ਪੱਤਰ ਪੇ੍ਰਕ, ਫ਼ਤਹਿਗੜ੍ਹ ਸਾਹਿਬ : ਰਾਸ਼ਟਰੀਆ ਵਾਲਮੀਕਿ ਸਭਾ ਵੱਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ 63ਵਾਂ ਪ੍ਰਰੀਨਿਰਵਾਣ ਦਿਵਸ ਚੇਅਰਮੈਨ ਕੁਲਦੀਪ ਸਿੰਘ ਸਹੋਤਾ ਦੀ ਅਗਵਾਈ ਵਿਚ ਮਨਾਇਆ ਗਿਆ। ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਚਨਾਰਥਲ ਅਤੇ ਹਲਕੇ ਦੇ ਮੁੱਖ ਸੇਵਾਦਾਰ ਅਤੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਮੁੱਖ ਮਹਿਮਾਨ ਵਜੋਂ, ਜਦਕਿ ਨਗਰ ਕੌਂਸਲ ਸਰਹਿੰਦ ਦੇ ਪ੍ਰਧਾਨ ਸ਼ੇਰ ਸਿੰਘ, ਹਰਵਿੰਦਰ ਸਿੰਘ ਰੌਣੀ ਪ੍ਰਧਾਨ ਐੱਸਸੀ/ਬੀਸੀ ਇੰਪਲਾਈਜ਼ ਫੈਡਰੇਸ਼ਨ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਸਵਰਨ ਸਿੰਘ ਚਨਾਰਥਲ ਅਤੇ ਸਾਬਕਾ ਵਿਧਾਇਕ ਭੱਟੀ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੇ ਸਮਾਜ ਲਈ ਅਣਥੱਕ ਮਿਹਨਤ ਕੀਤੀ ਹੈ ਅਤੇ ਬੇਸ਼ੁਮਾਰ ਅਧਿਕਾਰ ਦਿਵਾਏ ਹਨ, ਜਿਸ ਕਾਰਨ ਉਨ੍ਹਾਂ ਦਾ ਦੇਣ ਨਹੀਂ ਦਿੱਤਾ ਜਾ ਸਕਦਾ। ਦੇਸ਼ਵਾਸੀਆਂ ਨੂੰ ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚੱਲਦਿਆਂ ਜੀਵਨ ਬਤੀਤ ਕਰਨਾ ਚਾਹੀਦਾ ਹੈ, ਇਹੀ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਕੁਲਦੀਪ ਸਹੋਤਾ ਨੇ ਕਿਹਾ ਕਿ ਕਿਸੇ ਮੁਕਾਮ ਨੂੰ ਹਾਸਲ ਕਰਨ ਲਈ ਪੜ੍ਹੋ, ਜੁੜੋ ਸੰਘਰਸ਼ ਕਰੋ ਕਥਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸ ਲਈ ਇਹ ਤਾਂ ਸਾਫ ਹੀ ਹੈ ਕਿ ਸਮਾਜ ਵਿਚ ਬਰਾਬਰੀ ਲਈ ਸਿੱਖਿਅਤ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਖਿਅਤ ਸਮਾਜ ਹੀ ਦੇਸ਼ ਨੂੰ ਤਰੱਕੀ ਦੇ ਰਸਤੇ 'ਤੇ ਤੋਰ ਸਕਦਾ ਹੈ। ਸਾਨੂੰ ਸਾਰਿਆਂ ਨੂੰ ਭਾਰਤ ਰਤਨ ਬਾਬਾ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਦੇ ਹੋਏ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਆਏ ਮਹਿਮਾਨਾਂ ਦਾ ਸਭਾ ਵਲੋਂ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਰਘਵੀਰ ਸਿੰਘ ਬਡਲਾ, ਜ਼ਿਲ੍ਹਾ ਪ੍ਰਧਾਨ ਰਜਿੰਦਰ ਕੁਮਾਰ ਗੋਗੀ, ਧਰਮਪਾਲ ਸਹੋਤਾ, ਬਿਕਰਮਜੀਤ ਸਿੰਘ ਜ਼ਿਲ੍ਹਾ ਯੂਥ ਪ੍ਰਧਾਨ, ਹਰਦੀਪ ਦੌਣ ਕਲਾਂ, ਸ਼ਮਸ਼ੇਰ ਨੂਰਖੇੜੀਆਂ, ਮਲਕੀਤ ਸਿੰਘ, ਗੁਰਵਿੰਦਰ ਬੀੜਮਾਨ, ਕਾਲਾ ਸ਼ੇਰ ਮਾਜਰਾ, ਕੁਲਵੰਤ ਸਿੰਘ ਲੁਹਾਰ ਮਾਜਰਾ, ਕੁਲਦੀਪ ਸਿੰਘ, ਹਰਜਿੰਦਰ ਸਿੰਘ, ਤਰਸੇਮ ਲਾਲ ਆਦਿ ਮੌਜੂਦ ਸਨ।