ਪ੍ਰੋ . ਚੰਦੂਮਾਜਰਾ ਦੇ ਪੁੱਤ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਨੇ ਵੀ ਛੱਡਿਆ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਸਮਰਥਕਾਂ ਸਮੇਤ ਪਾਰਟੀ ਤੋਂ ਅਸਤੀਫਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਇਕ ਹੋਰ ਵੱਡਾ ਸਿਆਸੀ ਝਟਕਾ ਲੱਗਾ ਹੈ। ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪਾਰਟੀ ਤੋਂ ਵੱਖ ਹੋਣ ਦੇ ਫ਼ੈਸਲੇ ਦੇ ਇਕ ਦਿਨ ਬਾਅਦ, ਹੁਣ ਉਨ੍ਹਾਂ ਦੇ ਸਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਆਪਣੇ ਸਮਰਥਕਾਂ ਸਮੇਤ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਵੀਰਵਾਰ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਪਟਿਆਲਾ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਵਿਧਾਨ ਸਭਾ ਹਲਕਾ ਸਨੌਰ ਦੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਸਮੂਹਿਕ ਤੌਰ 'ਤੇ ਪਾਰਟੀ ਤੋਂ ਵੱਖ ਹੋਣ ਦਾ ਐਲਾਨ ਕੀਤਾ।
Publish Date: Thu, 05 Nov 2026 01:20 PM (IST)
Updated Date: Thu, 05 Nov 2026 02:14 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਇਕ ਹੋਰ ਵੱਡਾ ਸਿਆਸੀ ਝਟਕਾ ਲੱਗਾ ਹੈ। ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪਾਰਟੀ ਤੋਂ ਵੱਖ ਹੋਣ ਦੇ ਫ਼ੈਸਲੇ ਦੇ ਇਕ ਦਿਨ ਬਾਅਦ, ਹੁਣ ਉਨ੍ਹਾਂ ਦੇ ਸਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਆਪਣੇ ਸਮਰਥਕਾਂ ਸਮੇਤ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਵੀਰਵਾਰ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਪਟਿਆਲਾ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਵਿਧਾਨ ਸਭਾ ਹਲਕਾ ਸਨੌਰ ਦੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਸਮੂਹਿਕ ਤੌਰ 'ਤੇ ਪਾਰਟੀ ਤੋਂ ਵੱਖ ਹੋਣ ਦਾ ਐਲਾਨ ਕੀਤਾ।
ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਾਰਟੀ ਤੋਂ ਵੱਖ ਹੋਣ ਦਾ ਫ਼ੈਸਲਾ ਵਰਕਰਾਂ ਦੀਆਂ ਭਾਵਨਾਵਾਂ ਅਤੇ ਸੁਝਾਵਾਂ ਨੂੰ ਧਿਆਨ ਵਿਚ ਰੱਖ ਕੇ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਚੰਦੂਮਾਜਰਾ ਦਾ ਸਿਆਸੀ ਜੀਵਨ ਪੰਜਾਬ ਦੇ ਸੰਘਰਸ਼ਾਂ ਅਤੇ ਪੰਥਕ ਮੁੱਦਿਆਂ ਨੂੰ ਸਮਰਪਿਤ ਰਿਹਾ ਹੈ। ਵਿਦਿਆਰਥੀ ਜੀਵਨ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਨੇ ਪੰਜਾਬ ਦੇ ਹੱਕਾਂ ਦੀ ਲੜਾਈ ਵਿਚ ਅਹਿਮ ਭੂਮਿਕਾ ਨਿਭਾਈ ਹੈ। ਐਮਰਜੈਂਸੀ ਦੌਰਾਨ ਜੇਲ੍ਹ ਵੀ ਕੱਟੀ ਅਤੇ ਸੰਸਦ ਵਿਚ ਪੰਜਾਬ ਦੇ ਮੁੱਦਿਆਂ ਨੂੰ ਬੇਬਾਕੀ ਨਾਲ ਚੁੱਕਿਆ।
ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਖ਼ਿਲਾਫ਼ ਜਿਸ ਤਰ੍ਹਾਂ ਦੀ ਭੂਮਿਕਾ ਨਿਭਾਉਣ ਦੀ ਉਮੀਦ ਸੀ, ਉਸ ਵਿਚ ਪਾਰਟੀ ਕੋਈ ਠੋਸ ਪ੍ਰੋਗਰਾਮ ਉਲੀਕਣ ਵਿਚ ਅਸਮਰੱਥ ਰਹੀ। ਵਿਰੋਧ ਸਿਰਫ਼ ਅਖ਼ਬਾਰਾਂ ਦੀਆਂ ਖ਼ਬਰਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਤੱਕ ਹੀ ਸੀਮਤ ਹੋ ਕੇ ਰਹਿ ਗਿਆ ਸੀ, ਜਦਕਿ ਸੰਘਰਸ਼ਾਂ ਵਿੱਚੋਂ ਨਿਕਲੇ ਆਗੂਆਂ ਤੋਂ ਲੋਕਾਂ ਨੂੰ ਸੜਕਾਂ 'ਤੇ ਉਤਰ ਕੇ ਅਗਵਾਈ ਕਰਨ ਦੀ ਉਮੀਦ ਸੀ।
ਹਰਿੰਦਰਪਾਲ ਸਿੰਘ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਨੇ ਪੰਥਕ ਏਕਤਾ ਅਤੇ ਖਿੰਡੀ ਹੋਈ ਅਕਾਲੀ ਸ਼ਕਤੀ ਨੂੰ ਇਕ ਮੰਚ 'ਤੇ ਲਿਆਉਣ ਦੀ ਅਪੀਲ ਕੀਤੀ ਸੀ, ਪਰ ਇਸ ਮੁੱਦੇ 'ਤੇ ਗਿਆਨੀ ਹਰਪ੍ਰੀਤ ਸਿੰਘ ਦੇ ਪ੍ਰਤੀਕਰਮ ਕਾਰਨ ਵਿਚਾਰਾਂ ਅਤੇ ਕਾਰਜਸ਼ੈਲੀ ਵਿਚ ਵੱਡਾ ਵਖਰੇਵਾਂ ਮਹਿਸੂਸ ਹੋਇਆ। ਉਨ੍ਹਾਂ ਕਿਹਾ ਕਿ ਜਦੋਂ ਵਿਚਾਰ ਅਤੇ ਕੰਮ ਕਰਨ ਦਾ ਤਰੀਕਾ ਮੇਲ ਨਾ ਖਾਂਦੇ ਹੋਣ ਤਾਂ ਕਿਸੇ ਦੇ ਮਨ 'ਤੇ ਬੋਝ ਬਣਨ ਦੀ ਬਜਾਏ ਵੱਖ ਹੋਣ ਦਾ ਫ਼ੈਸਲਾ ਲੈਣਾ ਹੀ ਜਾਇਜ਼ ਹੈ।
ਉਨ੍ਹਾਂ ਦੱਸਿਆ ਕਿ ਪ੍ਰੋ. ਚੰਦੂਮਾਜਰਾ ਦੇ ਫ਼ੈਸਲੇ ਤੋਂ ਬਾਅਦ ਸਨੌਰ ਹਲਕੇ ਦੇ ਵਰਕਰਾਂ ਦੇ ਵੱਡੀ ਗਿਣਤੀ ਵਿਚ ਫ਼ੋਨ ਆਏ। ਇਸ ਤੋਂ ਬਾਅਦ ਹੋਈ ਮੀਟਿੰਗ ਵਿਚ ਸਾਰਿਆਂ ਨੇ ਸਰਬਸੰਮਤੀ ਨਾਲ ਉਨ੍ਹਾਂ ਦੇ ਫ਼ੈਸਲੇ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਸਨੌਰ ਹਲਕੇ ਦੇ ਲੋਕਾਂ ਦਾ ਚੰਦੂਮਾਜਰਾ ਪਰਿਵਾਰ ਨਾਲ ਲੰਮੇ ਸਮੇਂ ਤੋਂ ਸਿਆਸੀ ਅਤੇ ਪਰਿਵਾਰਕ ਸਾਂਝ ਰਹੀ ਹੈ। ਸਾਲ 1985 ਵਿਚ ਛੋਟੀ ਉਮਰ ਵਿਚ ਪ੍ਰੋ. ਚੰਦੂਮਾਜਰਾ ਨੂੰ ਵਿਧਾਨ ਸਭਾ ਭੇਜਣ ਤੋਂ ਲੈ ਕੇ 2017 ਦੀਆਂ ਚੋਣਾਂ ਤੱਕ ਇਸ ਹਲਕੇ ਦੇ ਲੋਕਾਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਉਨ੍ਹਾਂ ਨਾਲ ਹਲਕਾ ਸਨੌਰ ਦੇ ਬਲਾਕ ਸੰਮਤੀ ਮੈਂਬਰ, ਸੂਬਾ ਪੱਧਰੀ ਅਹੁਦੇਦਾਰ, ਜ਼ਿਲ੍ਹਾ ਪੱਧਰੀ ਆਗੂ, ਸਾਰੇ 10 ਸਰਕਲ ਪ੍ਰਧਾਨ, ਲਗਭਗ 450 ਜ਼ਿਲ੍ਹਾ ਅਤੇ ਸੂਬਾ ਪੱਧਰੀ ਡੈਲੀਗੇਟ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਮੌਜੂਦ ਰਹੇ। ਉਨ੍ਹਾਂ ਦੱਸਿਆ ਕਿ ਸਾਰਿਆਂ ਨੇ ਸਮੂਹਿਕ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦਾ ਫ਼ੈਸਲਾ ਲਿਆ ਹੈ।
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦੇ ਸਵਾਲ 'ਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਸਪੱਸ਼ਟ ਕੀਤਾ ਕਿ ਅਜੇ ਇਸ ਸਬੰਧੀ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਅਗਲਾ ਕਦਮ ਵਰਕਰਾਂ ਦੀ ਰਾਇ ਅਤੇ ਭਾਵਨਾਵਾਂ ਨੂੰ ਧਿਆਨ ਵਿਚ ਰੱਖ ਕੇ ਹੀ ਚੁੱਕਿਆ ਜਾਵੇਗਾ। ਇਸ ਵਾਸਤੇ ਪ੍ਰੈੱਸ ਕਾਨਫਰੰਸ ਤੋਂ ਬਾਅਦ ਮੀਟਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫ਼ੈਸਲਾ ਭਾਵੇਂ ਅੱਜ ਲਿਆ ਜਾਵੇ ਜਾਂ ਕੁਝ ਦਿਨਾਂ ਬਾਅਦ, ਉਸ ਦਾ ਆਧਾਰ ਪੰਜਾਬ ਦੇ ਹਿੱਤ ਅਤੇ ਪੰਥਕ ਸ਼ਕਤੀ ਨੂੰ ਇਕ ਮੰਚ 'ਤੇ ਇਕੱਠਾ ਕਰਨਾ ਹੀ ਹੋਵੇਗਾ।
ਹਰਿੰਦਰਪਾਲ ਸਿੰਘ ਨੇ ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਂਡਸਾ ਅਤੇ ਸੁੱਚਾ ਸਿੰਘ ਛੋਟੇਪੁਰ ਸਮੇਤ ਹੋਰ ਅਕਾਲੀ ਆਗੂਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਰੇ ਆਗੂਆਂ ਦੀ ਸੋਚ ਅਤੇ ਕੰਮ ਕਰਨ ਦਾ ਤਰੀਕਾ ਵੱਖਰਾ ਹੋ ਸਕਦਾ ਹੈ, ਪਰ ਪੰਥਕ ਸ਼ਕਤੀ ਨੂੰ ਇਕ ਮੰਚ 'ਤੇ ਲਿਆਉਣ ਦੀ ਭਾਵਨਾ ਸਾਰਿਆਂ ਵਿਚ ਹੈ। ਉਨ੍ਹਾਂ ਕਿਹਾ ਕਿ ਏਕਤਾ ਦੀ ਇਸ ਭਾਵਨਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਸਾਰਿਆਂ ਨੂੰ ਮਿਲ ਕੇ ਅਕਾਲੀ ਦਲ ਦੀ ਖਿੰਡੀ ਹੋਈ ਤਾਕਤ ਨੂੰ ਇਕਜੁੱਟ ਕਰਨ ਦੇ ਯਤਨ ਕਰਨੇ ਚਾਹੀਦੇ ਹਨ।ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦਾ ਅਗਲਾ ਸਿਆਸੀ ਕਦਮ ਵਰਕਰਾਂ ਦੀ ਸਲਾਹ ਤੋਂ ਬਾਅਦ ਹੀ ਤੈਅ ਹੋਵੇਗਾ ਅਤੇ ਉਨ੍ਹਾਂ ਦੀ ਪਹਿਲ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਰਹੇਗੀ।