ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਲੜੀਵਾਰ ਭੁੱਖ ਹੜਤਾਲ ਜਾਰੀ
ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਲੜੀਵਾਰ ਭੁੱਖ ਹੜਤਾਲ ਤੀਸਰੇ ਦਿਨ ਵੀ ਜਾਰੀ
Publish Date: Sat, 03 Jan 2026 08:58 PM (IST)
Updated Date: Sat, 03 Jan 2026 08:59 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਸਾਂਝੇ ਥੜੇ ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਐਂਡ ਟ੍ਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ (ਸਬੰਧਿਤ ਏਟਕ) ਅਤੇ ਪੈਨਸ਼ਨਰ ਵੈੱਲਫੇਅਰ ਫੈੱਡਰੇਸ਼ਨ (ਪਹਿਲਵਾਨ) ਨਾਲ ਸਬੰਧਿਤ 14 ਆਗੂਆਂ ਨੇ ਪੰਜਾਬ ਸਰਕਾਰ ਦੀ ਪਾਵਰ ਸੈਕਟਰ ਵਿਰੋਧੀ ਨੀਤੀ ਅਤੇ ਬਿਜਲੀ ਨਿਗਮ ਦੀਆਂ ਜਾਇਦਾਦਾਂ ਵੇਚਣ ਖ਼ਿਲਾਫ਼ ਤੀਸਰੇ ਦਿਨ ਪਾਵਰਕਾਮ ਦੇ ਮੁੱਖ ਦਫਤਰ ਸਾਹਮਣੇ 24 ਘੰਟੇ ਦੀ ਲੜੀਵਾਰ ਭੁੱਖ ਹੜਤਾਲ ਰੱਖ ਕੇ ਪੰਜਾਬ ਸਰਕਾਰ ਅਤੇ ਬਿਜਲੀ ਮੰਤਰੀ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਪੰਜਾਬ ਸਰਕਾਰ ਦੀਆਂ ਅਦਾਰੇ ਨੂੰ ਤਬਾਹ ਕਰਨ ਵਾਲੀਆਂ ਘਟੀਆ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਇਸ ਭੁੱਖ ਹੜਤਾਲੀ ਕੈਂਪ ਵਿੱਚ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਹੱਕੀ ਸੰਘਰਸ਼ ਦੀ ਡਟਵੀਂ ਹਮਾਇਤ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਪੰਜਾਬ ਸਰਕਾਰ ਦੇ ਘਟੀਆ ਵਤੀਰੇ ਦੀ ਨਿਖੇਧੀ ਕੀਤੀ। ਇਸ ਮੌਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਹਰਪਾਲ ਸਿੰਘ, ਬਲਦੇਵ ਸਿੰਘ ਮੰਢਾਲੀ, ਕੁਲਵਿੰਦਰ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋਂ, ਮਨਜੀਤ ਸਿੰਘ ਚਾਹਲ, ਜਰਨੈਲ ਸਿੰਘ, ਬੀਐੱਸ ਸੇਖੋਂ, ਕਰਮਜੀਤ ਸਿੰਘ ਪਟਿਆਲਾ, ਜਗਤਾਰ ਸਿੰਘ, ਰਾਜਵੀਰ ਸਿੰਘ, ਨਿਰਮਲ ਕੁਮਾਰ, ਕਮਲਜੀਤ ਮੋਹਾਰਖਿਵਾ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਬਿਜਲੀ ਨਿਗਮ ਦੀਆਂ ਵੱਡੇ ਅਕਾਰ ਦੀਆਂ ਬੇਸ਼ਕੀਮਤੀ ਜਾਇਦਾਦਾਂ ਵੇਚ ਕੇ ਪਬਲਿਕ ਸੈਕਟਰ ਦੇ ਇਸ ਮਹੱਤਵਪੂਰਨ ਅਦਾਰੇ ਦਾ ਦੀਵਾਲਾ ਕੱਢਣਾ ਚਾਹੁੰਦੀ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਤੀਸਰੇ ਦਿਨ ਬਹੁਤ ਹੀ ਉਤਸ਼ਾਹ ਨਾਲ 11 ਆਗੂਆਂ ਦੀ ਬਜਾਏ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ 14 ਆਗੂ ਲਖਵੰਤ ਸਿੰਘ ਦਿਓਲ, ਦਵਿੰਦਰ ਸਿੰਘ ਰੋਪੜ, ਦਲੀਪ ਕੁਮਾਰ, ਗੁਰਮੇਲ ਸਿੰਘ ਨਾਹਰ, ਹਰਪ੍ਰੀਤ ਸਿੰਘ ਗਰੇਵਾਲ, ਅਵਤਾਰ ਸਿੰਘ, ਸੁਖਰਾਜ ਸਿੰਘ, ਜਗਜੀਤ ਸਿੰਘ ਮੱਤੀ, ਲਖਵੀਰ ਸਿੰਘ, ਦੀਪਕ, ਸਤਰੂਘਨ, ਰਾਜਪਾਲ ਸਿੰਘ, ਰਾਜਿੰਦਰ ਸਿੰਘ, ਹਰਵਿੰਦਰ ਸਿੰਘ ਸੇਖੋਂ 24 ਘੰਟੇ ਲਈ ਲੜੀਵਾਰ ਭੁੱਖ ਹੜਤਾਲ ’ਤੇ ਬੈਠੇ।