ਨਵਦੀਪ ਢੀਂਗਰਾ, ਪਟਿਆਲਾ : ਨੇੜਲੇ ਪਿੰਡ ਕਲਿਆਣ ਵਿਖੇ ਸਥਿਤ ਗੁਰਦੁਆਰਾ ਹਰਦਾਸਪੁਰਾ ਸਾਹਿਬ 'ਚੋਂ ਪੁਰਾਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੁਰਾਤਨ ਸਰੂਪ ਚੋਰੀ ਹੋਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਟੀਮ ਸਮੇਤ ਗੁਰਦੁਆਰੇ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਗੁਰਦੁਆਰਾ ਕਮੇਟੀ ਅਤੇ ਕੁਝ ਪਿੰਡ ਵਾਸੀਆਂ ਨਾਲ ਕਰੀਬ ਦੋ ਘੰਟੇ ਤਕ ਵਿਚਾਰ ਚਰਚਾ ਕੀਤੀ ਗਈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਕਿਹਾ ਕਿ ਪੰਜਾਬ 'ਚ ਅਜਿਹੀਆਂ ਦੁਖਦਾਈ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੂੰ ਵੀ ਸਖ਼ਤੀ ਕਰਨ ਦੀ ਲੋੜ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਭਾਈ ਲੌਂਗੋਵਾਲ ਨੇ ਕਿਹਾ ਕਿ ਪਿੰਡ ਕਲਿਆਣ ਦੇ ਗੁਰਦੁਆਰਾ ਸਾਹਿਬ 'ਚ ਬਹੁਤ ਹੀ ਛੋਟੇ ਆਕਾਰ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੁਰਾਤਨ ਸਰੂਪ ਚੋਰੀ ਹੋਣ ਕਾਰਨ ਸਮੂਹ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਇਸ ਮਾਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਦੀ ਅਗਵਾਈ ਹੇਠਲੀ ਟੀਮ ਵੱਲੋਂ ਬੀਤੇ ਦਿਨ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਗਈ ਹੈ ਅਤੇ ਰਿਪੋਰਟ ਕੱਲ੍ਹ ਤਕ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਪੇਸ਼ ਕੀਤੀ ਜਾਵੇਗੀ।

ਭਾਈ ਲੌਂਗੋਵਾਲ ਨੇ ਕਿਹਾ ਕਿ ਪਾਵਨ ਤੇ ਪੁਰਾਤਨ ਸਰੂਪ ਚੋਰੀ ਹੋਣ ਦਾ ਮਾਮਲਾ ਅਤਿ ਗੰਭੀਰ ਹੈ। ਇਸ ਲਈ ਪੁਲਿਸ ਪ੍ਰਸ਼ਾਸਨ ਨੂੰ ਵੀ ਮਾਮਲੇ ਦੀ ਬਾਰੀਕੀ ਨਾਲ ਪੜਤਾਲ ਕਰਨ ਦੀ ਲੋੜ ਹੈ।

Posted By: Seema Anand