ਭਾਜਪਾ ਹੀ ਪੰਜਾਬ ਦਾ ਕਰੇਗੀ ਕਾਇਆ ਕਲਪ : ਨਾਇਬ ਸੈਣੀ ਭਾਜਪਾ ਹੀ ਪੰਜਾਬ ਦਾ ਕਰਗੀ ਕਾਇਆ ਕਲਪ : ਨਾਇਬ ਸੈਣੀ
Publish Date: Sun, 09 Aug 2026 07:39 PM (IST)
Updated Date: Mon, 10 Aug 2026 04:05 AM (IST)
ਕਿਹਾ- ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਮਜ਼ਬੂਤ ਤੇ ਦੂਰਅੰਦੇਸ਼ੀ ਸਰਕਾਰ ਦੀ ਲੋੜ ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸਮਾਣਾ ਵਿਖੇ ਭਾਜਪਾ ਆਗੂ ਨੀਰਜ ਜਿੰਦਲ ਦੇ ਗ੍ਰਹਿ ਵਿਖੇ ਪੁੱਜੇ। ਉਨ੍ਹਾਂ ਦਾ ਸਮਾਣਾ ਪਹੁੰਚਣ ’ਤੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜੇਕਰ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਦਾ ਸਰਬਪੱਖੀ ਵਿਕਾਸ ਕਰਦਿਆਂ ਪੰਜਾਬ ਦੀ ਕਾਇਆ ਕਲਪ ਕੀਤੀ ਜਾਵੇਗੀ। ਸੈਣੀ ਨੇ ਕਿਹਾ ਕਿ ਉਹ ਸਮਾਣਾ ਵਿਖੇ ਚੱਲ ਰਹੀ ਗਊ ਕਥਾ ’ਚ ਆਪਣੀ ਹਾਜ਼ਰੀ ਲਗਵਾਉਣ ਲਈ ਵੀ ਪੁੱਜੇ ਹਨ। ਉਨ੍ਹਾਂ ਕਿਹਾ ਕਿ ਗਊ ਸੇਵਾ ਅਤੇ ਧਾਰਮਿਕ ਸਮਾਗਮ ਸਾਡੀ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹਨ ਅਤੇ ਅਜਿਹੇ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਹਮੇਸ਼ਾ ਖੁਸ਼ੀ ਮਹਿਸੂਸ ਹੁੰਦੀ ਹੈ। ਹਰਿਆਣਾ ਸਰਕਾਰ ਦੀਆਂ ਉਪਲੱਬਧੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਹਰਿਆਣਾ ਨੇ ਵਿਕਾਸ ਦੇ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਹਰਿਆਣਾ ਦੇਸ਼ ਦੇ ਮੋਹਰੀ ਸੂਬਿਆਂ ’ਚ ਆਪਣੀ ਵੱਖਰੀ ਪਛਾਣ ਬਣਾ ਚੁੱਕਾ ਹੈ। ਸਰਕਾਰ ਵੱਲੋਂ ਸੜਕਾਂ, ਸਿੱਖਿਆ, ਸਿਹਤ, ਰੁਜ਼ਗਾਰ, ਖੇਡਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਉਨ੍ਹਾਂ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਦੱਸਿਆ। ਉਨ੍ਹਾਂ ਇਹ ਵੀ ਦੱਸਿਆ ਕਿ ਹਰਿਆਣਾ ਜੀਐੱਸਟੀ ਕੱਲੈਕਸਨ ’ਚ ਨੰਬਰ ਇੱਕ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੋਜਵਾਨਾਂ ਲਈ ਵੱਡੀ ਪੱਧਰ ’ਤੇ ਕੰਮ ਕਰ ਰਹੀ ਹੈ। ਖੇਡਾਂ ਦੇ ਖੇਤਰ ’ਚ ਹਰਿਆਣਾ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਸੈਣੀ ਨੇ ਕਿਹਾ ਕਿ ਹਰਿਆਣਾ ਨੇ ਦੇਸ਼ ਨੂੰ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਅਨੇਕਾਂ ਖਿਡਾਰੀ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਾਮਨਵੈਲਥ ਖੇਡਾਂ ’ਚ ਭਾਰਤ ਵੱਲੋਂ ਜਿੱਤੇ ਗਏ 13 ਸੋਨ ਤਮਗਿਆਂ ’ਚੋਂ 7 ਸੋਨ ਤਮਗੇ ਹਰਿਆਣਾ ਦੇ ਖਿਡਾਰੀਆਂ ਨੇ ਜਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਹਰਿਆਣਾ ਦੇ ਖਿਡਾਰੀਆਂ ਦੀ ਪ੍ਰਤਿਭਾ ਤੇ ਸਰਕਾਰ ਵੱਲੋਂ ਖੇਡਾਂ ਨੂੰ ਦਿੱਤੇ ਜਾ ਰਹੇ ਉਤਸ਼ਾਹ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਿਖਾਉਣ ਲਈ ਬਿਹਤਰ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਹਰਿਆਣਾ ਦੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਨੂੰ ਸੂਬੇ ਲਈ ਮਾਣ ਵਾਲੀ ਗੱਲ ਦੱਸਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਵਧਿਆ ਹੈ। ਪੰਜਾਬ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਇੱਕ ਖੁਸ਼ਹਾਲ ਅਤੇ ਸਮਰੱਥ ਸੂਬਾ ਰਿਹਾ ਹੈ ਅਤੇ ਇਸ ਕੋਲ ਕੁਦਰਤੀ ਸਰੋਤਾਂ ਦੇ ਨਾਲ-ਨਾਲ ਮਿਹਨਤੀ ਲੋਕ ਅਤੇ ਨੌਜਵਾਨਾਂ ਦੀ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਇੱਕ ਮਜ਼ਬੂਤ ਅਤੇ ਦੂਰਅੰਦੇਸ਼ੀ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਸੂਬੇ ਵਿੱਚ ਵਿਕਾਸ ਨੂੰ ਨਵੀਂ ਗਤੀ ਦਿੱਤੀ ਜਾਵੇਗੀ ਅਤੇ ਪੰਜਾਬ ਦਾ ਸਰਬਪੱਖੀ ਵਿਕਾਸ ਕਰਕੇ ਇਸ ਦੀ ਕਾਇਆ ਕਲਪ ਕੀਤੀ ਜਾਵੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਭਾਜਪਾ ਨਾਲ ਜੁੜਨ ਅਤੇ ਸੂਬੇ ਦੇ ਵਿਕਾਸ ਲਈ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਇਸ ਮੌਕੇ ਭਾਜਪਾ ਆਗੂ ਨੀਰਜ ਜਿੰਦਲ ਸਮੇਤ ਪਾਰਟੀ ਦੇ ਸਥਾਨਕ ਆਗੂ, ਵਰਕਰ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ। ਮੁੱਖ ਮੰਤਰੀ ਦੇ ਸਮਾਣਾ ਪਹੁੰਚਣ ਨੂੰ ਲੈ ਕੇ ਭਾਜਪਾ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ।