- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਤੇ ਰੁਜ਼ਗਾਰ ਲਈ ਭਾਜਪਾ ਜ਼ਰੂਰੀ: ਕੰਬੋਜ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਜੇਕਰ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਰੁਜ਼ਗਾਰ ਦੇਣਾ ਹੈ ਤਾਂ ਸੂਬੇ ’ਚ ਭਾਜਪਾ ਦੀ ਸਰਕਾਰ ਲਿਆਉਣੀ ਪਵੇਗੀ, ਉਹ ਅੱਜ ਰਾਜਪੁਰਾ ਵਿਖੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਦੇ ਦਫ਼ਤਰ ਵਿਖੇ ਮੁਲਾਕਾਤ ਕਰਨ ਪਹੁੰਚੇ ਸਨ। ਇਸ ਮੌਕੇ ਭਾਜਪਾ ਆਗੂ ਚਰਨਜੀਤ ਸਿੰਘ ਬਰਾੜ ਵੀ ਮੌਜੂਦ ਸਨ। ਹਰਜੀਤ ਸਿੰਘ ਗਰੇਵਾਲ ਨੇ ਹਰਦਿਆਲ ਕੰਬੋਜ ਦਾ ਨਿੱਘਾ ਸਵਾਗਤ ਕੀਤਾ। ਕੰਬੋਜ ਨੇ ਕਿਹਾ ਕਿ ਹਰਜੀਤ ਸਿੰਘ ਗਰੇਵਾਲ ਉਨ੍ਹਾਂ ਲਈ ਵੱਡੇ ਭਰਾ ਵਾਂਗ ਹਨ ਅਤੇ ਉਹ ਲੰਮੇ ਸਮੇਂ ਤੋਂ ਉਨ੍ਹਾਂ ਨੂੰ ਭਾਜਪਾ ’ਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਦੇ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਨਸ਼ਿਆਂ ਤੇ ਆਰਥਿਕ ਸੰਕਟ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਿਰ ਕਰੀਬ 4.83 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ ਅਤੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਦੇ ਵੀ 32 ਹਜ਼ਾਰ ਕਰੋੜ ਰੁਪਏ ਬਕਾਇਆ ਹਨ। ਕੰਬੋਜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀ ਮਦਦ ਤੋਂ ਬਿਨਾਂ ਪੰਜਾਬ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਬਾਹਰ ਕੱਢਣਾ ਮੁਸ਼ਕਲ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਾਜਪਾ ’ਚ ਸ਼ਾਮਲ ਹੋਏ ਕਾਂਗਰਸੀ ਵਰਕਰਾਂ ਨਾਲੋਂ ਪਾਰਟੀ ਦੇ ਪੁਰਾਣੇ ਵਰਕਰਾਂ ਨੂੰ ਵੱਧ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਰਾਜਪੁਰਾ ਨਗਰ ਕੌਂਸਲ ਦਾ ਨਵਾਂ ਪ੍ਰਧਾਨ ਜਲਦੀ ਬਣਾਇਆ ਜਾਵੇਗਾ। ਹਰਜੀਤ ਸਿੰਘ ਗਰੇਵਾਲ ਅਤੇ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਰਾਜਪੁਰਾ ’ਚ ਭਾਜਪਾ ਦੇ ਸਾਰੇ ਆਗੂ ਅਤੇ ਵਰਕਰ ਇਕਜੁੱਟ ਹਨ। ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਜਿਸ ਵੀ ਉਮੀਦਵਾਰ ਨੂੰ ਟਿਕਟ ਦਿੱਤੀ ਜਾਵੇਗੀ, ਉਸ ਦੀ ਜਿੱਤ ਲਈ ਪੂਰੀ ਤਾਕਤ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਸ਼ਮਸ਼ੇਰ ਸਿੰਘ ਉਕਸੀ, ਨਿਰਭੈ ਸਿੰਘ ਮਿਲਟੀ ਕੰਬੋਜ, ਰਿੰਕੂ ਸਲੇਮਪੁਰ, ਜਸਬੀਰ ਸਿੰਘ ਕੋਟਲਾ ਅਤੇ ਹੋਰ ਭਾਜਪਾ ਆਗੂ ਮੌਜੂਦ ਸਨ।