- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੋਵਾਂ ਮੰਤਰੀਆਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਅਤੇ ਇਲਾਜ ਕਰ ਰਹੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਸਾਰੇ ਮਰੀਜ਼ਾਂ ਨੂੰ ਬਿਹਤਰ ਤੋਂ ਬਿਹਤਰ ਇਲਾਜ ਮੁਹੱਈਆ ਕਰਵਾਇਆ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ।

ਸਟਾਫ ਰਿਪੋਰਟਰ, ਪਟਿਆਲਾ: ਪੰਜਾਬ ਦੇ ਕੈਬਨਿਟ ਮੰਤਰੀਆਂ ਬਰਿੰਦਰ ਗੋਇਲ ਅਤੇ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਲਹਿਰਾ ਹਲਕੇ ਦੇ ਪਿੰਡ ਅਲੀਸ਼ੇਰ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਹਾਲ-ਚਾਲ ਜਾਣਿਆ। ਦੋਵਾਂ ਮੰਤਰੀਆਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਅਤੇ ਇਲਾਜ ਕਰ ਰਹੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਸਾਰੇ ਮਰੀਜ਼ਾਂ ਨੂੰ ਬਿਹਤਰ ਤੋਂ ਬਿਹਤਰ ਇਲਾਜ ਮੁਹੱਈਆ ਕਰਵਾਇਆ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ।
ਡਾ. ਬਲਬੀਰ ਸਿੰਘ ਅਤੇ ਬਰਿੰਦਰ ਗੋਇਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਭਿਆਨਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜ਼ਖ਼ਮੀਆਂ ਦਾ ਇਲਾਜ ਵੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਦਾਖ਼ਲ ਮਨਰੇਗਾ ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਖਾਣ-ਪੀਣ ਦੀ ਸਹੂਲਤ ਦਾ ਵੀ ਪ੍ਰਬੰਧ ਕੀਤਾ ਜਾਵੇਗਾ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਇਹ ਹਾਦਸਾ 18 ਅਕਤੂਬਰ ਨੂੰ ਸ਼ਾਮ ਕਰੀਬ ਸਾਢੇ ਚਾਰ ਵਜੇ ਜਾਖਲ-ਲਹਿਰਾਗਾਗਾ ਸੜਕ ’ਤੇ ਪਿੰਡ ਅਲੀਸ਼ੇਰ ਵਿਖੇ ਵਾਪਰਿਆ। ਉਸ ਸਮੇਂ ਮਨਰੇਗਾ ਵਰਕਰ ਸੜਕ ਕਿਨਾਰੇ ਬੂਟੇ ਲਗਾਉਣ ਅਤੇ ਸਫ਼ਾਈ ਦਾ ਕੰਮ ਕਰ ਰਹੇ ਸਨ। ਇਸ ਦੌਰਾਨ ਜਦੋਂ ਉਹ ਪਾਣੀ ਪੀਣ ਲਈ ਰੁਕੇ ਤਾਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਅੱਠ ਵਰਕਰਾਂ ਦੀ ਮੌਤ ਹੋ ਗਈ, ਜਦਕਿ 12 ਹੋਰ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਗੰਭੀਰ ਜ਼ਖ਼ਮੀ ਪੰਜ ਮਹਿਲਾ ਵਰਕਰਾਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਦਕਿ ਬਾਕੀ ਜ਼ਖ਼ਮੀਆਂ ਦਾ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਮੰਤਰੀਆਂ ਨੇ ਦੱਸਿਆ ਕਿ ਜ਼ੇਰੇ ਇਲਾਜ ਮਰੀਜ਼ਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਪੀੜਤਾਂ ਦੀ ਸਹਾਇਤਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸਹੂਲਤ ਲਈ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਲਾਪਰਵਾਹੀ ਕਾਰਨ ਵਾਪਰੇ ਇਸ ਹਾਦਸੇ ਵਿੱਚ ਅੱਠ ਪਰਿਵਾਰਾਂ ਦੇ ਚਿਰਾਗ ਬੁਝ ਗਏ ਹਨ। ਉਨ੍ਹਾਂ ਕਿਹਾ ਕਿ ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਇਸ ਮੌਕੇ ਮੈਡੀਕਲ ਕਾਲਜ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਆਰ.ਪੀ.ਐੱਸ. ਸਿਬੀਆ, ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ, ਬੀ.ਡੀ.ਪੀ.ਓ. ਭਵਾਨੀਗੜ੍ਹ ਸੁਖਵਿੰਦਰ ਸਿੰਘ ਟਿਵਾਣਾ, ਡਾ. ਪਰਮਜੀਤ ਸਿੰਘ ਰਾਜਾ ਅਤੇ ਡਾ. ਵਿਨੋਦ ਡਾਂਗਵਾਲ ਵੀ ਹਾਜ਼ਰ ਸਨ।