ਖੇਤ ਬਚਾਓ ਅਭਿਆਨ ਤਹਿਤ ਕੈਂਪ ਲਗਾਇਆ
ਖੇਤ ਬਚਾਓ ਅਭਿਆਨ ਤਹਿਤ ਕੈਂਪ ਦਾ ਆਯੋਜਨ
Publish Date: Fri, 05 Jun 2026 04:43 PM (IST)
Updated Date: Fri, 05 Jun 2026 04:44 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਪਿੰਡ ਆਕੜੀ ਵਿਖੇ ਖੇਤ ਬਚਾਓ ਅਭਿਆਨ ਤਹਿਤ ਇਕ ਰੋਜ਼ਾ ਕਿਸਾਨ ਜਾਗਰੂਕਤਾ ਕੈਂਪ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੇ ਉੱਦਮੀ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਕੈਂਪ ਦੀ ਅਗਵਾਈ ਕਰਦਿਆਂ ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਨੇ ਕਿਸਾਨਾਂ ਨੂੰ ਝੋਨੇ ਦੇ ਮਧਰੇ ਬੂਟਿਆਂ ਵਿਚ ਆਉਣ ਵਾਲੇ ਵਿਸ਼ਾਣੂ ਰੋਗ ਤੋਂ ਬਚਾਅ ਲਈ ਨਰਸਰੀ ਅਤੇ ਖੇਤ ਵਿਚ ਚਿੱਟੀ ਪਿੱਠ ਵਾਲੇ ਟਿੱਡੇ ਦੀ ਨਿਗਰਾਨੀ ਅਤੇ ਇਸ ਦੇ ਸਮੇਂ ਸਿਰ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਯੂਰੀਆ ਤੇ ਡੀਏਪੀ ਵਰਗੀਆਂ ਖਾਦਾਂ ਦੀ ਵੱਧ ਵਰਤੋਂ ਨਾਲ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਵੀ ਕਿਸਾਨਾਂ ਨੂੰ ਜਾਣੂ ਕਰਵਾਇਆ ਅਤੇ ਬਿਜਾਈ ਤੋਂ ਪਹਿਲਾਂ ਮਿੱਟੀ ਅਤੇ ਪਾਣੀ ਦੀ ਜਾਂਚ ਕਰਵਾਉਣ ਦੀ ਸਲਾਹ ਦਿੱਤੀ। ਡਾ. ਰਚਨਾ ਸਿੰਗਲਾ, ਪ੍ਰੋਫੈਸਰ, ਕੇ.ਵੀ.ਕੇ. ਪਟਿਆਲਾ ਨੇ ਕੈਂਪ ਦੌਰਾਨ ਕਿਸਾਨਾਂ ਨੂੰ ਝੋਨੇ ਦੀਆਂ ਪ੍ਰਮਾਣਿਤ ਕਿਸਮਾਂ ਦੀ ਬਿਜਾਈ ਕਰਨ, ਨਰਸਰੀ ਦੀ ਅਗੇਤੀ ਬਿਜਾਈ ਤੋਂ ਬਚਣ ਤੇ ਸਿਹਤਮੰਦ ਪਨੀਰੀ ਤਿਆਰ ਕਰਨ ਲਈ ਯੂਨੀਵਰਸਿਟੀ ਵੱਲੋਂ ਸਿਫਾਰਿਸ਼ ਕੀਤੀਆਂ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਕੈਂਪ ਦੌਰਾਨ ਕਿਸਾਨਾਂ ਨੂੰ ਘਰੇਲੂ ਪੱਧਰ ਤੇ ਪੌਸ਼ਟਿਕ ਬਗੀਚੀ ਲਗਾਉਣ ਅਤੇ ਫਲਾਂ ਤੇ ਸਬਜ਼ੀਆਂ ਦੀ ਜੈਵਿਕ ਤਰੀਕਿਆਂ ਨਾਲ ਕਾਸ਼ਤ ਕਰਨ ਲਈ ਵੀ ਉਤਸ਼ਾਹਿਤ ਕੀਤਾ ਗਿਆ। ਡਾ. ਗੁਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ, ਫ਼ਸਲ ਵਿਗਿਆਨ ਨੇ ਕਿਸਾਨਾਂ ਨੂੰ ਖੇਤੀ ਦੀ ਲਾਗਤ ਘਟਾਉਣ ਅਤੇ ਜ਼ਮੀਨ ਦੀ ਸਿਹਤ ਸੁਧਾਰਨ ਵਾਸਤੇ ਰੂੜੀ, ਫਸਲੀ ਰਹਿੰਦ-ਖੂਹੰਦ, ਜੀਵਾਣੂ ਖਾਦਾਂ ਅਤੇ ਹਰੀ ਖਾਦ ਦੀ ਵਰਤੋਂ ਲਾਜ਼ਮੀ ਤੌਰ ਤੇ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਸੰਤੁਲਿਤ ਖਾਦ ਪ੍ਰਬੰਧਨ ਨਾਲ ਫਸਲਾਂ ਦੀ ਪੈਦਾਵਾਰ ਵਿੱਚ ਵਾਧਾ ਹੋਣ ਦੇ ਨਾਲ-ਨਾਲ ਖੇਤੀ ਦੀ ਲਾਗਤ ਵਿੱਚ ਵੀ ਕਮੀ ਆਉਂਦੀ ਹੈ। ਨਾਲ ਹੀ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਵਿਚ ਆਉਣ ਵਾਲੇ ਖੁਰਾਕੀ ਤੱਤਾਂ ਦੀਆਂ ਘਾਟਾਂ ਦੀਆਂ ਨਿਸ਼ਾਨੀਆਂ ਅਤੇ ਪ੍ਰਬੰਧ ਬਾਰੇ ਵੀ ਜਾਣਕਾਰੀ ਦਿੱਤੀ ਗਈ। ਮਾਹਿਰਾਂ ਨੇ ਕਿਸਾਨਾਂ ਵੱਲੋਂ ਝੋਨੇ ਵਿੱਚ ਯੂਰੀਆ ਅਤੇ ਜ਼ਿੰਕ ਦੀ ਵਰਤੋਂ, ਨਾਲ ਹੀ ਝੋਨੇ ਦੇ ਮਧਰੇ ਬੂਟਿਆਂ ਅਤੇ ਝੂਠੀ ਕਾਂਗਿਆਰੀ ਦੇ ਰੋਗ ਸਬੰਧੀ ਪੁੱਛੇ ਗਏ ਸਵਾਲਾਂ ਦੇ ਤਸੱਲੀਬਖਸ਼ ਜਵਾਬ ਵੀ ਦਿੱਤੇ।