ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਸੰਜੀਵ ਅਰੋੜਾ

ਸਟਾਫ ਰਿਪੋਰਟਰ, •ਪੰਜਾਬੀ ਜਾਗਰਣ, •ਪਟਿਆਲਾ : ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਪਟਿਆਲਾ ਵਿਚ ਹੋਈ ਐੱਮਐੱਸਐੱਮਈ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮਸਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਇਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ। ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤਾਂ ਜਾਰੀ ਕਰਦਿਆਂ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਸ਼ਹਿਰਾਂ ਵਿਚ ਸਫਾਈ ਅਤੇ ਸੀਵਰੇਜ ਪ੍ਰਣਾਲੀ ਦੇ ਸੁਧਾਰ ‘ਤੇ ਖਾਸ ਧਿਆਨ ਦਿੱਤਾ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਇਸ ਸੰਦਰਭ ਵਿਚ ਉਨ੍ਹਾਂ ਐਲਾਨ ਕੀਤਾ ਕਿ ਮਈ ਮਹੀਨੇ ਦੇ ਅਖੀਰ ਤੱਕ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ 1300 ਕਰੋੜ ਦੀ ਲਾਗਤ ਨਾਲ 2120 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ਪੇਂਡੂ ਖੇਤਰਾਂ ਲਈ ਵੱਖਰੀ ਯੋਜਨਾ ਤਿਆਰ ਕੀਤੀ ਗਈ ਹੈ। ਸੰਜੀਵ ਅਰੋੜਾ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਕ ਮਹੀਨੇ ਦੇ ਅੰਦਰ ਨਵੀਂ ਇੰਡਸਟ੍ਰੀਅਲ ਪਾਰਕ ਨੀਤੀ ਲਾਗੂ ਕਰਨ ਜਾ ਰਹੀ ਹੈ, ਜਿਸ ਤਹਿਤ ਘੱਟੋ-ਘੱਟ 25 ਏਕੜ ਵਿਚ ਫੈਲੇ ਵੱਡੇ ਉਦਯੋਗਿਕ ਪਾਰਕ ਸੂਬੇ ਵਿੱਚ ਵਿਕਸਿਤ ਕੀਤੇ ਜਾਣਗੇ। ਉਦਯੋਗਪਤੀ ਤੇ ਰੀਅਲ ਐਸਟੇਟ ਡਿਵੈਲਪਰ ਸਾਂਝੇ ਤੌਰ ‘ਤੇ ਇਨ੍ਹਾਂ ਪਾਰਕਾਂ ਦੇ ਵਿਕਾਸ ਵਿੱਚ ਭਾਗ ਲੈਣਗੇ। ਸਰਕਾਰ ਨਵੀਂ ਇੰਡਸਟ੍ਰੀਅਲ ਪਾਰਕ ਨੀਤੀ ਤਿਆਰ ਕਰ ਰਹੀ ਹੈ, ਜੋ ਪ੍ਰਾਈਵੇਟ ਸੈਕਟਰ ਨੂੰ ਉਦਯੋਗਿਕ ਪਾਰਕ ਵਿਕਸਿਤ ਕਰਨ ਲਈ ਉਤਸ਼ਾਹਿਤ ਕਰੇਗੀ। ਇਨ੍ਹਾਂ ਪਾਰਕਾਂ ਵਿੱਚ ਵੱਡੇ ਅਤੇ ਛੋਟੇ ਦੋਹਾਂ ਕਿਸਮ ਦੇ ਪਲਾਟ ਉਪਲਬਧ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਚਾਹੇ ਫਸਲਾਂ ਨੂੰ ਨੁਕਸਾਨ ਹੋਵੇ ਜਾਂ ਕੁਦਰਤੀ ਆਫ਼ਤਾਂ ਕਾਰਨ ਕਿਸਾਨਾਂ ਨੂੰ ਹਾਨੀ ਪਹੁੰਚੇ, ਸਰਕਾਰ ਹਰ ਸੰਭਵ ਮਦਦ ਮੁਹੱਈਆ ਕਰਵਾਏਗੀ। ਬਿਜਲੀ ਖੇਤਰ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਪਹਿਲਾਂ ਸੋਲਰ ਪ੍ਰੋਜੈਕਟਾਂ ਲਈ 100 ਫੀਸਦੀ ਅਲਾਟਮੈਂਟ ਹੁੰਦੀ ਸੀ ਪਰ ਹੁਣ ਬਿਜਲੀ ਬੋਰਡ ਖੁਦ ਟੈਂਡਰ ਜਾਰੀ ਕਰ ਰਿਹਾ ਹੈ ਅਤੇ ਇਸ ਨੂੰ ਵੱਡੀ ਸਫਲਤਾ ਮਿਲ ਰਹੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਨਵੀਂ ਉਦਯੋਗਿਕ ਨੀਤੀ 2026 ਤਹਿਤ ਫਿਲਮ ਸਟੂਡੀਓ, ਹਸਪਤਾਲ ਅਤੇ ਹੋਟਲ ਵਰਗੇ ਕਈ ਨਵੇਂ ਖੇਤਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਖ਼ਾਸ ਤੌਰ ‘ਤੇ ਐਮਐਸਐਮਈ ਸੈਕਟਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਗਿਆ ਹੈ ਕਿਉਂਕਿ ਇਹ ਉਦਯੋਗਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਹੈ।