- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੋਨਮ ਅਨੁਸਾਰ ਬਹਿਸਬਾਜ਼ੀ ਇੰਨੀ ਜ਼ਿਆਦਾ ਵਧ ਗਈ ਕਿ ਗੁੱਸੇ ਵਿੱਚ ਆਏ ਚਮਕੌਰ ਸਿੰਘ ਨੇ ਅਚਾਨਕ ਰਜਤ ਸ਼ਰਮਾ 'ਤੇ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਰਜਤ ਲਹੂ-ਲੁਹਾਣ ਹੋ ਕੇ ਜ਼ਮੀਨ 'ਤੇ ਡਿੱਗ ਪਿਆ। ਜਦੋਂ ਸੋਨਮ ਨੇ ਬਚਾਅ ਲਈ ਰੌਲਾ ਪਾਇਆ ਤਾਂ ਮੁਲਜ਼ਮ ਚਮਕੌਰ ਸਿੰਘ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਸ਼ਹਿਰ ਦੇ ਪਾਸ਼ ਇਲਾਕੇ ਅਫਸਰ ਕਲੋਨੀ ਵਿੱਚ ਬੀਤੀ ਰਾਤ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਆਪਸੀ ਤਕਰਾਰ ਦੌਰਾਨ ਇੱਕ ਵਿਅਕਤੀ ਨੇ ਆਪਣੇ ਹੀ ਦੋਸਤ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਰਜਤ ਸ਼ਰਮਾ (35) ਵਾਸੀ ਨਾਭਾ ਗੇਟ, ਪਟਿਆਲਾ ਵਜੋਂ ਹੋਈ ਹੈ ਜੋ ਇੱਕ ਨਿੱਜੀ ਬੈਂਕ ਵਿੱਚ ਬਤੌਰ ਮੈਨੇਜਰ ਤਾਇਨਾਤ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਰਜਤ ਸ਼ਰਮਾ ਆਪਣੇ ਪਿੱਛੇ ਪਤਨੀ ਅਤੇ ਇੱਕ ਚਾਰ ਸਾਲ ਦਾ ਮਾਸੂਮ ਬੱਚਾ ਛੱਡ ਗਿਆ ਹੈ। ਥਾਣਾ ਸਿਵਲ ਲਾਈਨ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਮ੍ਰਿਤਕ ਦੀ ਪਤਨੀ ਸੋਨਮ ਨੇ ਦੱਸਿਆ ਕਿ ਬੀਤੀ ਰਾਤ ਉਸਦਾ ਪਤੀ ਰਜਤ ਸ਼ਰਮਾ ਅਫਸਰ ਕਲੋਨੀ ਸਥਿਤ ਆਪਣੇ ਦੋਸਤ ਦੇ ਘਰ ਗਿਆ ਹੋਇਆ ਸੀ। ਕੁਝ ਸਮੇਂ ਬਾਅਦ ਜਦੋਂ ਸੋਨਮ ਵੀ ਉੱਥੇ ਪਹੁੰਚੀ ਤਾਂ ਉਸਨੇ ਦੇਖਿਆ ਕਿ ਰਜਤ ਅਤੇ ਉਸਦੇ ਦੋਸਤ ਚਮਕੌਰ ਸਿੰਘ ਵਾਸੀ ਮੂਣਕ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਿੱਖੀ ਬਹਿਸ ਚੱਲ ਰਹੀ ਸੀ।
ਸੋਨਮ ਅਨੁਸਾਰ ਬਹਿਸਬਾਜ਼ੀ ਇੰਨੀ ਜ਼ਿਆਦਾ ਵਧ ਗਈ ਕਿ ਗੁੱਸੇ ਵਿੱਚ ਆਏ ਚਮਕੌਰ ਸਿੰਘ ਨੇ ਅਚਾਨਕ ਰਜਤ ਸ਼ਰਮਾ 'ਤੇ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਰਜਤ ਲਹੂ-ਲੁਹਾਣ ਹੋ ਕੇ ਜ਼ਮੀਨ 'ਤੇ ਡਿੱਗ ਪਿਆ। ਜਦੋਂ ਸੋਨਮ ਨੇ ਬਚਾਅ ਲਈ ਰੌਲਾ ਪਾਇਆ ਤਾਂ ਮੁਲਜ਼ਮ ਚਮਕੌਰ ਸਿੰਘ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।
ਘਟਨਾ ਤੋਂ ਤੁਰੰਤ ਬਾਅਦ ਗੰਭੀਰ ਜ਼ਖ਼ਮੀ ਹਾਲਤ ਵਿੱਚ ਰਜਤ ਸ਼ਰਮਾ ਨੂੰ ਇਲਾਜ ਲਈ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸੰਜੀਵ ਸਿੰਗਲਾ ਨੇ ਦੱਸਿਆ ਕਿ ਪੁਲਿਸ ਨੂੰ ਬੀਤੀ ਰਾਤ ਸੂਚਨਾ ਮਿਲੀ ਸੀ ਕਿ ਨਾਭਾ ਗੇਟ ਵਾਸੀ ਰਜਤ ਸ਼ਰਮਾ ਦੀ ਗੋਲੀ ਲੱਗਣ ਕਾਰਨ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਸੋਨਮ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸਿਵਲ ਲਾਈਨ ਵਿਖੇ ਮੁਲਜ਼ਮ ਚਮਕੌਰ ਸਿੰਘ ਵਾਸੀ ਮੂਣਕ ਖਿਲਾਫ ਕਤਲ ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਡੀਐਸਪੀ ਨੇ ਅੱਗੇ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਸਨੂੰ ਕਾਬੂ ਕਰ ਲਿਆ ਜਾਵੇਗਾ। ਫਿਲਹਾਲ ਦੋਵਾਂ ਦੋਸਤਾਂ ਵਿਚਕਾਰ ਹੋਏ ਝਗੜੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਡੇਅਰੀ ਮਾਲਕ ਦਾ ਗਲਾ ਘੁੱਟ ਕੇ ਕਤਲ
ਥਾਣਾ ਤ੍ਰਿਪੜੀ ਅਧੀਨ ਆਉਂਦੇ ਦੀਪ ਨਗਰ ਇਲਾਕੇ ਵਿੱਚ ਇੱਕ ਡੇਅਰੀ ਮਾਲਕ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 40 ਸਾਲਾ ਰਵਿਨ ਕੁਮਾਰ ਵਾਸੀ ਦੀਪ ਨਗਰ, ਪਟਿਆਲਾ ਵਜੋਂ ਹੋਈ ਹੈ। ਉਸ ਦਾ ਕਤਲ ਸੋਮਵਾਰ ਰਾਤ ਨੂੰ ਕੀਤੇ ਜਾਣ ਦਾ ਖਦਸ਼ਾ ਹੈ, ਜਦਕਿ ਪੁਲਿਸ ਨੂੰ ਮੰਗਲਵਾਰ ਸਵੇਰੇ ਕਰੀਬ ਸੱਤ ਵਜੇ ਘਟਨਾ ਦੀ ਸੂਚਨਾ ਮਿਲੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਪੋਸਟਮਾਰਟਮ ਲਈ ਰਾਜਿੰਦਰਾ ਹਸਪਤਾਲ ਪਹੁੰਚਾਇਆ। ਇਸ ਮਾਮਲੇ ਵਿੱਚ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਪਿਓ ਅਤੇ ਉਸ ਦੇ ਦੋ ਪੁੱਤਰਾਂ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਮੁੱਢਲੀ ਜਾਂਚ ਵਿੱਚ ਕਤਲ ਪਿੱਛੇ ਨਿੱਜੀ ਰੰਜਿਸ਼ ਹੋਣ ਦਾ ਸ਼ੱਕ ਹੈ।
ਥਾਣਾ ਤ੍ਰਿਪੜੀ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਕੁਲਵਿੰਦਰ ਕੁਮਾਰ ਦੇ ਬਿਆਨ ਦਰਜ ਕੀਤੇ ਗਏ ਹਨ। ਇਨ੍ਹਾਂ ਦੇ ਆਧਾਰ 'ਤੇ ਸੁਖਵੰਤ ਸਿੰਘ ਅਤੇ ਉਸ ਦੇ ਦੋਵਾਂ ਪੁੱਤਰਾਂ ਕੁਲਦੀਪ ਸਿੰਘ ਅਤੇ ਭੁਪਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ, ਰਵਿਨ ਕੁਮਾਰ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਕਤਲ ਪਿੱਛੇ ਅਸਲ ਵਜ੍ਹਾ ਸਾਹਮਣੇ ਆ ਸਕੇਗੀ। ਸੂਤਰਾਂ ਮੁਤਾਬਕ ਪੁਲਿਸ ਨੇ ਇੱਕ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਚੌਧਰੀ ਡੇਅਰੀ ਦੇ ਨਾਮ ਨਾਲ ਚਲਾਉਂਦਾ ਸੀ ਡੇਅਰੀ ਫਾਰਮ
ਜਾਣਕਾਰੀ ਅਨੁਸਾਰ, ਰਵਿਨ ਕੁਮਾਰ ਅਰਬਨ ਅਸਟੇਟ ਫੇਜ਼-ਤਿੰਨ ਵਿੱਚ ਚੌਧਰੀ ਡੇਅਰੀ ਦੇ ਨਾਮ ਨਾਲ ਡੇਅਰੀ ਫਾਰਮਿੰਗ ਦਾ ਕੰਮ ਕਰਦਾ ਸੀ। ਉਹ ਆਪਣੇ ਪਰਿਵਾਰ ਸਮੇਤ ਦੀਪ ਨਗਰ ਇਲਾਕੇ ਵਿੱਚ ਰਹਿੰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਵੀ ਉਸ ਦੇ ਗੁਆਂਢ ਵਿੱਚ ਹੀ ਰਹਿੰਦੇ ਹਨ ਅਤੇ ਉਨ੍ਹਾਂ ਨੇ ਵੀ ਪਸ਼ੂ ਰੱਖੇ ਹੋਏ ਹਨ। ਸੋਮਵਾਰ ਰਾਤ ਰਵਿਨ ਕੁਮਾਰ ਕਿਸੇ ਕੰਮ ਦੇ ਸਿਲਸਿਲੇ ਵਿੱਚ ਘਰੋਂ ਬਾਹਰ ਨਿਕਲਿਆ ਸੀ, ਪਰ ਦੇਰ ਰਾਤ ਤੱਕ ਵਾਪਸ ਨਹੀਂ ਪਰਤਿਆ। ਇਸ ਤੋਂ ਬਾਅਦ ਮੰਗਲਵਾਰ ਸਵੇਰੇ ਉਸ ਦੀ ਲਾਸ਼ ਮਿਲਣ ਦੀ ਸੂਚਨਾ ਪੁਲਿਸ ਨੂੰ ਮਿਲੀ।
ਸਵੇਰੇ ਸੱਤ ਵਜੇ ਮਿਲੀ ਪੁਲਿਸ ਨੂੰ ਸੂਚਨਾ
ਪੁਲਿਸ ਨੂੰ ਮੰਗਲਵਾਰ ਸਵੇਰੇ ਕਰੀਬ ਸੱਤ ਵਜੇ ਵਾਰਦਾਤ ਦੀ ਜਾਣਕਾਰੀ ਮਿਲੀ। ਇਸ ਤੋਂ ਬਾਅਦ ਥਾਣਾ ਤ੍ਰਿਪੜੀ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਰਾਜਿੰਦਰਾ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਅਨੁਸਾਰ, ਮ੍ਰਿਤਕ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ। ਬੁੱਧਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਪੁਲਿਸ ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛਗਿੱਛ ਕਰਨ ਦੇ ਨਾਲ-ਨਾਲ ਕਤਲ ਨਾਲ ਜੁੜੇ ਹੋਰ ਪਹਿਲੂਆਂ ਦੀ ਵੀ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਵਾਰਦਾਤ ਦਾ ਪੂਰਾ ਘਟਨਾਕ੍ਰਮ ਅਤੇ ਕਤਲ ਦਾ ਕਾਰਨ ਸਪੱਸ਼ਟ ਹੋ ਸਕੇਗਾ।