ਕੈਂਪ ਦੌਰਾਨ 20 ਸ਼ਿਕਾਇਤਾਂ ਦਾ ਕੀਤਾ ਨਿਪਟਾਰਾ
ਕੈਂਪ ਦੋਰਾਨ 20 ਸ਼ਿਕਾਇਤਾਂ ਦਾ ਨਿਪਟਾਰਾ
Publish Date: Fri, 16 Jan 2026 06:12 PM (IST)
Updated Date: Fri, 16 Jan 2026 06:15 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) ਅਧੀਨ ਮਿਲੀਆਂ ਦੂਜੀਆਂ ਅਪੀਲਾਂ ਦੀ ਸੁਣਵਾਈ ਲਈ ਮੁੱਖ ਮੰਤਰੀ ਫੀਲਡ ਅਫਸਰ, ਸਤੀਸ਼ ਕੁਮਾਰ ਦੀ ਅਗਵਾਈ ਵਿਚ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੁੱਲ 17 ਦੂਜੀਆਂ ਅਪੀਲਾਂ ਦੀ ਵਿਸਥਾਰ ਨਾਲ ਸੁਣਵਾਈ ਕੀਤੀ ਗਈ। ਇਸ ਤੋਂ ਇਲਾਵਾ, ਕੈਂਪ ਵਿਚ ਸ਼ਾਮਲ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਾਪਤ ਰਿਪੋਰਟਾਂ ਦੇ ਆਧਾਰ ’ਤੇ 20 ਸ਼ਿਕਾਇਤਾਂ ਦਾ ਸਫ਼ਲਤਾਪੂਰਵਕ ਨਿਪਟਾਰਾ ਕੀਤਾ ਗਿਆ। ਮੁੱਖ ਮੰਤਰੀ ਫੀਲਡ ਅਫਸਰ ਪਟਿਆਲਾ ਨੇ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਵਿਭਾਗੀ ਪੱਧਰ ’ਤੇ ਪਹਿਲੇ ਹੀ ਪੜਾਅ ’ਤੇ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਹੁਕਮਾਂ ਅਨੁਸਾਰ ਪੀ.ਜੀ.ਆਰ.ਐਸ. ਪੋਰਟਲ ’ਤੇ ਦਰਜ ਸ਼ਿਕਾਇਤਾਂ ਨੂੰ ਤਰਜੀਹ ਦੇ ਆਧਾਰ ’ਤੇ ਨਿਸ਼ਚਿਤ ਸਮੇਂ ਅੰਦਰ ਨਿਪਟਾਇਆ ਜਾਵੇ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕਿਸੇ ਵਿਭਾਗ ਵੱਲੋਂ ਦਿੱਤੇ ਗਏ ਜਵਾਬ ਤੋਂ ਸ਼ਿਕਾਇਤਕਰਤਾ ਸੰਤੁਸ਼ਟ ਨਹੀਂ ਹੁੰਦਾ ਤਾਂ ਉਹ ਪਹਿਲੀ ਅਤੇ ਫਿਰ ਦੂਜੀ ਅਪੀਲ ਦਰਜ ਕਰ ਸਕਦਾ ਹੈ, ਜਿਸ ਦੀ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਸੁਣਵਾਈ ਕੀਤੀ ਜਾਂਦੀ ਹੈ। ਕੈਂਪ ਦੌਰਾਨ ਆਪਣੀਆਂ ਸ਼ਿਕਾਇਤਾਂ ਦਾ ਹੱਲ ਕਰਵਾਉਣ ਲਈ ਪਹੁੰਚੇ ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਇਸ ਲੋਕ-ਹਿਤਕਾਰੀ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਥਾਨਕ ਸਰਕਾਰਾਂ, ਸਿਹਤ ਵਿਭਾਗ, ਲੋਕ ਨਿਰਮਾਣ ਵਿਭਾਗ, ਪੀਐੱਸਪੀਸੀਐੱਲ, ਟਰਾਂਸਪੋਰਟ ਵਿਭਾਗ, ਪੁਲਿਸ, ਪੁੱਡਾ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।