
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਰਸਟ ਵੱਲੋਂ ਸਮਾਣਾ ’ਚ 1.13 ਕਰੋੜ ਦੇ ਸੜਕੀ ਪ੍ਰੋਜੈਕਟਾਂ ਦੀ ਸ਼ੁਰੂਆਤ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਵਿਚ ਕਰੀਬ 1.13 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਸੜਕੀ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਪਿੰਡ ਵਜੀਦਪੁਰ ਵਿਖੇ ਢਕੜੱਬਾ ਤੋਂ ਵਜੀਦਪੁਰ ਤੱਕ 2.90 ਕਿਲੋਮੀਟਰ ਲੰਬੀ ਸੜਕ ਦੇ ਨਵੀਨੀਕਰਨ ’ਤੇ ਕਰੀਬ 79.15 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਪਿੰਡ ਜਾਹਲਾਂ ਵਿਖੇ ਚੁਹੜਪੁਰ ਤੋਂ ਜਾਹਲਾਂ ਤੱਕ 1.21 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ’ਤੇ ਕਰੀਬ 33.57 ਲੱਖ ਰੁਪਏ ਦੀ ਲਾਗਤ ਆਵੇਗੀ। ਚੇਅਰਮੈਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਦਰਜਨਾਂ ਪਿੰਡਾਂ ਦੇ ਵਸਨੀਕਾਂ ਨੂੰ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸੜਕੀ ਨੈੱਟਵਰਕ ਵਿਚ ਸੁਧਾਰ ਨਾਲ ਪਿੰਡਾਂ ਦਾ ਸ਼ਹਿਰਾਂ ਅਤੇ ਮੁੱਖ ਮਾਰਗਾਂ ਨਾਲ ਸੰਪਰਕ ਹੋਰ ਬਿਹਤਰ ਹੋਵੇਗਾ। ਇਕੱਠ ਨੂੰ ਸੰਬੋਧਨ ਕਰਦਿਆਂ ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਨਾਗਰਿਕ ਤੱਕ ਬਿਹਤਰ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੀ ਮੰਗ ਇਲਾਕਾ ਵਾਸੀਆਂ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ। ਇਸ ਮੌਕੇ ਵਜੀਦਪੁਰ ਦੇ ਸਰਪੰਚ ਮਨਪ੍ਰੀਤ ਸਿੰਘ, ਕਕਰਾਲਾ ਦੇ ਸਰਪੰਚ ਅਮਰੀਕ ਸਿੰਘ, ਢਕੜੱਬਾ ਦੇ ਸਰਪੰਚ ਪਰਗਟ ਸਿੰਘ, ਜਾਹਲਾਂ ਦੇ ਸਰਪੰਚ ਜਗਤਾਰ ਸਿੰਘ ਸਮੇਤ ਪੰਜਾਬ ਮੰਡੀ ਬੋਰਡ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।