- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਕੁਸ਼ਲਿਆ ਹਸਪਤਾਲ ਵਿਖੇ ਜਾਗਰੂਕਤਾ ਸੈਸ਼ਨ ਕਰਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਡੀਕਲ ਸੁਪਰਡੈਂਟ ਮਾਤਾ ਕੁਸ਼ਲਿਆ ਹਸਪਤਾਲ ਡਾ. ਵਿਕਾਸ ਗੋਇਲ ਦੀ ਅਗਵਾਈ ਹੇਠ ਵਿਸ਼ਵ ਐਂਟੀਮਾਈਕ੍ਰੋਬੀਅਲ ਜਾਗਰੂਕਤਾ ਹਫ਼ਤੇ ਸਬੰਧੀ ਵਿਸ਼ੇਸ਼ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਫੋਰਟਿਸ ਹਸਪਤਾਲ ਮੋਹਾਲੀ ਦੇ ਇੰਟਰਨਲ ਮੈਡੀਸਨ ਵਿਭਾਗ ਦੀ ਸੀਨੀਅਰ ਕੰਸਲਟੈਂਟ ਡਾ. ਪਰਵਿੰਦਰ ਕੌਰ ਚਾਵਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸਿਹਤ ਕਰਮਚਾਰੀਆਂ ਅਤੇ ਲੋਕਾਂ ਨੂੰ ਐਂਟੀਮਾਈਕ੍ਰੋਬੀਅਲ ਰੇਜ਼ਿਸਟੈਂਸ ਦੇ ਵਧ ਰਹੇ ਖ਼ਤਰੇ ਅਤੇ ਇਸ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਡਾ. ਚਾਵਲਾ ਨੇ ਦੱਸਿਆ ਕਿ ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਤੇ ਗਲਤ ਵਰਤੋਂ ਕਾਰਨ ਬੈਕਟੀਰੀਆ ਇਨ੍ਹਾਂ ਦਵਾਈਆਂ ਪ੍ਰਤੀ ਰੋਧਕ ਬਣਦੇ ਜਾ ਰਹੇ ਹਨ। ਇਸ ਕਾਰਨ ਆਮ ਇਨਫੈਕਸ਼ਨਾਂ ਦਾ ਇਲਾਜ ਕਰਨਾ ਵੀ ਮੁਸ਼ਕਲ ਹੋ ਸਕਦਾ ਹੈ। ਐਂਟੀਬਾਇਓਟਿਕ ਦਵਾਈਆਂ ਹਮੇਸ਼ਾ ਡਾਕਟਰ ਦੀ ਸਲਾਹ ਅਨੁਸਾਰ ਹੀ ਲੈਣੀਆਂ ਚਾਹੀਦੀਆਂ ਹਨ ਅਤੇ ਬਿਨਾਂ ਪਰਚੀ ਮੈਡੀਕਲ ਸਟੋਰ ਤੋਂ ਖਰੀਦ ਕੇ ਖਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਡਾਕਟਰ ਵੱਲੋਂ ਦੱਸਿਆ ਗਿਆ ਦਵਾਈਆਂ ਦਾ ਕੋਰਸ ਵੀ ਪੂਰਾ ਕਰਨਾ ਜ਼ਰੂਰੀ ਹੈ।
ਉਨ੍ਹਾਂ ਇਨਫੈਕਸ਼ਨਾਂ ਤੋਂ ਬਚਾਅ ਲਈ ਨਿਯਮਿਤ ਤੌਰ ’ਤੇ ਹੱਥ ਧੋਣ, ਆਲੇ-ਦੁਆਲੇ ਦੀ ਸਫ਼ਾਈ ਰੱਖਣ ਅਤੇ ਸਮੇਂ ਸਿਰ ਟੀਕਾਕਰਨ ਕਰਵਾਉਣ ਦੀ ਮਹੱਤਤਾ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਐਂਟੀਮਾਈਕ੍ਰੋਬੀਅਲ ਰੇਜ਼ਿਸਟੈਂਸ ਦੀ ਰੋਕਥਾਮ ਲਈ ਸਿਹਤ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਹੋਵੇਗੀ। ਇਸ ਮੌਕੇ ਸਵਾਲ-ਜਵਾਬ ਸੈਸ਼ਨ ਵੀ ਕਰਵਾਇਆ ਗਿਆ। ਡਾ. ਵਿਕਾਸ ਗੋਇਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਐਂਟੀਬਾਇਓਟਿਕ ਦਵਾਈਆਂ ਦੀ ਵਰਤੋਂ ਸਿਰਫ਼ ਡਾਕਟਰੀ ਸਲਾਹ ਅਨੁਸਾਰ ਕਰਨ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਚਨਾ, ਨੋਡਲ ਅਫ਼ਸਰ ਏ.ਐੱਮ.ਆਰ., ਐੱਸਐੱਮਓ ਡਾ. ਸ਼ਬਦੀਪ ਕੌਰ, ਡਾ. ਜਤਿੰਦਰ ਕੌਰ, ਡਾ. ਯੋਗਿਤਾ, ਡਾ. ਅੰਜੂ, ਸੁਰਿੰਦਰ ਕੌਰ ਸਮੇਤ ਹੋਰ ਸਿਹਤ ਵਿਭਾਗ ਦੇ ਮੁਲਾਜ਼ਮ ਹਾਜ਼ਰ ਸਨ।