- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ: ਬਰਸਟ

ਪੱਤਰ ਪ੍ਰੇਕਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਆਗਾਜ਼ ਕਰ ਦਿੱਤਾ ਗਿਆ ਹੈ ਅਤੇ ਇਹ ਪਹਿਲ ਸੂਬੇ ਦੇ ਸਿਹਤ ਖੇਤਰ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ, ਪੰਜਾਬ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਪਟਿਆਲਾ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੇ ਪੀਆਰਟੀਸੀ ਦੇ ਨਵ ਨਿਯੁਕਤ ਚੇਅਰਮੈਨ ਹਰਪਾਲ ਜੁਨੇਜਾ ਨੂੰ ਵਧਾਇਆਂ ਦਿੱਤੀਆਂ ਅਤੇ ਲੋਕ ਹਿੱਤ ਵਿੱਚ ਕੰਮ ਕਰਨ ਲਈ ਪ੍ਰੇਰਿਤ ਕੀਤਾ। ਲੋਕ ਮਿਲਣੀ ਪ੍ਰੋਗਰਾਮ ਦੌਰਾਨ ਹਰਚੰਦ ਸਿੰਘ ਬਰਸਟ ਵੱਲੋਂ ਪਟਿਆਲਾ ਦਫ਼ਤਰ ਵਿਖੇ ਵੱਡੀ ਗਿਣਤੀ ਵਿੱਚ ਆਏ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਨੇ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੇ ਪਹੁੰਚੇ ਸਰਪੰਚਾਂ ਅਤੇ ਹੋਰ ਖੇਤਰਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਮੌਕੇ ’ਤੇ ਉਨ੍ਹਾਂ ਦਾ ਹੱਲ ਕੀਤਾ ਗਿਆ। ਬਰਸਟ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਸਰਕਾਰ ਤੇ ਲੋਕਾਂ ਦਰਮਿਆਨ ਸਿੱਧਾ ਰਾਬਤਾ ਕਾਇਮ ਹੁੰਦਾ ਹੈ। ਇਸ ਤਰ੍ਹਾਂ ਦੇ ਪ੍ਰੋਗਰਾਮਾਂ ਰਾਹੀਂ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਯਕੀਨ ਦਿਵਾਇਆ ਕਿ ਲੋਕਾਂ ਨੂੰ ਕਿਸੇ ਕਿਸਮ ਦੀਆਂ ਮੁਸ਼ਕਿਲਾਂ ਪੇਸ਼ ਨਹੀਂ ਆਉਣ ਦਿੱਤੀਆਂ ਜਾਣਗੀਆਂ ਅਤੇ ਭਵਿੱਖ ਵਿੱਚ ਵੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਜਿਹੇ ਲੋਕ ਮਿਲਣੀ ਪ੍ਰੋਗਰਾਮ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ´ ਦਾ ਤੋਹਫਾ ਦਿੱਤਾ ਗਿਆ ਹੈ, ਜਿਸ ਦੇ ਤਹਿਤ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤਕ ਦਾ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਹਰ ਨਾਗਰਿਕ ਤਕ ਚੰਗੀਆਂ ਸਿਹਤ ਸੇਵਾਵਾਂ ਪਹੁੰਚਾਉਣ ਲਈ ਅਹਿਮ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਵਚਨਬੱਧ ਹੈ। ਇਸ ਮੌਕੇ ਪਰਗਟ ਸਿੰਘ ਸਰਪੰਚ ਢੱਕੜਬਾ, ਰਾਜਵੀਰ ਸਿੰਘ ਸਰਪੰਚ ਬਲਮਗੜ੍ਹ, ਸਤਗੁਰ ਸਿੰਘ ਸਰਪੰਚ ਤਰੋੜਾ ਕਲਾਂ, ਸ਼ਾਮ ਲਾਲ ਦੱਤ, ਡਾ. ਕੇਕੇ ਜੌਹਰੀ, ਹਜੂਰੀ ਲਾਲ ਜੌਹਰੀ, ਪ੍ਰੇਮ ਸਿੰਘ ਨੰਬਰਦਾਰ, ਕਰਮ ਸਿੰਘ, ਸੁਖਪਾਲ ਸਿੰਘ, ਜਗਵਿੰਦਰ ਸਿੰਘ, ਅਮਿਤ ਬਾਂਸਲ, ਅਨਿਲ ਕੁਮਾਰ, ਅਸ਼ੋਕ ਕੁਮਾਰ, ਗੁਰਵੀਰ ਸਿੰਘ, ਰਫੀਕ ਮੁਹੰਮਦ, ਮਘੱਰ ਸਿੰਘ ਆਦਿ ਮੌਜੂਦ ਸਨ।