'ਆਪ' ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ ਭਾਜਪਾ : ਮਾਨ
ਭਾਜਪਾ 'ਆਪ' ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ:ਸੀਐੱਮ ਮਾਨ
Publish Date: Fri, 26 Jun 2026 08:35 PM (IST)
Updated Date: Sat, 27 Jun 2026 04:11 AM (IST)

* ‘ਆਪ’ ਵਲੰਟੀਅਰਾਂ ਨੂੰ ਵੋਟਰ ਸੂਚੀਆਂ ਦੀ ਐੱਸਆਈਆਰ ਦੌਰਾਨ ਚੌਕਸ ਰਹਿਣ ਦਾ ਸੱਦਾ * ਸੂਬਾ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਤੇ ਵੀ ਚਾਨਣਾ ਪਾਇਆ ਫੋਟੋ:27 ਕੈਪਸ਼ਨ–ਸੰਗਰੂਰ ਵਿੱਚ ਸੰਬੋਧਨ ਕਰਦੇ ਹੋਏ ਸੀਐੱਮ ਭਗਵੰਤ ਸਿੰਘ ਮਾਨ। ਜਸਵੀਰ ਸਿੰਘ, ਪੰਜਾਬੀ ਜਾਗਰਣ ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐੱਸਆਈਆਰ) ਦੌਰਾਨ ਚੌਕਸ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਭਾਜਪਾ ਆਗਾਮੀ ਚੋਣਾਂ ਦੇ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਲਈ ਆਪ ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ। ਉਨ੍ਹਾਂ ਆਪ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਤੇ ਵੀ ਚਾਨਣਾ ਪਾਇਆ ਤੇ ਦਾਅਵਾ ਕੀਤਾ ਕਿ ਇਨ੍ਹਾਂ ਕਦਮਾਂ ਨਾਲ ਸੂਬੇ ਭਰ ਦੇ ਲੋਕਾਂ ਦੇ ਜੀਵਨ ’ਚ ਵੱਡਾ ਸੁਧਾਰ ਹੋਇਆ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਹੇਠਲੇ ਪੱਧਰ ਤੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ ਤੇ ਭਰੋਸਾ ਪ੍ਰਗਟਾਇਆ ਕਿ ਆਪ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਭਾਰੀ ਬਹੁਮਤ ਨਾਲ ਦੁਬਾਰਾ ਸੱਤਾ ’ਚ ਆਵੇਗੀ। ਸੀਐੱਮ ਮਾਨ ਨੇ ਐਕਸ ਤੇ ਲਿਖਿਆ ‘ਅੱਜ ਸੰਗਰੂਰ ਵਿਖੇ ਸਾਡੀ ਪਾਰਟੀ ਦੀ ਰੀੜ੍ਹ ਦੀ ਹੱਡੀ, ਸਾਡੇ ਸਮਰਪਿਤ ਵਲੰਟੀਅਰਾਂ ਨਾਲ ਮੁਲਾਕਾਤ ਕੀਤੀ। ਅਸੀਂ ਉਨ੍ਹਾਂ ਦੇ ਹਲਕਿਆਂ ’ਚ ਕੀਤੇ ਜਾ ਰਹੇ ਕੰਮਾਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ। ਮੈਂ ਹਰ ਵਲੰਟੀਅਰ ਨੂੰ ਹੋਰ ਵੀ ਵੱਧ ਦ੍ਰਿੜਤਾ ਨਾਲ ਕੰਮ ਕਰਨ ਤੇ ਪੂਰੇ ਦਿਲ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣ ਦੀ ਅਪੀਲ ਕੀਤੀ। ਸਾਡੇ ਵਲੰਟੀਅਰਾਂ ਦਾ ਉਤਸ਼ਾਹ ਅਤੇ ਵਚਨਬੱਧਤਾ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ, ਉਨ੍ਹਾਂ ਨੂੰ ਸੰਗਠਨ ’ਚ ਬਣਦਾ ਸਤਿਕਾਰ ਦਿੱਤਾ ਜਾਵੇਗਾ ਤੇ ਆਉਣ ਵਾਲੇ ਦਿਨਾਂ ’ਚ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ। ਤੁਹਾਡੇ ਪਿਆਰ, ਸਹਿਯੋਗ ਤੇ ਅਟੁੱਟ ਵਚਨਬੱਧਤਾ ਲਈ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ। ਇਨਕਲਾਬ ਜ਼ਿੰਦਾਬਾਦ।” ਉਨ੍ਹਾਂ ਕਿਹਾ ਕਿ ਪੰਜਾਬ ’ਚ 25 ਜੂਨ ਤੋਂ ਵੋਟਰ ਸੂਚੀਆਂ ਦੀ ਐੱਸਆਈਆਰ ਸ਼ੁਰੂ ਹੋ ਚੁੱਕੀ ਹੈ, ਜਿਸ ਨਾਲ ਪਾਰਟੀ ਦੇ ਹਰ ਵਲੰਟੀਅਰ ਦੀ ਜ਼ਿੰਮੇਵਾਰੀ ਹੋਰ ਵੀ ਅਹਿਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਐੱਸਆਈਆਰ ਪ੍ਰਕਿਰਿਆ ਰਾਹੀਂ ਭਾਜਪਾ ਸੂਬੇ ’ਚ ਆਉਣ ਵਾਲੀਆਂ ਚੋਣਾਂ ਵਿਚ ਸੱਤਾ ਹਥਿਆਉਣ ਲਈ ਆਪ ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ।