲਾ, ਪਾਤੜਾਂ

ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਦੇ ਮਕਸਦ ਨਾਲ ਸੁਰੂ ਕੀਤੀ ਗਈ ਮੁਹਿੰਮ ਤਹਿਤ ਪਟਿਆਲਾ ਪੁਲਸ ਵੱਲੋਂ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ ।ਇਸ ਦੇ ਚਲਦਿਆਂ ਐਸਐਸਪੀ ਪਟਿਆਲਾ ਵਿਕਰਮਜੀਤ ਸਿੰਘ ਦੁੱਗਲ ਦੇ ਨਿਰਦੇਸ਼ਾਂ ਤੇ ਡੀਐੱਸਪੀ ਪਾਤੜਾਂ ਭਰਪੂਰ ਸਿੰਘ ਦੀਆਂ ਹਦਾਇਤਾਂ ਉੱਤੇ ਥਾਣਾ ਸੁਤਰਾਣਾ ਦੀ ਪੁਲਿਸ ਵੱਲੋਂ ਆਸ ਪਾਸ ਦੇ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕਰਕੇ ਲੋਕਾਂ ਨੂੰ ਜਾਗਰੂਕ ਕਰਨ ਦਾ ਫੈਸਲਾ ਲਿਆ ਗਿਆ। ਇਸ ਦੌਰਾਨ ਇਕੱਤਰ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਵਾਤਾਵਰਨ ਦੀ ਸਾਂਭ ਸੰਭਾਲ ਨੂੰ ਮੁੱਖ ਰੱਖਦਿਆਂ ਹੋਇਆਂ ਅੱਗ ਨਾ ਲਾਉਣ ਦਾ ਪ੍ਰਣ ਕਰਦਿਆਂ ਪਿੰਡਾਂ ਦੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਦਾ ਫੈਸਲਾ ਕੀਤਾ ਹੈ। ਥਾਣਾ ਸ਼ੁਤਰਾਣਾ ਦੇ ਮੁਖੀ ਇੰਸਪੈਕਟਰ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵੱਡੀ ਪੱਧਰ ਤੇ ਵਾਤਾਵਰਨ ਦੂਸ਼ਿਤ ਹੁੰਦਾ ਹੈ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਤਹਿਤ ਉਨ੍ਹਾਂ ਇਲਾਕੇ ਦੇ ਦੋ ਦਰਜਨ ਦੇ ਕਰੀਬ ਪਿੰਡਾਂ ਦੇ ਪਤਵੰਤਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਝੋਨੇ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਕਾਰਨ ਵੱਡੀ ਪੱਧਰ ਉੱਤੇ ਫੈਲਦੇ ਧੂੰਏਂ ਕਾਰਨ ਮਨੁੱਖੀ ਸਰੀਰ ਨੂੰ ਕਈ ਭਿਆਨਕ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਇਆ ਸਰਕਾਰ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਵਾਤਾਵਰਨ ਵਿਚ ਫੈਲਦੇ ਪ੍ਰਦੂਸ਼ਣ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਉੱਤੇ ਜਿੱਥੇ ਮਾਰੂ ਪ੍ਰਭਾਵ ਪੈ ਰਹੇ ਹਨ ਉੱਥੇ ਅਜਿਹਾ ਕਰਨਾ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਕਮੀ ਆਉਂਦੀ ਹੈ । ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਜਿੱਥੇ ਆਪ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਪ੍ਰਹੇਜ਼ ਕਰਨ ਉਥੇ ਆਪਣੇ ਨਾਲ ਲੱਗਦੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ। ਇਸ ਮੌਕੇ ਸਰਪੰਚ ਗੁਰਬਾਜ ਸਿੰਘ, ਦਰਸ਼ਨ ਸਿੰਘ, ਸੁਖਪਾਲ ਸਿੰਘ, ਅਜੈਬ ਸਿੰਘ, ਪਵਨਦੀਪ ਸਿੰਘ, ਹਰਦੀਪ ਸਿੰਘ, ਸੁਰੇਸ਼ ਕੁਮਾਰ ਆਦਿ ਹਾਜ਼ਰ ਸਨ।