ਬੇਮੌਸਮੀ ਬਰਸਾਤ ਤੇ ਤੇਜ਼ ਹਵਾਵਾਂ ਕਾਰਨ ਕਣਕ ਤੇ ਸਰ੍ਹੋ ਦੀ ਫ਼ਸਲ ਨੂੰ ਨੁਕਸਾਨ
ਬੇਮੌਸਮੀ ਬਰਸਾਤ ਅਤੇ ਤੇਜ਼ ਹਵਾਵਾਂ ਕਾਰਨ ਕਣਕ ਤੇ ਸਰੋਂ ਦੀ ਫ਼ਸਲ ਨੂੰ ਨੁਕਸਾਨ
Publish Date: Fri, 20 Mar 2026 06:51 PM (IST)
Updated Date: Fri, 20 Mar 2026 06:55 PM (IST)

ਫੋਟੋ 20ਪੀਟੀਐਲ: 26 ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਘਨੌਰ ਇਲਾਕੇ ਵਿਚ ਬੇਮੌਸਮੀ ਬਰਸਾਤ ਅਤੇ ਤੇਜ਼ ਹਵਾਵਾਂ ਕਾਰਨ ਕਣਕ ਅਤੇ ਸਰ੍ਹੋਂ ਦੀ ਫ਼ਸਲ ਨੂੰ ਨੁਕਸਾਨ ਪਹੁੰਚਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਖੇਤਾਂ ਵਿਚ ਖੜੀ ਕਣਕ ਦੀ ਫ਼ਸਲ ਕਈ ਥਾਵਾਂ ’ਤੇ ਡਿੱਗ ਗਈ ਹੈ, ਜਦਕਿ ਕਈ ਖੇਤਰਾਂ ਵਿਚ ਫ਼ਸਲ ਦੇ ਬੂਟਿਆਂ ’ਤੇ ਪੀਲਾਪਣ ਵੀ ਦਿਖਾਈ ਦੇ ਰਿਹਾ ਹੈ। ਇਸ ਸਥਿਤੀ ਨੂੰ ਦੇਖਦਿਆਂ ਕਿਸਾਨਾਂ ਦੇ ਚਿਹਰਿਆਂ ’ਤੇ ਚਿੰਤਾ ਤੇ ਨਿਰਾਸ਼ਾ ਸਾਫ਼ ਨਜ਼ਰ ਆ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਦੌਰਾਨ ਮੌਸਮ ਵਿਚ ਆਏ ਅਚਾਨਕ ਬਦਲਾਅ, ਤੇਜ਼ ਹਵਾਵਾਂ ਅਤੇ ਬੇਮੌਸਮੀ ਬਰਸਾਤ ਕਾਰਨ ਫ਼ਸਲ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਕਈ ਖੇਤਾਂ ਵਿਚ ਕਣਕ ਦੇ ਬੂਟੇ ਡਿੱਗ ਜਾਣ ਕਾਰਨ ਦਾਣਾ ਭਰਨ ਦੀ ਪ੍ਰਕਿਰਿਆ ’ਤੇ ਵੀ ਅਸਰ ਪਵੇਗਾ, ਜਿਸ ਨਾਲ ਪੈਦਾਵਾਰ ਘਟਣ ਦਾ ਖ਼ਤਰਾ ਬਣ ਗਿਆ ਹੈ। ਇਸੇ ਤਰ੍ਹਾਂ ਸਰੋਂ ਦੀ ਫ਼ਸਲ ’ਤੇ ਵੀ ਮਾੜਾ ਪ੍ਰਭਾਵ ਪਿਆ ਹੈ ਅਤੇ ਕਈ ਥਾਵਾਂ ’ਤੇ ਫਲੀਆਂ ਝੜ ਗਈਆਂ। ਇਲਾਕੇ ਦੇ ਕਿਸਾਨਾਂ ਨੇ ਦੱਸਿਆ ਕਿ ਜੇਕਰ ਮੌਸਮ ਇਸੇ ਤਰ੍ਹਾਂ ਅਸਥਿਰ ਰਿਹਾ ਤਾਂ ਆਉਣ ਵਾਲੇ ਦਿਨਾਂ ਵਿੱਚ ਫ਼ਸਲ ਨੂੰ ਹੋਰ ਵੱਧ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਪਹਿਲਾਂ ਹੀ ਖੇਤੀਬਾੜੀ ਦੇ ਖਰਚੇ ਵਧੇ ਹੋਏ ਹਨ ਅਤੇ ਜੇਕਰ ਫ਼ਸਲ ਨੂੰ ਨੁਕਸਾਨ ਹੁੰਦਾ ਹੈ ਤਾਂ ਕਿਸਾਨਾਂ ਲਈ ਵੱਡੀ ਆਰਥਿਕ ਮੁਸ਼ਕਲ ਖੜੀ ਹੋ ਸਕਦੀ ਹੈ। ਕਿਸਾਨਾਂ ਨੇ ਸਰਕਾਰ ਤੇ ਖੇਤੀਬਾੜੀ ਵਿਭਾਗ ਤੋਂ ਮੰਗ ਕੀਤੀ ਹੈ ਕਿ ਮਾਹਿਰਾਂ ਦੀਆਂ ਟੀਮਾਂ ਪਿੰਡਾਂ ਵਿੱਚ ਭੇਜ ਕੇ ਖੇਤਾਂ ਦਾ ਜਾਇਜ਼ਾ ਲਿਆ ਜਾਵੇ ਅਤੇ ਕਿਸਾਨਾਂ ਨੂੰ ਸਹੀ ਸਲਾਹ ਦਿੱਤੀ ਜਾਵੇ ਤਾਂ ਜੋ ਫ਼ਸਲ ਨੂੰ ਹੋਰ ਨੁਕਸਾਨ ਤੋਂ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਕਿਸਾਨਾਂ ਨੇ ਮੰਗ ਕੀਤੀ ਕਿ ਜਿੱਥੇ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ ਉਥੇ ਸਰਕਾਰ ਵੱਲੋਂ ਮੁਆਵਜ਼ਾ ਵੀ ਦਿੱਤਾ ਜਾਵੇ।ਦੂਜੇ ਪਾਸੇ ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਕਿਸਾਨ ਸਮੇਂ ਸਿਰ ਫ਼ਸਲ ਦੀ ਦੇਖਭਾਲ ਕਰਨ ਅਤੇ ਲੋੜ ਅਨੁਸਾਰ ਦਵਾਈਆਂ ਅਤੇ ਖਾਦਾਂ ਦੀ ਵਰਤੋਂ ਕਰਨ ਤਾਂ ਨੁਕਸਾਨ ਨੂੰ ਕੁਝ ਹੱਦ ਤੱਕ ਘਟਾਇਆ ਜਾ ਸਕਦਾ ਹੈ। ਮਾਹਿਰਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਖੇਤਾਂ ਦੀ ਨਿਯਮਿਤ ਜਾਂਚ ਕਰਦੇ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਜਾਂ ਕੀੜੇ ਦੇ ਹਮਲੇ ਦੀ ਸਥਿਤੀ ਵਿਚ ਤੁਰੰਤ ਖੇਤੀ ਮਾਹਿਰਾਂ ਨਾਲ ਸੰਪਰਕ ਕਰਨ।