ਬਜਟ ਦੀਆਂ ਕਾਪੀਆਂ ਸਾਡ਼ ਕੇ ਕੀਤਾ ਰੋਸ ਪ੍ਰਦਰਸ਼ਨ
ਬਜਟ ਦੀਆਂ ਕਾਪੀਆਂ ਸਾਡ਼ ਕੇ ਕੀਤਾ ਰੋਸ ਪ੍ਰਦਰਸ਼ਨ
Publish Date: Fri, 13 Mar 2026 06:46 PM (IST)
Updated Date: Fri, 13 Mar 2026 06:48 PM (IST)

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ/ ਆਊਟਸੋਰਸ ਮੁਲਾਜ਼ਮਾਂ ਦੇ ਪੱਕੇ ਰੁਜ਼ਗਾਰ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਇਸ ਸਾਲ ਦੇ ਬਜਟ ਵਿਚ ਅਣਦੇਖੀ ਕਰਨ ਦੇ ਰੋਸ ਵਜੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫੈਸਲੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਨਹਿਰੀ ਵਿਸ਼ਰਾਮ ਘਰ ਦੇਵੀਗਡ਼੍ਹ ਵਿਖੇ ਬਜਟ ਦੀਆਂ ਕਾਪੀਆਂ ਸਾਡ਼ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਜਰਨਲ ਸਕੱਤਰ ਰਾਹੁਲ ਸ਼ਰਮਾ ਹਡਾਣਾ ਅਤੇ ਬ੍ਰਾਂਚ ਪ੍ਰਧਾਨ ਬਲਜਿੰਦਰ ਸਿੰਘ ਜਲਾਲਾਬਾਦ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਆਗੂਆਂ ਵੱਲੋਂ ਇਹ ਵਾਅਦਾ ਕੀਤਾ ਗਿਆ ਸੀ ਕਿ ਆਪ ਸਰਕਾਰ ਬਣਨ ਉਪਰੰਤ ਹਰ ਤਰ੍ਹਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ, ਪਰ ਹੁਣ ਇਸ ਸਰਕਾਰ ਵੱਲੋਂ 4 ਸਾਲ ਬੀਤ ਜਾਣ ਦੇ ਬਾਅਦ ਵੀ ਇਸ ਮੰਗ ਦਾ ਹੱਲ ਨਹੀਂ ਕੀਤਾ ਗਿਆ ਹੈ। 5 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਵਿਧਾਇਕਾਂ ਰਾਹੀਂ ਮੰਗ-ਪੱਤਰ ਭੇਜ ਕੇ ਮੰਗ ਕੀਤੀ ਗਈ ਕਿ ਇਸ ਵਿਧਾਨ ਸਭਾ ਇਜਲਾਸ ਵਿੱਚ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਵਾਅਦੇ ਨੂੰ ਪੂਰਾ ਕੀਤਾ ਜਾਵੇ। ਸਰਕਾਰ ਵੱਲੋਂ ਆਪਣੇ ਆਖ਼ਰੀ ਬਜਟ ਸੈਸ਼ਨ ਵਿੱਚ ਠੇਕਾ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਠੁਕਰਾ ਕੇ ਆਪਣੀ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਜਿਸਦੇ ਰੋਸ ਵਜੋਂ ਅੱਜ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫੈਸਲੇ ਤਹਿਤ ਬਜਟ ਦੀਆਂ ਕਾਪੀਆਂ ਸਾਡ਼ ਕੇ ਭਵਿੱਖ ਵਿੱਚ ਤਿੱਖੇ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਠੇਕਾ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣੀ ਸਬ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਪੰਜਾਬ ਦੇ ਹਲਕੇ ਦਿਡ਼੍ਹਬਾ ਵਿਚ 22 ਮਾਰਚ ਤੋਂ 5 ਅਪ੍ਰੈਲ 2026 ਤੱਕ ਵੱਡੇ ਇਕੱਠ ਕਰਕੇ ਪਿੰਡਾਂ ਵਿਚ ਝੰਡਾ ਮਾਰਚ ਕੀਤੇ ਜਾਣਗੇ ਅਤੇ 26 ਮਾਰਚ ਤੋਂ 28 ਮਾਰਚ ਤੱਕ ਦਿਡ਼੍ਹਬਾ ਹਲਕੇ ’ਚ ਝੰਡਾ ਮਾਰਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।