
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਉਹਨਾਂ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਦੀ ਮਰਯਾਦਾ ਅਤੇ ਪੰਥਕ ਪਰੰਪਰਾਵਾਂ ਨੂੰ ਕਾਇਮ ਰੱਖਣ ਲਈ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੇ ਪਰਿਵਾਰ ’ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

ਨਵਦੀਪ ਢੀਂਗਰਾ, ਪਟਿਆਲਾ: ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੇ ਪਰਿਵਾਰ ’ਤੇ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਵਿਖੇ ਗੁਰੂ ਘਰ ਨਤਮਸਤਕ ਹੋਣ ਦੌਰਾਨ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਖਾਲਸਾ ਪੰਥ ਦੇ ਨਾਂ ਜਾਰੀ ਇੱਕ ਪੱਤਰ ਰਾਹੀਂ ਉਹਨਾਂ ਇਸ ਹਮਲੇ ਨੂੰ ਗੁਰਮਰਯਾਦਾ, ਸਿੱਖੀ ਸਿਧਾਂਤਾਂ ਅਤੇ ਪੰਥਕ ਪਰੰਪਰਾਵਾਂ ਦੇ ਬਿਲਕੁਲ ਉਲਟ ਦੱਸਿਆ ਹੈ।
ਗੁਰੂ ਘਰ ਮੱਥਾ ਟੇਕਣ ਆਏ ਵਿਅਕਤੀ ’ਤੇ ਹਮਲਾ ਸਿੱਖੀ ਸਿਧਾਂਤਾਂ ਦੇ ਖ਼ਿਲਾਫ਼
ਭਾਈ ਰਾਜੋਆਣਾ ਨੇ ਕਿਹਾ ਕਿ ਕੋਈ ਵੀ ਗੁਰੂ ਦਾ ਸਿੱਖ ਗੁਰੂ ਘਰ ਵਿੱਚ ਸ਼ਰਧਾ ਭਾਵਨਾ ਨਾਲ ਨਤਮਸਤਕ ਹੋਣ ਆਏ ਕਿਸੇ ਵੀ ਸ਼ਖ਼ਸ ’ਤੇ ਕਦੇ ਹਮਲਾ ਨਹੀਂ ਕਰਦਾ, ਚਾਹੇ ਉਹ ਕਿੰਨਾ ਵੀ ਵੱਡਾ ਦੁਸ਼ਮਣ ਕਿਉਂ ਨਾ ਹੋਵੇ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਅਤੇ ਬੱਚਿਆਂ ਨਾਲ ਸ਼ਰਧਾ ਨਾਲ ਗੁਰੂ ਘਰ ਅਸ਼ੀਰਵਾਦ ਲੈਣ ਪਹੁੰਚੇ ਸਨ, ਜਿੱਥੇ ਉਹਨਾਂ ’ਤੇ ਇਹ ਕਾਇਰਾਨਾ ਹਮਲਾ ਕੀਤਾ ਗਿਆ। ਇਸ ਘਟਨਾ ਦੀ ਪੂਰੀ ਗੰਭੀਰਤਾ ਨਾਲ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਦਾ ਇਤਿਹਾਸ
ਪੱਤਰ ਵਿੱਚ ਇਤਿਹਾਸ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਹੀ ਸਿੱਖ ਵਿਰੋਧੀ ਤਾਕਤਾਂ ਦੀਆਂ ਅੱਖਾਂ ਵਿੱਚ ਰੜਕਦਾ ਰਿਹਾ ਹੈ। ਅਕਾਲੀ ਦਲ ਨੂੰ ਆਗੂ-ਰਹਿਤ ਅਤੇ ਕਮਜ਼ੋਰ ਕਰਨ ਲਈ ਪਹਿਲਾਂ ਵੀ ਸੰਤ ਹਰਚੰਦ ਸਿੰਘ ਲੌਂਗੋਵਾਲ ਦਾ ਕਤਲ, ਜਥੇਦਾਰ ਜਗਦੇਵ ਸਿੰਘ ਤਲਵੰਡੀ ਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ’ਤੇ ਜਾਨਲੇਵਾ ਹਮਲੇ ਅਤੇ 1991 ਵਿੱਚ 28 ਅਕਾਲੀ ਉਮੀਦਵਾਰਾਂ ਦਾ ਕਤਲ ਕੀਤਾ ਗਿਆ ਸੀ। ਸੁਖਬੀਰ ਬਾਦਲ ’ਤੇ ਹੋ ਰਹੇ ਹਮਲੇ ਵੀ ਇਸੇ ਲੜੀ ਅਤੇ ਸਾਜ਼ਿਸ਼ ਦਾ ਹਿੱਸਾ ਹਨ।
ਵਿਰੋਧੀ ਧਿਰਾਂ ਅਤੇ ਅਖੌਤੀ ਪੰਥਕ ਆਗੂਆਂ ਦੇ ਦੋਹਰੇ ਮਾਪਦੰਡਾਂ ’ਤੇ ਸਵਾਲ
ਉਹਨਾਂ ਵਿਰੋਧੀ ਧਿਰਾਂ ’ਤੇ ਵਰ੍ਹਦਿਆਂ ਕਿਹਾ ਕਿ ਇਸ ਹਮਲੇ ਨੂੰ ਬੇਅਦਬੀ ਦੀਆਂ ਘਟਨਾਵਾਂ ਨਾਲ ਜੋੜ ਕੇ ਪੰਥ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਸਵਾਲ ਚੁੱਕਿਆ ਕਿ ਜੇਕਰ ਅਕਾਲੀ ਸਰਕਾਰ ਸਮੇਂ ਹੋਈਆਂ ਬੇਅਦਬੀਆਂ ਲਈ ਉਸ ਸਮੇਂ ਦੇ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜ਼ਿੰਮੇਵਾਰ ਹਨ, ਤਾਂ ਕਾਂਗਰਸ ਅਤੇ ਮੌਜੂਦਾ ਸਰਕਾਰ ਦੇ ਸਮੇਂ ਹੋਈਆਂ ਬੇਅਦਬੀਆਂ ਲਈ ਕੈਪਟਨ ਅਮਰਿੰਦਰ ਸਿੰਘ, ਚਰਨਜੀਤ ਸਿੰਘ ਚੰਨੀ ਅਤੇ ਭਗਵੰਤ ਮਾਨ ਜ਼ਿੰਮੇਵਾਰ ਕਿਉਂ ਨਹੀਂ? ਉਹਨਾਂ ਅਖੌਤੀ ਪੰਥਕ ਆਗੂਆਂ ਦੇ ਦੋਹਰੇ ਕਿਰਦਾਰ ’ਤੇ ਵੀ ਤਿੱਖੀ ਚੋਟ ਕੀਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕਾਰਵਾਈ ਦੀ ਅਪੀਲ
ਰਾਜੋਆਣਾ ਨੇ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਧਾਰਮਿਕ ਸੇਵਾ ਨਿਭਾਉਣ ਦੌਰਾਨ ਸੁਖਬੀਰ ਬਾਦਲ ’ਤੇ ਹੋਏ ਹਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਸਮੇਂ ਵੀ ਕੋਈ ਠੋਸ ਪੰਥਕ ਕਾਰਵਾਈ ਨਾ ਹੋਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਹਨਾਂ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਦੀ ਮਰਯਾਦਾ ਅਤੇ ਪੰਥਕ ਪਰੰਪਰਾਵਾਂ ਨੂੰ ਕਾਇਮ ਰੱਖਣ ਲਈ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੇ ਪਰਿਵਾਰ ’ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।