- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਜ਼ੀਜਪੁਰ ਦੇ ਵਸਨੀਕਾਂ ਨੇ ਗਮਾਂਡਾ ਨੂੰ ਜ਼ਮੀਨ ਦੇਣ ਤੋਂ ਕੀਤਾ ਇਨਕਾਰ

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਸੂਬਾ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਤਹਿਤ ਗਮਾਡਾ ਵੱਲੋਂ ਨੇੜਲੇ ਪਿੰਡਾਂ ਦੀ ਜ਼ਮੀਨ ਐਕਵਾਇਰ ਕਰਨ ਦਾ ਮਾਮਲਾ ਗਰਮਾਉਣ ਦੇ ਆਸਾਰ ਬਣਦੇ ਜਾ ਰਹੇ ਹਨ ਤੇ ਪਿੰਡ ਅਜ਼ੀਜਪੁਰ ਦੇ ਵਸਨੀਕਾਂ ਨੇ ਗਮਾਡਾ ਨੂੰ ਜ਼ਮੀਨ ਦੇਣ ਤੋਂ ਕੋਰੀ ਨਾ ਕਰ ਦਿੱਤੀ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਵਸਨੀਕ ਸੁਖਵੀਰ ਸਿੰਘ ਸੁੱਖਾ, ਫਿਰੋਜ ਭੱਟੀ, ਸਾਜਿਦ ਭੱਟੀ, ਅਕਬਰ ਭੱਟੀ, ਯਾਦਵਿੰਦਰ ਸਿੰਘ, ਰਣਜੀਤ ਸਿੰਘ, ਸੁਖਵਿੰਦਰ ਸਿੰਘ ਨੰਬਰਦਾਰ, ਜਗਦੀਪ ਸਿੰਘ, ਪ੍ਰਕਾਸ਼ ਸਿੰਘ, ਕਰਮ ਸਿੰਘ, ਧਰਮਪਾਲ, ਸੁਰੇਸ਼ ਕੁਮਾਰ, ਸਲਿੰਦਰ ਸਿੰਘ, ਗੁਰਮੁਖ ਸਿੰਘ, ਬਲਜੀਤ ਸਿੰਘ, ਪੰਚਾਇਤ ਮੈਂਬਰ ਰਾਸ਼ਿਦ ਮਹੁੰਮਦ ਨੇ ਦੱਸਿਆ ਕਿ ਪਿਛਲੇ ਦਿਨੀ ਗਮਾਡਾ ਦੇ ਅਧਿਕਾਰੀਆਂ ਵੱਲੋਂ ਪਿੰਡ ਦੀ ਜ਼ਮੀਨ ਐਕਵਾਇਰ ਕਰਨ ਬਾਰੇ ਲਿਖਤੀ ਚਿੱਠੀ ਪਿੰਡ ਦੇ ਸਰਪੰਚ ਨੰਬਰਦਾਰ ਅਤੇ ਹੋਰ ਵਸਨੀਕਾਂ ਨੂੰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪਿੰਡ ਦੇ ਵਸਨੀਕਾਂ ਵੱਲੋਂ ਸਮੂਹਿਕ ਤੌਰ ’ਤੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਜਮੀਨ ਨਾ ਦੇਣ ਦਾ ਫੈਸਲਾ ਕੀਤਾ ਗਿਆ ਸੀ ਅਤੇ ਇਹ ਮਤਾ ਗਮਾਡਾ ਦੇ ਅਧਿਕਾਰੀਆਂ ਨੂੰ ਦੇ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਜਿਆਦਾਤਰ ਘੱਟ ਜ਼ਮੀਨਾਂ ਵਾਲੇ ਕਿਸਾਨ ਹਨ ਜੋ ਕਿ ਸਬਜ਼ੀਆਂ ਦੀ ਕਾਸ਼ਤ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਹਨ ਪਿੰਡ ਦੇ ਵਸਨੀਕਾਂ ਨੇ ਦੱਸਿਆ ਕਿ ਸਰਬਸੰਮਤੀ ਨਾਲ ਮਤਾ ਦੇਣ ਦੇ ਬਾਵਜੂਦ ਵੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਬੀਤੇ ਦਿਨੀਂ ਦੁਬਾਰਾ ਜ਼ਮੀਨ ਦੇਣ ਲਈ ਬੁਲਾਇਆ ਗਿਆ ਸੀ ਪਰ ਪਿੰਡ ਦੇ ਵਸਨੀਕਾਂ ਵੱਲੋਂ ਗਮਾਡਾ ਨੂੰ ਜ਼ਮੀਨ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਗਈ ਹੈ। ਮੀਟਿੰਗ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੁਆਧ ਇਲਾਕੇ ਦੇ ਪ੍ਰਧਾਨ ਮੱਖਣ ਸਿੰਘ ਗੀਗੇਮਾਜਰਾ, ਕਮਲਜੀਤ ਸਿੰਘ ਕੰਮਾ ਬੜੀ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਰਾਹੀਂ ਧੱਕੇ ਨਾਲ ਕਿਸਾਨਾਂ ਦੀ ਜ਼ਮੀਨ ਨੂੰ ਐਕਵਾਇਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਉਹ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅਜ਼ੀਜਪੁਰ ਦੇ ਵਸਨੀਕਾਂ ਵੱਲੋਂ ਮਤਾ ਦੇਣ ਦੇ ਬਾਵਜੂਦ ਧੱਕੇ ਨਾਲ ਜ਼ਮੀਨ ਐਕਵਾਇਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਹੈ ਜੋ ਕਿ ਨਾ ਬਰਦਾਸ਼ਤਯੋਗ ਹੈ। ਇਸ ਮੌਕੇ ਸਦੀਕ ਖਾਂ, ਪੰਚ ਹਰਦੀਪ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਕਮਲਜੀਤ ਸਿੰਘ, ਅਵਤਾਰ ਸਿੰਘ, ਰਾਮ ਸਿੰਘ ਕਾਕਾ, ਗੁਰਦੀਪ ਸਿੰਘ, ਮੇਹਰਬਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਇਕੱਤਰ ਹੋਏ ਪਿੰਡ ਵਾਸੀਆਂ ਨੇ ਜ਼ਮੀਨ ਐਕਵਾਇਰ ਕਰਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।