ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਤਿੰਨ ਰੋਜ਼ਾ ਸਿਖਲਾਈ ਸੰਪੰਨ
ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਤਿੰਨ ਰੋਜ਼ਾ ਸਿਖਲਾਈ ਸੰਪੰਨ
Publish Date: Mon, 15 Jun 2026 04:27 PM (IST)
Updated Date: Tue, 16 Jun 2026 04:01 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਦੀ ਅਗਵਾਈ ਹੇਠ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਕਰਵਾਇਆ ਗਿਆ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਪਟਿਆਲਾ ਵਿਖੇ ਸਫਲਤਾਪੂਰਵਕ ਸੰਪੰਨ ਹੋ ਗਿਆ। ਇਸ ਸਿਖਲਾਈ ਦੌਰਾਨ ਵਿਧਾਨ ਸਭਾ ਪੱਧਰ ਦੇ ਮਾਸਟਰ ਟ੍ਰੇਨਰਾਂ, ਸੁਪਰਵਾਈਜ਼ਰਾਂ, ਤਕਨੀਕੀ ਅਤੇ ਕਲੈਰੀਕਲ ਸਟਾਫ ਸਮੇਤ ਚੋਣ ਪ੍ਰਕਿਰਿਆ ਨਾਲ ਜੁੜੇ ਅਧਿਕਾਰੀਆਂ ਨੂੰ ਐਸ.ਆਈ.ਆਰ. ਦੀਆਂ ਪ੍ਰਕਿਰਿਆਵਾਂ ਅਤੇ ਦਿਸ਼ਾ-ਨਿਰਦੇਸ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ ਚੋਣ ਅਮਲੇ ਨੂੰ ਲੋੜੀਂਦੀ ਸਿਖਲਾਈ ਮੁਹੱਈਆ ਕਰਵਾਈ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ। ਜ਼ਿਲ੍ਹਾ ਮਾਲ ਅਫ਼ਸਰ ਸੰਦੀਪ ਸਿੰਘ ਅਤੇ ਚੋਣ ਤਹਿਸੀਲਦਾਰ ਵਿਜੇ ਚੌਧਰੀ ਨੇ ਦੱਸਿਆ ਕਿ ਤਿੰਨ ਦਿਨਾਂ ਦੌਰਾਨ ਸਾਰੇ ਸਬੰਧਤ ਅਧਿਕਾਰੀਆਂ ਨੂੰ ਐਸ.ਆਈ.ਆਰ. ਦੀਆਂ ਪ੍ਰਕਿਰਿਆਵਾਂ ਬਾਰੇ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ। ਸਿਖਲਾਈ ਦੌਰਾਨ ਮਾਸਟਰ ਟ੍ਰੇਨਰ ਹਰਕ੍ਰਿਸ਼ਨ ਸਿੰਘ, ਯੋਗੇਸ਼ ਗਰਗ, ਊਸ਼ਾ ਰਾਣੀ, ਸੰਦੀਪ ਸਿੰਘ ਅਤੇ ਜਗਦੇਵ ਸਿੰਘ ਨੇ ਭਾਗੀਦਾਰਾਂ ਨੂੰ ਵੋਟਰ ਸੂਚੀਆਂ ਦੀ ਸੁਧਾਈ, ਦਾਅਵਿਆਂ ਅਤੇ ਇਤਰਾਜ਼ਾਂ ਦੀ ਪ੍ਰਕਿਰਿਆ ਅਤੇ ਮੈਦਾਨੀ ਪੱਧਰ ਤੇ ਕੀਤੇ ਜਾਣ ਵਾਲੇ ਕੰਮਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਬੂਥ ਲੈਵਲ ਅਫ਼ਸਰ (ਬੀਐਲਓ) 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਗਣਨਾ ਅਤੇ ਫਾਰਮਾਂ ਦੀ ਵੰਡ ਤੇ ਇਕੱਤਰ ਕਰਨ ਦਾ ਕੰਮ ਕਰਨਗੇ। ਡਰਾਫਟ ਵੋਟਰ ਸੂਚੀ 3 ਅਗਸਤ ਨੂੰ ਜਾਰੀ ਹੋਵੇਗੀ, ਜਦਕਿ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ ਅਤੇ ਵੋਟਰ ਸੂਚੀ ਪੂਰੀ ਤਰ੍ਹਾਂ ਸ਼ੁੱਧ ਅਤੇ ਅਪਡੇਟ ਹੋਵੇ।