ਨਿਗਮ ਚੋਣਾਂ: ਭਾਜਪਾ ਦੇ 20 ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ ਨਿਗਮ ਚੋਣਾਂ: ਭਾਜਪਾ ਦੇ 20 ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ
Publish Date: Tue, 17 Nov 2026 06:21 PM (IST)
Updated Date: Tue, 17 Nov 2026 06:24 PM (IST)
- ਪਰਨੀਤ ਕੌਰ ਵਿਸ਼ੇਸ਼ ਤੌਰ ਤੇ ਰਹੇ ਮੌਜੂਦ 17ਪੀਟੀਐੱਲ- 23 ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਲੜੀ ਤਹਿਤ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਨਾਮਜ਼ਦਗੀਆਂ ਦਾਖਲ ਕਰਨ ਦੀ ਇਸ ਪ੍ਰਕਿਰਿਆ ਦੌਰਾਨ ਭਾਜਪਾ ਦੀ ਸੀਨੀਅਰ ਆਗੂ ਪਰਨੀਤ ਕੌਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ ਅਤੇ ਉਨ੍ਹਾਂ ਨੇ ਉਮੀਦਵਾਰਾਂ ਦਾ ਹੌਸਲਾ ਵਧਾਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੀ ਸੀਨੀਅਰ ਆਗੂ ਪਰਨੀਤ ਕੌਰ ਨੇ ਮੌਜੂਦਾ ਚੋਣ ਪ੍ਰਕਿਰਿਆ ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਫਿਲਹਾਲ ਸ਼ਹਿਰ ਵਿੱਚ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਸੁਖਾਵਾਂ ਅਤੇ ਸ਼ਾਂਤਮਈ ਬਣਿਆ ਹੋਇਆ ਹੈ। ਪਰਨੀਤ ਕੌਰ ਨੇ ਉਮੀਦ ਜਤਾਈ ਕਿ ਪ੍ਰਸ਼ਾਸਨ ਅਤੇ ਸਾਰੀਆਂ ਧਿਰਾਂ ਦੇ ਸਹਿਯੋਗ ਨਾਲ ਆਉਣ ਵਾਲੇ ਦਿਨਾਂ ਵਿੱਚ ਵੀ ਚੋਣ ਪ੍ਰਕਿਰਿਆ ਇਸੇ ਤਰ੍ਹਾਂ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇਗੀ ਅਤੇ ਸਭ ਕੁਝ ਠੀਕ ਰਹੇਗਾ। ਦੂਜੇ ਪਾਸੇ, ਨਾਮਜ਼ਦਗੀਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਕੂਕਾ ਨੇ ਦੱਸਿਆ ਕਿ ਪਾਰਟੀ ਵੱਲੋਂ ਐਲਾਨੇ ਗਏ ਕੁੱਲ 30 ਉਮੀਦਵਾਰਾਂ ਵਿੱਚੋਂ 20 ਉਮੀਦਵਾਰਾਂ ਨੇ ਮੰਗਲਵਾਰ ਨੂੰ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰਾਂ ਕੋਲ ਜਮ੍ਹਾਂ ਕਰਵਾ ਦਿੱਤੇ ਹਨ। ਉਨ੍ਹਾਂ ਅੱਗੇ ਸਪੱਸ਼ਟ ਕੀਤਾ ਕਿ ਜਿਹੜੇ ਬਾਕੀ ਰਹਿੰਦੇ 10 ਉਮੀਦਵਾਰ ਹਨ, ਉਨ੍ਹਾਂ ਦੇ ਕੁਝ ਜ਼ਰੂਰੀ ਦਸਤਾਵੇਜ਼ ਮੁਕੰਮਲ ਹੋਣ ਵਾਲੇ ਹਨ। ਜ਼ਿਲ੍ਹਾ ਪ੍ਰਧਾਨ ਅਨੁਸਾਰ ਇਹ ਸਾਰੇ ਉਮੀਦਵਾਰ ਅੱਜ ਆਪਣੇ ਲੋੜੀਂਦੇ ਦਸਤਾਵੇਜ਼ ਪੂਰੇ ਕਰ ਲੈਣਗੇ ਅਤੇ ਬੁੱਧਵਾਰ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦੇਣਗੇ। ਭਾਜਪਾ ਮਹਿਲਾ ਮੋਰਚਾ ਦੇ ਪ੍ਰਧਾਨ ਜੈਇੰਦਰ ਕੌਰ ਨੇ ਆਖਿਆ ਕਿ ਧੱਕੇਸ਼ਾਹੀ ਦਾ ਡਟ ਕੇ ਮੁਕਾਬਲਾ ਕੀਤਾ ਜਾਵੇਗਾ। ਭਾਜਪਾ ਦੇ ਟਕਸਾਲੀ ਆਗੂ ਵਰੁਣ ਜਿੰਦਲ ਨੇ ਵਾਰਡ ਨੰਬਰ 46 ਤੋਂ ਆਪਣਾ ਨਾਮਜਦਗੀ ਪੱਤਰ ਦਾਖਲ ਕਰਦਿਆਂ ਆਖਿਆ ਕਿ ਭਾਜਪਾ ਵੱਲੋਂ ਡਟ ਕੇ ਹੀ ਸੱਤਾਦਾਰੀ ਪਾਰਟੀ ਦੀ ਸਰਕਾਰ ਦੀ ਧੱਕੇਸ਼ਾਹੀ ਦਾ ਵਿਰੋਧ ਕੀਤਾ ਸੀ, ਜਿਸ ਕਾਰਨ ਹੀ ਕੋਰਟ ਦੇ ਆਦੇਸ਼ਾ ’ਤੇ ਮੁੜ ਚੋਣਾ ਹੋ ਰਹੀਆਂ ਹਨ ਤੇ ਭਾਜਪਾ ਸਾਰੀਆਂ ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗੀ।