ਐੱਚਐੱਸ ਸੈਣੀ, ਰਾਜਪੁਰਾ : ਇਥੋਂ ਦੇ ਏਪੀ ਜੈਨ ਸਿਵਲ ਹਸਪਤਾਲ 'ਚ ਅੱਜ ਹਲਕਾ ਰਾਜਪੁਰਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਦੀ ਅਗਵਾਈ 'ਚ ਨਵੇਂ ਉਸਾਰੇ 30 ਬਿਸਤਰਿਆਂ ਦੇ ਜੱਚਾ-ਬੱਚਾ ਹਸਪਤਾਲ ਦੇ ਉਦਘਾਟਨ ਲਈ ਸਮਾਗਮ ਕਰਵਾਇਆ ਗਿਆ, ਜਿਸ 'ਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਪਹੁੰਚੇ।

ਇਸ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਖ਼ਿਲਾਫ਼ ਵਿੱਢੀ ਜੰਗ 'ਮਿਸ਼ਨ ਫ਼ਤਹਿ' ਦੀ ਸਫ਼ਲਤਾ ਲਈ ਸਿਹਤ ਵਿਭਾਗ ਵੱਲੋਂ ਡਾਕਟਰਾਂ ਸਮੇਤ ਪੈਰਾ ਮੈਡੀਕਲ ਸਟਾਫ਼ ਤੇ ਹੋਰ ਅਮਲੇ ਦੀਆਂ 4000 ਅਸਾਮੀਆਂ ਬਹੁਤ ਜਲਦ ਭਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਭਿਆਨਕ ਮਹਾਮਾਰੀ ਕੋਵਿਡ-19 ਤੋਂ ਬਚਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੇਸ਼ ਭਰ 'ਚ ਸਭ ਤੋਂ ਪਹਿਲਾਂ ਕਾਰਵਾਈ ਕਰਦਿਆਂ ਠੋਸ ਕਦਮ ਚੁੱਕੇ ਅਤੇ ਹੁਣ ਮਿਸ਼ਨ ਫ਼ਤਹਿ ਤਹਿਤ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਵੱਡੀ ਪੱਧਰ 'ਤੇ ਜੰਗ ਲੜੀ ਜਾ ਰਹੀ ਹੈ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਿਸ਼ਨ ਫ਼ਤਹਿ ਦੀ ਸਫ਼ਲਤਾ ਲਈ ਜਿੱਥੇ ਖ਼ੁਦ ਇਹਤਿਆਤ ਵਰਤਣ ਉਥੇ ਹੀ ਦੂਜਿਆਂ ਨੂੰ ਵੀ ਮਾਸਕ ਪਾਉਣ, ਹੱਥ ਧੋਣ, ਕੋਵਾ ਐਪ ਡਾਊਨਲੋਡ ਕਰਨ ਤੇ ਆਪਸੀ ਦੂਰੀ ਰੱਖਣ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਜਲਦ ਹੀ ਸਿਹਤ ਸੇਵਾਵਾਂ ਦਾ ਆਧੁਨਿਕੀਕਰਨ ਕਰ ਕੇ ਕੰਪਿਊਟ੍ਰਾਈਜੇਸ਼ਨ ਕੀਤੀ ਜਾ ਰਹੀ ਹੈ, ਜਿਸ ਤਹਿਤ ਬੈਂਕਿੰਗ ਪ੍ਰਣਾਲੀ ਦੀ ਤਰਜ 'ਤੇ ਲੋਕਾਂ ਨੂੰ ਮੁਫ਼ਤ ਦਵਾਈਆਂ ਦੇਣ ਦਾ ਵਾਅਦਾ ਪੂਰਾ ਕੀਤਾ ਜਾਵੇਗਾ, ਇਸ ਤੋਂ ਇਲਾਵਾ ਪੰਜਾਬ 'ਚ 9 ਟਰੌਮਾ ਸੈਂਟਰ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਰੇ ਹਸਪਤਾਲਾਂ 'ਚ ਨਿੱਜੀ ਭਾਈਵਾਲੀ ਨਾਲ ਸੀਟੀ ਸਕੈਨ ਅਤੇ ਅਲਟਰਾਸਾਊਂਡ ਦੀਆਂ ਸਹੂਲਤਾਂ ਪੀਜੀਆਈ ਤੇ ਏਮਜ ਦੇ ਰੇਟਾਂ 'ਤੇ ਜਲਦ ਸ਼ੁਰੂ ਹੋਣ ਜਾ ਰਹੀਆਂ ਹਨ, ਜਿਸ ਨਾਲ ਸਿਹਤ ਸੇਵਾਵਾਂ 'ਚ ਹੋਰ ਸੁਧਾਰ ਆਵੇਗਾ। ਸਿੱਧੂ ਨੇ ਕਿਹਾ ਕਿ ਪੰਜਾਬ 'ਚ ਸਰਕਾਰੀ ਹਸਪਤਾਲਾਂ 'ਚ ਡਾਕਟਰਾਂ ਦੀ ਘਾਟ ਪੂਰੀ ਕਰਨ ਲਈ 30 ਸਤੰਬਰ 2020 ਤਕ ਡਾਕਟਰਾਂ ਦੀ ਭਰਤੀ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਰਾਹੀਂ ਮੁਕੰਮਲ ਕਰ ਲਈ ਜਾਵੇਗੀ।

ਇਸ ਮੌਕੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਵੀ ਜ਼ਿਲ੍ਹੇ 'ਚ ਸਿਹਤ ਸੇਵਾਵਾਂ ਤੇ ਕੋਵਿਡ-19 ਦੀ ਸਥਿਤੀ ਬਾਰੇ ਚਾਨਣਾ ਪਾਇਆ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਪੀਆਰਟੀਸੀ ਦੇ ਸੀਨੀ. ਵਾਈਸ ਚੇਅਰਮੈਨ ਗੁਰਿੰਦਰ ਸਿੰਘ ਦੂਆ, ਨਿਰਭੈ ਸਿੰਘ ਮਿਲਟੀ ਕੰਬੋਜ਼, ਨਗਰ ਕੌਂਸਲ ਪ੍ਰਧਾਨ ਨਰਿੰਦਰ ਸ਼ਾਸਤਰੀ, ਐੱਸਡੀਐੱਮ ਖੁਸ਼ਦਿਲ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਰਵੀਨ ਪੁਰੀ, ਡੀਐੱਫਪੀਓ ਡਾ. ਜਤਿੰਦਰ ਕਾਂਸਲ, ਐੱਸਈ ਇੰਜ. ਕਰਨਦੀਪ ਸਿੰਘ ਚਾਹਲ, ਐੱਸਐੱਮਓ ਡਾ. ਜਗਪਾਲਇੰਦਰ ਸਿੰਘ, ਸਰਬਜੀਤ ਸਿੰਘ ਮਾਣਕਪੁਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕਿ੍ਸ਼ਨ ਕੁਮਾਰ, ਵਪਾਰ ਮੰਡਲ ਦੇ ਪ੍ਰਧਾਨ ਨਰਿੰਦਰ ਸੋਨੀ ਸ਼ਾਮ ਲਾਲ ਸਮੇਤ ਹਸਪਤਾਲ ਦੇ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ ਹਾਜ਼ਰ ਸੀ।