- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੂਨਦਾਨ ਰਾਹੀਂ ਬਚਾਈ ਜਾ ਸਕਦੀ ਹੈ ਕਿਸੇ ਦੀ ਕੀਮਤੀ ਜਾਨ: ਹਰਚੰਦ ਬਰਸਟ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਪ੍ਰਧਾਨ ਵਿਜੇ ਗੋਇਲ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸਿਵਲ ਲਾਈਨਜ਼ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਮੁੱਖ ਮਹਿਮਾਨ ਵਜੋਂ ਕੀਤਾ। ਇਸ ਮੌਕੇ ਖੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਬਰਸਟ ਨੇ ਕਿਹਾ ਕਿ ਖੂਨਦਾਨ ਮਹਾਦਾਨ ਹੈ ਤੇ ਇਸ ਰਾਹੀਂ ਕਿਸੇ ਲੋੜਵੰਦ ਵਿਅਕਤੀ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਖੂਨ ਦੀ ਇਕ ਯੂਨਿਟ ਕਿਸੇ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਜਾਂ ਗੰਭੀਰ ਬਿਮਾਰੀ ਨਾਲ ਜੂਝ ਰਹੇ ਮਰੀਜ਼ ਲਈ ਜੀਵਨਦਾਨ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਸਮਰੱਥ ਨਾਗਰਿਕ ਨੂੰ ਮਨੁੱਖਤਾ ਦੀ ਸੇਵਾ ਲਈ ਅਜਿਹੇ ਕਾਰਜਾਂ ’ਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੂਨਦਾਨ ਕੈਂਪਾਂ ’ਚ ਸ਼ਮੂਲੀਅਤ ਕਰਨ ਅਤੇ ਹੋਰਨਾਂ ਨੂੰ ਵੀ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਸੁਸਾਇਟੀ ਦੇ ਪ੍ਰਧਾਨ ਵਿਜੇ ਗੋਇਲ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਭਵਿੱਖ ’ਚ ਵੀ ਲੋਕ ਭਲਾਈ ਦੇ ਕਾਰਜ ਜਾਰੀ ਰੱਖੇਗੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੀਮਾ ਉੱਪਲ, ਲੈਕਚਰਾਰ ਰਾਮ ਲਾਲ ਗੋਇਲ, ਅਜੀਤ ਸਿੰਘ ਭੱਟੀ, ਅਮਰੀਕ ਸਿੰਘ, ਆਸ਼ੂਤੋਸ਼ ਜੈਨ, ਪਰਮਜੀਤ ਸਿੰਘ ਸੋਹੀ, ਰਾਕੇਸ਼ ਕੁਮਾਰ, ਜਸਪ੍ਰੀਤ ਸਿੰਘ, ਐਨਐਸਐਸ ਇੰਚਾਰਜ ਪੁਸ਼ਪਿੰਦਰ ਕੌਰ ਤੇ ਰੁਪਿੰਦਰ ਕੌਰ ਸਮੇਤ ਸੋਸਾਇਟੀ ਮੈਂਬਰ ਅਤੇ ਸਕੂਲ ਸਟਾਫ਼ ਹਾਜ਼ਰ ਸਨ।