ਭੱਠਾ ਮਜ਼ਦੂਰਾਂ ਨੇ ਡੀਸੀ ਦਫ਼ਤਰ ਅੱਗੇ ਕੀਤਾ ਪੱਕਾ ਮੋਰਚਾ ਸ਼ੁਰੂ ਭੱਠਾ ਮਜ਼ਦੂਰਾਂ ਨੇ ਡੀਸੀ ਦਫ਼ਤਰ ਅੱਗੇ ਕੀਤਾ ਪੱਕਾ ਮੋਰਚਾ ਸ਼ੁਰੂ
Publish Date: Mon, 06 Jul 2026 04:55 PM (IST)
Updated Date: Tue, 07 Jul 2026 04:00 AM (IST)
ਮੰਗਾਂ ਸਬੰਧੀ ਲਿਖਤੀ ਇਕਰਾਰਨਾਮਾ ਹੋਣ ਤੱਕ ਸੰਘਰਸ਼ ਰਹੇਗਾ ਜਾਰੀ : ਨੀਟੂ ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਕਿਸਾਨ-ਮਜ਼ਦੂਰ ਐਸੋਸੀਏਸ਼ਨ ਪੰਜਾਬ ਦੇ ਬੈਨਰ ਹੇਠ ਸੋਮਵਾਰ ਨੂੰ ਭੱਠਾ ਮਜ਼ਦੂਰਾਂ ਨੇ ਜ਼ਿਲ੍ਹਾ ਪ੍ਰਧਾਨ ਦਿਲਵਰ ਖਾਂ ਦੀ ਅਗਵਾਈ ਹੇਠ ਟਰੈਕਟਰ-ਟਰਾਲੀਆਂ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਦਿਆਂ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਨੀਟੂ ਕੋਟ ਧਰਮੂੰ ਨੇ ਕਿਹਾ ਕਿ ਭੱਠਾ ਮਜ਼ਦੂਰ ਲੰਬੇ ਸਮੇਂ ਤੋਂ ਆਪਣੀ ਕਾਨੂੰਨੀ ਉਜਰਤ ਅਤੇ ਹੋਰ ਕਿਰਤ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਹਨ। ਇਸ ਸਬੰਧੀ ਪਿਛਲੇ ਕਈ ਮਹੀਨਿਆਂ ਦੌਰਾਨ ਡਿਪਟੀ ਕਮਿਸ਼ਨਰਾਂ, ਸਹਾਇਕ ਕਿਰਤ ਕਮਿਸ਼ਨਰਾਂ ਅਤੇ ਹੋਰ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਗਏ, ਪਰ ਕਿਰਤ ਵਿਭਾਗ ਵੱਲੋਂ ਭੱਠਾ ਮਾਲਕਾਂ ਨਾਲ ਮਿਲੀਭੁਗਤ ਕਰਕੇ ਮਾਮਲੇ ਨੂੰ ਲਗਾਤਾਰ ਲਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 28 ਫਰਵਰੀ ਨੂੰ ਵੀ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਕੇ ਪ੍ਰਸ਼ਾਸਨ ਨੂੰ ਚੇਤਾਇਆ ਗਿਆ ਸੀ। ਉਸ ਸਮੇਂ ਪ੍ਰਸ਼ਾਸਨ ਨੇ ਜਲਦ ਕਾਰਵਾਈ ਦਾ ਭਰੋਸਾ ਦਿੱਤਾ ਸੀ, ਪਰ ਅੱਜ ਤੱਕ ਨਾ ਤਾਂ ਕਾਨੂੰਨੀ ਰੇਟ ਲਾਗੂ ਕਰਵਾਏ ਗਏ ਅਤੇ ਨਾ ਹੀ ਮਜ਼ਦੂਰਾਂ ਦੀਆਂ ਹੋਰ ਜਾਇਜ਼ ਮੰਗਾਂ ਦਾ ਕੋਈ ਹੱਲ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਭੱਠਾ ਮਾਲਕ ਕਿਰਤ ਵਿਭਾਗ ਵੱਲੋਂ ਨਿਰਧਾਰਤ ਰੇਟ ਲਿਸਟ ਤੋਂ ਘੱਟ ਉਜਰਤ ਦੇ ਕੇ ਕੋਡ ਆਨ ਵੇਜਜ਼, 2019 ਦੀ ਖੁੱਲ੍ਹੇਆਮ ਉਲੰਘਣਾ ਕਰ ਰਹੇ ਹਨ। ਇਸ ਤੋਂ ਇਲਾਵਾ ਕਈ ਭੱਠਿਆਂ ਤੇ ਮਜ਼ਦੂਰਾਂ ਨੂੰ ਪੀਣ ਵਾਲਾ ਸਾਫ਼ ਪਾਣੀ, ਪਖਾਨੇ ਅਤੇ ਹੋਰ ਬੁਨਿਆਦੀ ਸਹੂਲਤਾਂ ਵੀ ਉਪਲਬਧ ਨਹੀਂ ਕਰਵਾਈਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਕਿਰਤ ਵਿਭਾਗ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਵਾਏ, ਪਰ ਵਿਭਾਗ ਦੀ ਚੁੱਪੀ ਕਾਰਨ ਮਜ਼ਦੂਰਾਂ ਦਾ ਸ਼ੋਸ਼ਣ ਲਗਾਤਾਰ ਜਾਰੀ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਮਜ਼ਦੂਰਾਂ ਦੀਆਂ ਮੰਗਾਂ ਲਿਖਤੀ ਰੂਪ ਵਿੱਚ ਸਵੀਕਾਰ ਨਹੀਂ ਕੀਤੀਆਂ ਜਾਂਦੀਆਂ ਅਤੇ ਕਾਨੂੰਨੀ ਉਜਰਤ ਲਾਗੂ ਕਰਨ ਸਬੰਧੀ ਠੋਸ ਭਰੋਸਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਇਹ ਪੱਕਾ ਮੋਰਚਾ ਨਿਰੰਤਰ ਜਾਰੀ ਰਹੇਗਾ। ਇਸ ਮੌਕੇ ਪ੍ਰਧਾਨ ਸੋਨੂੰ ਖਾਂ, ਪਰਗਟ ਸਿੰਘ, ਗੁਰਸੇਵਕ ਸਿੰਘ, ਬਸ਼ੀਰ ਖਾਂ, ਗੁਰਜੰਟ ਸਿੰਘ, ਅਜੈਬ ਸਿੰਘ, ਮਿੱਠੂ ਸਿੰਘ , ਬੂਟਾ ਖਾਂ ,ਮੇਜਰ ਸਿੰਘ , ਯੂਸਫ ਖਾਂ, ਮੰਗਾ ਖਾਂ, ਬੂਟਾ ਸਿੰਘ ਹਾਜ਼ਰ ਸਨ।