- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਇਆ: ਹਰਪਾਲ ਚੀਮਾ

ਮਹਿੰਦਰਪਾਲ ਬੱਬੀ, ਪੰਜਾਬੀ ਜਾਗਰਣ, ਭਾਦਸੋਂ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਿੱਖਿਆ ਦੇ ਖੇਤਰ ’ਚ ਸੂਬੇ ਨੂੰ ਦੇਸ਼ ਦੇ ਮੋਹਰੀ ਰਾਜਾਂ ਵਿਚ ਸ਼ਾਮਲ ਕੀਤਾ ਹੈ ਉਹ ਸਕੂਲ ਆਫ਼ ਐਮੀਨੈਂਸ ਭਾਦਸੋਂ ਵਿਖੇ ਕਰਤਾਰ ਕੰਬਾਇਨ ਐਂਡ ਟਰੈਕਟਰਜ਼ ਇੰਡਸਟਰੀ ਵੱਲੋਂ 1.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਦੌਲਤ ਸਿੰਘ ਲੋਟੇ ਮੈਮੋਰੀਅਲ ਸਪੋਰਟਸ ਕੰਪਲੈਕਸ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਇਸ ਮੌਕੇ ਕਰਤਾਰ ਐਗਰੋ ਦੇ ਐਮਡੀ ਤੇ ਚੇਅਰਮੈਨ ਅਮਰਜੀਤ ਸਿੰਘ ਲੋਟੇ ਵੀ ਮੌਜੂਦ ਸਨ। ਵਿੱਤ ਮੰਤਰੀ ਨੇ ਕਰਤਾਰ ਐਗਰੋ ਵੱਲੋਂ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਅਤੇ ਸਿਹਤ ਨੂੰ ਮੁੱਖ ਤਰਜੀਹ ਦਿੱਤੀ ਹੈ, ਜਿਸ ਦੇ ਨਤੀਜੇ ਸਾਹਮਣੇ ਆ ਰਹੇ ਹਨ। ਇਸ ਸਾਲ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ, 361 ਨੇ ਜੇਈਈ ਮੇਨਜ਼ ਤੇ 64 ਵਿਦਿਆਰਥੀਆਂ ਨੇ ਜੇਈਈ ਐਡਵਾਂਸ ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ, ਜਿਸ ਨੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫਿਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਹੈ। ਚੀਮਾ ਨੇ ਕਿਹਾ ਕਿ ਸੂਬੇ ਵਿੱਚ 3000 ਤੋਂ ਵੱਧ ਖੇਡ ਮੈਦਾਨ ਬਣਾਏ ਗਏ ਹਨ। ਭਾਦਸੋਂ ਦਾ ਇਹ ਨਵਾਂ ਖੇਡ ਕੰਪਲੈਕਸ ਵੀ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਕਰਤਾਰ ਐਗਰੋ ਦੇ ਡਾਇਰੈਕਟਰ ਹਰਵਿੰਦਰ ਸਿੰਘ ਲੋਟੇ, ਹਰਮੀਤ ਸਿੰਘ ਲੋਟੇ, ਮਨਜੀਤ ਸਿੰਘ ਲੋਟੇ, ਮਨਪ੍ਰੀਤ ਸਿੰਘ ਲੋਟੇ, ਸੁਖਦੇਵ ਸਿੰਘ ਲੋਟੇ, ਇੰਦਰਜੀਤ ਸਿੰਘ ਲੋਟੇ, ਫੀਕੋ ਪ੍ਰਧਾਨ ਗੁਰਮੀਤ ਸਿੰਘ ਕੁਲਾਰ, ਸਕੂਲ ਪ੍ਰਿੰਸੀਪਲ ਪ੍ਰੀਤਿੰਦਰ ਘਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਣਾ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ, ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਅਮਰਜੀਤ ਸਿੰਘ ਲੋਟੇ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।