- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਹਿਕਾਰੀ ਸਭਾਵਾਂ ਦੇ ਕਰਜ਼ਿਆਂ ਦੀ ਰਕਮ, ਵਿਆਜ ਦਰਾਂ ਅਤੇ ਸ਼ਰਤਾਂ ਵਿੱਚ ਤਬਦੀਲੀਆਂ ਦੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਨਿਖੇਧੀ

ਫੋਟੋ 25ਪੀਟੀਐਲ: 12: ਸਭੁਪਿੰਦਰ ਲਵਲੀ, ਪੰਜਾਬੀ ਜਾਗਰਣ, ਬਲਬੇੜਾ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜ਼ੋਰਾਵਰ ਸਿੰਘ ਬਲਬੇੜਾ ਨੇ ਸਹਿਕਾਰੀ ਸਭਾਵਾਂ ਦੇ ਕਰਜ਼ਿਆਂ ਦੀ ਰਕਮ, ਵਿਆਜ ਦਰਾਂ, ਕਰਜ਼ਾ ਲੈਣ ਦੀਆਂ ਸ਼ਰਤਾਂ ਤੇ ਕਰਜ਼ਾ ਮੁਆਫ਼ੀ ਸਬੰਧੀ ਕੀਤੀਆਂ ਗਈਆਂ ਤਬਦੀਲੀਆਂ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹੇ ਫ਼ੈਸਲੇ ਲੈਣ ਸਮੇਂ ਕਿਸਾਨਾਂ ਦੀ ਆਰਥਿਕ ਹਾਲਤ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਕਿਸਾਨਾਂ ਨੂੰ ਖੇਤੀਬਾੜੀ ਲਈ ਕਰਜ਼ਾ ਮੁਹੱਈਆ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਪਰ ਕਰਜ਼ੇ ਦੀ ਰਕਮ, ਵਿਆਜ ਦਰਾਂ ਤੇ ਕਰਜ਼ਾ ਲੈਣ ਦੀਆਂ ਸ਼ਰਤਾਂ ਵਿਚ ਤਬਦੀਲੀਆਂ ਕਿਸਾਨਾਂ ’ਤੇ ਵਾਧੂ ਆਰਥਿਕ ਬੋਝ ਪਾ ਸਕਦੀਆਂ ਹਨ। ਇਸੇ ਤਰ੍ਹਾਂ ਕਰਜ਼ਾ ਮੁਆਫ਼ੀ ਸਬੰਧੀ ਨਿਯਮਾਂ ਵਿੱਚ ਤਬਦੀਲੀਆਂ ਵੀ ਕਿਸਾਨਾਂ ਦੀਆਂ ਉਮੀਦਾਂ ਅਤੇ ਆਰਥਿਕ ਯੋਜਨਾਵਾਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਖੇਤੀਬਾੜੀ ਦੀਆਂ ਵਧਦੀਆਂ ਲਾਗਤਾਂ, ਖਾਦਾਂ ਦੀਆਂ ਕੀਮਤਾਂ ਤੇ ਫ਼ਸਲਾਂ ਦੀ ਵਿਕਰੀ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਕਿਸਾਨ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਸਮੇਂ ਕਿਸਾਨਾਂ ਨੂੰ ਰਾਹਤ ਦੇਣ ਦੀ ਲੋੜ ਹੈ, ਨਾ ਕਿ ਉਨ੍ਹਾਂ ਉੱਤੇ ਹੋਰ ਆਰਥਿਕ ਬੋਝ ਪਾਇਆ ਜਾਵੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਹਿਕਾਰੀ ਸਭਾਵਾਂ ਦੇ ਕਰਜ਼ਿਆਂ ਸਬੰਧੀ ਕੀਤੀਆਂ ਤਬਦੀਲੀਆਂ ਦੀ ਮੁੜ ਸਮੀਖਿਆ ਕੀਤੀ ਜਾਵੇ, ਕਰਜ਼ੇ ਦੀ ਰਕਮ ਅਤੇ ਵਿਆਜ ਦਰਾਂ ਸਬੰਧੀ ਕਿਸਾਨਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ ਜਾਵੇ ਅਤੇ ਕਰਜ਼ਾ ਲੈਣ ਦੀਆਂ ਸ਼ਰਤਾਂ ਨੂੰ ਸਰਲ ਬਣਾਇਆ ਜਾਵੇ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਇਨ੍ਹਾਂ ਮਸਲਿਆਂ ਦਾ ਹੱਲ ਕੱਢਿਆ ਜਾਵੇ, ਤਾਂ ਜੋ ਕਿਸਾਨਾਂ ਨੂੰ ਸਹਿਕਾਰੀ ਕਰਜ਼ਿਆਂ ਸਬੰਧੀ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ।