- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੁੱਧਨਸਾਧਾਂ ਵਿਖੇ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਇਆ ਕੈਂਪ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਦੇ ਕੈਬਨਿਟ ਮੰਤਰੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਦੇ ਆਦੇਸ਼ਾਂ ਅਨੁਸਾਰ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਣ ਲਈ 9 ਅਕਤੂਬਰ ਨੂੰ ਦੁੱਧਨਸਾਧਾਂ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਉਪ-ਮੰਡਲ ਮੈਜਿਸਟ੍ਰੇਟ ਮੇਜਰ ਹਰਜੋਤ ਕੌਰ, ਪੀਸੀਐੱਸ ਦੀ ਪ੍ਰਧਾਨਗੀ ਹੇਠ ਲਗਾਏ ਗਏ ਕੈਂਪ ਵਿਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਪਟਿਆਲਾ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਕੇਂਦਰੀ ਸੈਨਿਕ ਬੋਰਡ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸਰਕਾਰਾਂ ਵੱਲੋਂ ਹਾਲ ਹੀ ਵਿੱਚ ਇਨ੍ਹਾਂ ਸਕੀਮਾਂ ਤਹਿਤ ਕੀਤੇ ਗਏ ਵਾਧਿਆਂ ਬਾਰੇ ਵੀ ਦੱਸਿਆ। ਐੱਸਡੀਐੱਮ ਮੇਜਰ ਹਰਜੋਤ ਕੌਰ ਨੇ ਸਾਬਕਾ ਸੈਨਿਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਇਸ ਮੌਕੇ ਡਾ. ਮੇਜਰ ਯੋਗੇਸ਼ ਨੇ ਸਾਬਕਾ ਸੈਨਿਕਾਂ ਨੂੰ ਸਿਹਤ ਸਬੰਧੀ ਅਹਿਮ ਜਾਣਕਾਰੀ ਦਿੱਤੀ। ਕੈਂਪ ਦੌਰਾਨ ਦੁੱਧਨਸਾਧਾਂ ਤਹਿਸੀਲ ਨਾਲ ਸਬੰਧਤ ਚਾਰ ਸ਼ਹੀਦ ਸੈਨਿਕ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਝੰਡਾ ਦਿਵਸ ਫੰਡ ਵਿੱਚੋਂ ਦੋ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੀ ਪ੍ਰਦਾਨ ਕੀਤੇ ਗਏ। ਇਸ ਮੌਕੇ ਡਾ. ਵਿਕਰਾਂਤ ਕਾਂਸਲ, ਮੈਂਬਰ ਜ਼ਿਲ੍ਹਾ ਸੈਨਿਕ ਬੋਰਡ, ਤਹਿਸੀਲਦਾਰ ਦਫ਼ਤਰ ਦੇ ਨੁਮਾਇੰਦੇ ਅਤੇ ਸਬੰਧਤ ਵਿਭਾਗ ਦੇ ਸਟਾਫ਼ ਮੈਂਬਰ ਹਾਜ਼ਰ ਸਨ।