ਭਾਜਪਾ ਨੇ ਮੰਗਿਆ ਸਿਹਤ ਮੰਤਰੀ ਦਾ ਅਸਤੀਫਾ, ਕੀਤਾ ਰੋਸ ਪ੍ਰਦਰਸ਼ਨ ਭਾਜਪਾ ਨੇ ਮੰਗਿਆ ਸਿਹਤ ਮੰਤਰੀ ਦਾ ਅਸਤੀਫਾ, ਕੀਤਾ ਰੋਸ ਪ੍ਰਦਰਸ਼ਨ
Publish Date: Mon, 27 Jul 2026 05:10 PM (IST)
Updated Date: Mon, 27 Jul 2026 05:12 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਫਾਰਮਾਸਿਸਟ ਭਰਤੀ ਪ੍ਰੀਖਿਆ ਦੇ ਕਥਿਤ ਪੇਪਰ ਲੀਕ ਤੇ ਸਫ਼ਾਈ ਕਰਮਚਾਰੀਆਂ ਸਮੇਤ ਹੋਰ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਤੇ ਹੋਈ ਕਥਿਤ ਪੁਲਿਸ ਕਾਰਵਾਈ ਵਿਰੁੱਧ ਪਟਿਆਲਾ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨਾਲ ਜੁੜੇ ਕਥਿਤ ਫਾਰਮਾਸਿਸਟ ਪੇਪਰ ਲੀਕ ਮਾਮਲੇ ਨੇ ਇਕ ਵਾਰ ਫਿਰ ਭਰਤੀ ਪ੍ਰਕਿਰਿਆ ਤੋਂ ਪੰਜਾਬ ਦੇ ਯੂਥ ਦਾ ਵਿਸ਼ਵਾਸ ਤੋੜ ਦਿੱਤਾ ਹੈ। ਉਨ੍ਹਾਂ ਨੇ ਇਸ ਮਾਮਲੇ ਦੀ ਨਿਰਪੱਖ ਤੇ ਸਮਾਂਬੱਧ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਇਸ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਬਰਨਾਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ਤੇ ਹੋਏ ਕਥਿਤ ਲਾਠੀਚਾਰਜ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਗੱਲਬਾਤ ਦੀ ਰਾਹ ਚੁਣਨ ਦੀ ਬਜਾਏ ਧੱਕੇਸ਼ਾਹੀ/ਤਾਕਤ ਦੀ ਵਰਤੋਂ ਕਰਨਾ ਪੰਜਾਬ ਸਰਕਾਰ ਦੇ ਲੋਕ ਵਿਰੋਧੀ ਰੱਵੀਏ ਨੂੰ ਦਰਸਾਉਂਦਾ ਹੈ। ਪ੍ਰਦਰਸ਼ਨਕਾਰੀ ਪਾਵਰਕਾਮ ਮੁਲਾਜ਼ਮਾਂ ਤੇ ਹੋਈ ਪਿਛਲੀ ਪੁਲਿਸ ਕਾਰਵਾਈ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਇਨਸਾਫ਼ ਮੰਗਣ ਵਾਲਿਆਂ ਦੀ ਆਵਾਜ਼ ਦਬਾਉਣ ਦੀ ਵਾਰ-ਵਾਰ ਕੋਸ਼ਿਸ਼ ਕਰ ਰਹੀ ਹੈ। ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਤੇ ਨਿਸ਼ਾਨਾ ਸਾਧਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਦਾ ਦੋਹਰਾ ਚਿਹਰਾ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਨੰਗਾ ਹੋ ਚੁੱਕਾ ਹੈ। ਉਨ੍ਹਾਂ ਕਿਹਾ, ‘ਜੇਕਰ ਆਪ ਵਿਦਿਆਰਥੀਆਂ ਅਤੇ ਨੌਜਵਾਨਾਂ ਨਾਲ ਖੜ੍ਹੇ ਹੋਣ ਦਾ ਦਾਅਵਾ ਕਰਦੀ ਹੈ, ਤਾਂ ਉਸ ਨੂੰ ਪਹਿਲਾਂ ਪੰਜਾਬ ਵਿੱਚ ਆਪਣੀ ਜਵਾਬਦੇਹੀ ਤੈਅ ਕਰਨੀ ਪਵੇਗੀ। ਦੂਜੇ ਰਾਜਾਂ ਵਿਚ ਪਾਰਦਰਸ਼ਤਾ ਦਾ ਪ੍ਰਚਾਰ ਕਰਨ ਤੋਂ ਪਹਿਲਾਂ ਪਾਰਟੀ ਨੂੰ ਪੰਜਾਬ ਵਿਚ ਭਰਤੀ ਪ੍ਰੀਖਿਆਵਾਂ ਨਾਲ ਜੁੜੇ ਵਾਰ-ਵਾਰ ਹੁੰਦੇ ਵਿਵਾਦਾਂ ਦਾ ਜਵਾਬ ਦੇਣਾ ਚਾਹੀਦਾ ਹੈ।’ ਉਨ੍ਹਾਂ ਦੁਹਰਾਇਆ ਕਿ ਭਾਜਪਾ ਪੰਜਾਬ ਦੇ ਨੌਜਵਾਨਾਂ, ਮੁਲਾਜ਼ਮਾਂ ਅਤੇ ਇਨਸਾਫ਼ ਮੰਗ ਰਹੇ ਹਰ ਨਾਗਰਿਕ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ। ਉਨ੍ਹਾਂ ਕਿਸੇ ਵੀ ਗੜਬੜੀ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ, ਸ਼ਾਂਤਮਈ ਪ੍ਰਦਰਸ਼ਨਕਾਰੀਆਂ ਤੇ ਹੋਈ ਪੁਲਿਸ ਕਾਰਵਾਈ ਦੀ ਜਵਾਬਦੇਹੀ ਅਤੇ ਡਾ. ਬਲਬੀਰ ਸਿੰਘ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ।