ਪਲਾਸਟਿਕ ਡੋਰ ਵੇਚਣ ਵਾਲੇ ਵਿਰੁੱਧ ਪਰਚਾ ਦਰਜ
ਪਲਾਸਟਿਕ ਡੋਰ ਵੇਚਣ ਵਾਲੇ ਵਿਰੁੱਧ ਪਰਚਾ ਦਰਜ
Publish Date: Sat, 10 Jan 2026 05:23 PM (IST)
Updated Date: Sun, 11 Jan 2026 04:04 AM (IST)

ਪਲਾਸਟਿਕ ਡੋਰ ਵੇਚਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ : ਐਕਸੀਅਨ ਡੋਰ ਵੇਚਣ ਵਾਲੀਆਂ ਦੁਕਾਨਾਂ ਦੀ ਹੋਵੇਗੀ ਚੈਕਿੰਗ ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਪੁਲਿਸ ਦੀ ਸਾਂਝੀ ਟੀਮ ਵੱਲੋਂ ਚਲਾਈ ਗਈ ਮੁਹਿੰਮ ਦੌਰਾਨ ਪਲਾਸਟਿਕ (ਚਾਈਨਾ) ਡੋਰ ਵੇਚਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐਕਸੀਅਨ ਰੋਹਿਤ ਸਿੰਗਲਾ ਨੇ ਦੱਸਿਆ ਕਿ ਬੋਰਡ ਵੱਲੋਂ ਜ਼ਿਲ੍ਹੇ ਵਿਚ ਪਾਬੰਦੀਸ਼ੁਦਾ ਚਾਈਨਾ ਡੋਰ ਦਾ ਭੰਡਾਰ ਕਰਨ, ਸਪਲਾਈ ਕਰਨ ਤੇ ਵੇਚਣ ਵਾਲਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐੱਸਡੀਓ ਗੁਰਮੇਹਰ ਸਿੰਘ ਤੇ ਜੇਈ ਰੁਪਿੰਦਰ ਸਿੰਘ ਵੱਲੋਂ ਸੰਗਰੂਰ ਪੁਲਿਸ ਨਾਲ ਮਿਲ ਕੇ ਪਲਾਸਟਿਕ ਡੋਰ ਵੇਚਣ ਵਾਲੇ ਇਕ ਵਿਅਕਤੀ ਖ਼ਿਲਾਫ਼ ਐੱਫਆਈਆਰ ਦਰਜ ਕਰਵਾਈ ਗਈ ਹੈ। ਨਾਲ ਹੀ ਚਾਈਨਾ ਡੋਰ ਦੀ ਸਪਲਾਈ, ਵੇਚ ਜਾਂ ਵਰਤੋਂ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਲਈ ਜਾਂਚ ਵੀ ਜਾਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਡੋਰ ਵੇਚਣ ਵਾਲੀਆਂ ਦੁਕਾਨਾਂ ਦੀ ਨਿਯਮਤ ਚੈਕਿੰਗ ਕੀਤੀ ਜਾਵੇਗੀ ਤੇ ਪਲਾਸਟਿਕ/ਨਾਈਲਨ/ਸਿੰਥੈਟਿਕ ਡੋਰ ਵੇਚਣ ਜਾਂ ਸਟੋਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਆਮ ਲੋਕਾਂ ਨੂੰ ਪਤੰਗ ਉਡਾਉਣ ਦੌਰਾਨ ਪਾਬੰਦੀਸ਼ੁਦਾ ਚਾਈਨਾ ਡੋਰ, ਨਾਈਲਨ ਜਾਂ ਸਿੰਥੈਟਿਕ ਧਾਗੇ ਦੀ ਵਰਤੋਂ ਨਾ ਕਰਨ ਸਬੰਧੀ ਇਕ ਜਨਤਕ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਨੋਟਿਸ ਅਨੁਸਾਰ ਜੇਕਰ ਕੋਈ ਵਿਅਕਤੀ ਚਾਈਨਾ ਡੋਰ ਦੀ ਵਰਤੋਂ, ਭੰਡਾਰਨ, ਸਪਲਾਈ, ਆਯਾਤ ਜਾਂ ਵਿਕਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।