ਦੋ ਨੌਜਵਾਨ 150 ਕਿਲੋ ਭੁੱਕੀ ਚੂਰਾ ਸਮੇਤ ਕਾਬੂ
ਦੋ ਨੌਜਵਾਨ 150 ਕਿਲੋ ਭੁੱਕੀ ਚੂਰਾ ਸਮੇਤ ਕਾਬੂ
Publish Date: Sat, 07 Feb 2026 06:39 PM (IST)
Updated Date: Sun, 08 Feb 2026 04:08 AM (IST)

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ੇ ਵਿਰੁੱਧ ਤਹਿਤ ਸ਼ੁਤਰਾਣਾ ਪੁਲਿਸ ਨੇ ਕਾਰ ਸਵਾਰ ਦੋ ਨੌਜਵਾਨਾਂ ਨੂੰ 150 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਵਾਸੀ ਪਿੰਡ ਦਿਲਾਵਰਪੁਰ ਅਤੇ ਬਲਵੀਰ ਸਿੰਘ ਵਾਸੀ ਪਿੰਡ ਮੁਰਾਦਪੁਰਾ ਵਜੋਂ ਹੋਈ ਹੈ। ਪਾਤੜਾਂ ਪੁਲਿਸ ਦੇ ਡੀ.ਐਸ.ਪੀ. ਇੰਦਰਪਾਲ ਸਿੰਘ ਚੌਹਾਨ ਅਨੁਸਾਰ, ਸ਼ੁਤਰਾਣਾ ਥਾਣਾ ਇੰਚਾਰਜ ਸਬ-ਇੰਸਪੈਕਟਰ ਜਸਪਾਲ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸ਼ੁਤਰਾਣਾ ਨੇੜੇ ਲਿੰਕ ਰੋਡ ਤੇ ਮੌਜੂਦ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਦਿੱਲੀ ਨੰਬਰ ਦੀ ਇੱਕ ਕਰੇਟਾ ਕਾਰ ਨੂੰ ਸ਼ੱਕ ਦੇ ਆਧਾਰ ਤੇ ਰੋਕਿਆ ਗਿਆ। ਤਲਾਸ਼ੀ ਦੌਰਾਨ ਕਾਰ ਵਿੱਚ ਰੱਖੇ ਪਲਾਸਟਿਕ ਦੇ 6 ਥੈਲਿਆਂ ਵਿੱਚੋਂ ਦੂਜੇ ਰਾਜ ਤੋਂ ਤਸਕਰੀ ਕਰਕੇ ਲਿਆਂਦੀ ਜਾ ਰਹੀ 150 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਤੇ ਪੁਲਿਸ ਪਾਰਟੀ ਨੇ ਦੋਵਾਂ ਕਾਰ ਸਵਾਰਾਂ ਨੂੰ ਹਿਰਾਸਤ ’ਚ ਲੈ ਲਿਆ। ਅਧਿਕਾਰੀ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲੇ ਦਰਜ ਹਨ। ਪੁਲਿਸ ਨੇ ਮੁਲਜ਼ਮਾਂ ਨੂੰ ਸਮਾਣਾ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰਨ ਉਪਰੰਤ ਆਪਣੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।