- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਤਰੀ ਬੈਂਸ ਨੇ ਸਫ਼ਾਈ ਦੇ ਨਾਲ-ਨਾਲ ਸ਼ਹਿਰਾਂ ਦੀ ਇੱਕ ਹੋਰ ਵੱਡੀ ਸਮੱਸਿਆ ਵੱਲ ਧਿਆਨ ਦਿਵਾਉਂਦਿਆਂ ਕਿਹਾ ਕਿ ਬਰਸਾਤਾਂ ਦੇ ਦਿਨਾਂ ਵਿੱਚ ਜਾਂ ਆਮ ਦਿਨਾਂ ਵਿੱਚ ਸੀਵਰੇਜ ਜਾਮ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮੁਹਿੰਮ ਤਹਿਤ ਨਿਕਾਸੀ ਪ੍ਰਬੰਧਾਂ ਨੂੰ ਦਰੁਸਤ ਕੀਤਾ ਜਾਵੇਗਾ ਅਤੇ ਸੀਵਰੇਜ ਜਾਮ ਦੀ ਸਮੱਸਿਆ ਨੂੰ ਜੜੋਂ ਖ਼ਤਮ ਕਰਨ ਲਈ ਠੋਸ ਰਣਨੀਤੀ ਤਿਆਰ ਕੀਤੀ ਗਈ ਹੈ।
ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ । ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਵਿੱਢੀ ਗਈ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਚਨਚੇਤ ਪਟਿਆਲਾ ਪਹੁੰਚੇ। ਉਨ੍ਹਾਂ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਚੱਲ ਰਹੇ ਸਫ਼ਾਈ ਕਾਰਜਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨਗਰ ਨਿਗਮ ਦਫ਼ਤਰ ਤੋਂ ਕੁਝ ਹੀ ਦੂਰੀ 'ਤੇ ਸਥਿਤ ਮੋਤੀ ਮਹਿਲ ਨੇੜਲੀ ਮੁੱਖ ਸੜਕ ਦਾ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ ਅਤੇ ਉੱਥੇ ਚੱਲ ਰਹੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਨਰੋਆ ਵਾਤਾਵਰਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਸੂਬੇ ਭਰ ਵਿੱਚ ਚਾਰ ਪੜਾਵਾਂ ਤਹਿਤ ਇੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੈਗਾ ਮੁਹਿੰਮ ਦਾ ਮੁੱਖ ਉਦੇਸ਼ ਪੰਜਾਬ ਦੇ ਹਰ ਛੋਟੇ-ਵੱਡੇ ਸ਼ਹਿਰ, ਕਸਬੇ ਦੀ ਹਰ ਸੜਕ, ਗਲੀ ਅਤੇ ਮੁਹੱਲੇ ਨੂੰ ਕੂੜਾ-ਮੁਕਤ ਅਤੇ ਚਮਕਦਾਰ ਬਣਾਉਣਾ ਹੈ।
ਮੰਤਰੀ ਬੈਂਸ ਨੇ ਸਫ਼ਾਈ ਦੇ ਨਾਲ-ਨਾਲ ਸ਼ਹਿਰਾਂ ਦੀ ਇੱਕ ਹੋਰ ਵੱਡੀ ਸਮੱਸਿਆ ਵੱਲ ਧਿਆਨ ਦਿਵਾਉਂਦਿਆਂ ਕਿਹਾ ਕਿ ਬਰਸਾਤਾਂ ਦੇ ਦਿਨਾਂ ਵਿੱਚ ਜਾਂ ਆਮ ਦਿਨਾਂ ਵਿੱਚ ਸੀਵਰੇਜ ਜਾਮ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮੁਹਿੰਮ ਤਹਿਤ ਨਿਕਾਸੀ ਪ੍ਰਬੰਧਾਂ ਨੂੰ ਦਰੁਸਤ ਕੀਤਾ ਜਾਵੇਗਾ ਅਤੇ ਸੀਵਰੇਜ ਜਾਮ ਦੀ ਸਮੱਸਿਆ ਨੂੰ ਜੜੋਂ ਖ਼ਤਮ ਕਰਨ ਲਈ ਠੋਸ ਰਣਨੀਤੀ ਤਿਆਰ ਕੀਤੀ ਗਈ ਹੈ।
ਮੰਤਰੀ ਨੇ ਕਿਹਾ ਕਿ "ਸਾਡਾ ਨਿਸ਼ਾਨਾ ਸਿਰਫ਼ ਕਾਗਜ਼ਾਂ ਵਿੱਚ ਸਫ਼ਾਈ ਕਰਨਾ ਨਹੀਂ, ਸਗੋਂ ਜ਼ਮੀਨੀ ਪੱਧਰ 'ਤੇ ਬਦਲਾਅ ਲਿਆਉਣਾ ਹੈ। ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।"
ਇਸ ਮੌਕੇ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਵਿੱਚ ਯੋਗਦਾਨ ਪਾਉਣ। ਇਸ ਦੌਰਾਨ ਉਨ੍ਹਾਂ ਨਾਲ ਪ੍ਰਸ਼ਾਸਨਿਕ ਅਧਿਕਾਰੀ ਅਤੇ ਸਥਾਨਕ ਆਗੂ ਵੀ ਮੌਜੂਦ ਸਨ।