ਬੀਕੇਯੂ ਏਕਤਾ ਆਜ਼ਾਦ ਨੇ ਖੇਤੀ ਵਪਾਰ ਸਮਝੌਤੇ ਦੇ ਵਿਰੋਧ ’ਚ ਪੁਤਲੇ ਫੂਕੇ
ਬੀਕੇਯੂ ਏਕਤਾ ਆਜ਼ਾਦ ਨੇ ਖੇਤੀ ਵਪਾਰ ਸਮਝੌਤੇ ਦੇ ਵਿਰੋਧ ਚ ਪੁਤਲੇ ਫੂਕੇ
Publish Date: Sat, 14 Mar 2026 05:56 PM (IST)
Updated Date: Sun, 15 Mar 2026 04:10 AM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਖੇਤੀ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ਨੂੰ ਸਫਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਮੌਕੇ ਵਿਰੋਧ ਦਰਜ ਕਰਵਾਉਣ ਲਈ ਦਿੱਲੀ ਜੰਮੂ ਕੱਟੜਾ ਐਕਸਪ੍ਰੈਸ ਵੇਅ ਦੇ ਘੱਗਾ ਟੋਲ ਪਲਾਜਾ ਵਿਖੇ ਜਥੇਬੰਦੀ ਦੇ ਬਲਾਕ ਪ੍ਰਧਾਨ ਮਨਦੀਪ ਸਿੰਘ ਭੂਤਗੜ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਇਕੱਤਰ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਖੇਤੀ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਰੋਸ ਪ੍ਰਦਰਸ਼ਨ ਦੌਰਾਨ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਯਾਦਵਿੰਦਰ ਸਿੰਘ ਬੂਰੜ ਨੇ ਕਿਹਾ ਹੈ ਇੱਕ ਪਾਸੇ ਪੰਜਾਬ ਵਿੱਚ ਮੋਦੀ ਸਰਕਾਰ ਵੱਲੋਂ ਰੈਲੀਆਂ ਕੀਤੀਆਂ ਜਾਂ ਰਹੀਆਂ ਦੂਜੇ ਪਾਸੇ ਮੋਦੀ ਸਰਕਾਰ ਖੇਤੀ ਵਪਾਰ ਸਮਝੌਤੇ ਨੂੰ ਲਾਗੂ ਕਰਕੇ ਭਾਰਤ ਦੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ। ਖੇਤੀ ਵਪਾਰ ਸਮਝੌਤੇ ਦੇ ਲਾਗੂ ਹੋਣ ਨਾਲ ਪੰਜਾਬ ਦੇ ਕਿਸਾਨਾਂ ਦੀ ਰੀੜ੍ਹ ਦੀ ਹੱਡੀ ਟੁੱਟ ਜਾਣੀ ਹੈ। ਖੇਤੀ ਪੂਰੀ ਤਰ੍ਹਾਂ ਤਬਾਹੀ ਦੇ ਕੰਢੇ ਪੁੱਜ ਜਾਵੇਗੀ। ਡੇਅਰੀ ਫਾਰਮਿੰਗ ਦਾ ਧੰਦਾ ਜੋ ਪੰਜਾਬ ਦੇ ਲੋਕਾਂ ਦਾ ਇੱਕੋ ਇੱਕ ਰੁਜ਼ਗਾਰ ਦਾ ਵੱਡਾ ਸਾਧਨ ਹੈ। ਬਾਹਰੋਂ ਦੁੱਧ ਤੇ ਡੇਅਰੀ ਦੇ ਪ੍ਰੋਡਕਟ ਆਉਣ ਨਾਲ ਖਤਮ ਹੋ ਜਾਵੇਗਾ। ਪੰਜਾਬ ਤੇ ਭਾਰਤ ਦੇ ਲੋਕਾਂ ਦਾ ਪੈਦਾ ਕੀਤਾ ਦੁੱਧ ਕੌਡੀਆਂ ਦੇ ਭਾਅ ਹੋ ਜਾਣਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਅਮਰੀਕਾ ਅੱਗੇ ਪੂਰੀ ਤਰ੍ਹਾਂ ਗੋਡੇ ਟੇਕ ਕੇ ਸਮਝੌਤਾ ਕੀਤਾ ਹੈ। ਜਿਸਦੇ ਨਾਲ ਭਾਰਤ ਦੀ ਪ੍ਰਭੂ ਸੱਤਾ ਨੂੰ ਵੀ ਡੂੰਘੀ ਸੱਟ ਵੱਜੀ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਖੇਤੀ ਵਪਾਰ ਸਮਝੌਤੇ ਨੂੰ ਕੇਂਦਰ ਦੀ ਮੋਦੀ ਸਰਕਾਰ ਨੇ ਰੱਦ ਨਾ ਕੀਤਾ ਤਾਂ ਪੰਜਾਬ ਤੇ ਭਾਰਤ ਦੇ ਲੋਕਾਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਵਾਂਗ ਵੱਡਾ ਅੰਦੋਲਨ ਖੜਾ ਕੀਤਾ ਜਾਵੇਗਾ। ਪੰਜਾਬ ਸਰਕਾਰ ਵੀ ਮੋਦੀ ਸਰਕਾਰ ਦੀ ਖੇਤੀ ਟਰੇਡ ਡੀਲ ਸਮੇਤ ਸਾਰੇ ਬਿੱਲਾਂ ਨੂੰ ਲਾਗੂ ਕਰਨ ਲਈ ਪੱਬਾਂ ਭਾਰ ਹੋਈ ਹੈ। ਇਸ ਲਈ ਇਹਨਾਂ ਸਾਰੇ ਬਿੱਲਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਤੇ ਹਿਮਾਇਤੀ ਲੋਕਾਂ ਤੇ ਪੰਜਾਬ ਨੂੰ ਪੁਲਿਸ ਸਟੇਟ ਬਣਾ ਕੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੂੰ ਜੇਲਾਂ ਵਿੱਚ ਸੁਟਿਆ ਜਾ ਰਿਹਾ ਹੈ। ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਤਕੜਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਆਗੂ, ਪ੍ਰੈਸ ਸੱਕਤਰ ਗੁਰਜਿੰਦਰ ਸਿੰਘ ਸੁਧਾਰਨਪੁਰ, ਬਿੱਕਰ ਸਿੰਘ ਬੂਰੜ, ਅਮਨਦੀਪ ਸਿੰਘ ਘੱਗਾ, ਪ੍ਰਿਤਪਾਲ ਸਿੰਘ, ਸੁੱਖਾ ਸਿੰਘ, ਨਿਸ਼ਾਨ ਸਿੰਘ, ਮੁਖਤਿਆਰ ਸਿੰਘ, ਕੁਲਦੀਪ ਸਿੰਘ, ਗੁਰਜੰਟ ਸਿੰਘ ਅਤੇ ਪਪਨੀ ਘੱਗਾ ਆਦਿ ਹਾਜ਼ਰ ਸਨ।