- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ
ਬਲਬੇੜ੍ਹਾ : ਗੁਰੂ ਤੇਗ ਬਹਾਦਰ ਪਬਲਿਕ ਸਕੂਲ ਕਰਹਾਲੀ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵੱਲੋਂ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ। ਇਸ ਉਪਰੰਤ ਛੇਵੀਂ ਅਤੇ ਸੱਤਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਨੌਵੀਂ ਅਤੇ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਵੀ ਸ਼ਬਦ ਕੀਰਤਨ ਦੀ ਸੁੰਦਰ ਪੇਸ਼ਕਾਰੀ ਕੀਤੀ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਕਵੀਸ਼ਰੀ ਅਤੇ ਕਵਿਤਾਵਾਂ ਰਾਹੀਂ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਅਧਿਆਪਕ ਸਾਹਿਬਾਨਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸਰਬ ਸਾਂਝੀਵਾਲਤਾ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸੰਦੇਸ਼ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਇਸ ਉਪਰੰਤ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਸ੍ਰੀ ਚੌਪਈ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਮਾਗਮ ਦੀ ਸਮਾਪਤੀ ਮੌਕੇ ਸਾਰੇ ਵਿਦਿਆਰਥੀਆਂ ਨੂੰ ਮਿੱਠੇ ਚੌਲਾਂ ਦਾ ਲੰਗਰ ਛਕਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ’ਤੇ ਚੱਲਣ, ਆਪਸੀ ਪਿਆਰ, ਸਤਿਕਾਰ ਅਤੇ ਭਾਈਚਾਰੇ ਦੀ ਭਾਵਨਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਇਸ ਤਰ੍ਹਾਂ ਇਹ ਪਵਿੱਤਰ ਦਿਹਾੜਾ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਸੰਪੰਨ ਹੋਇਆ। ਸਕੂਲ ਦੀ ਮੈਨੇਜਮੈਂਟ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।