ਅਕਾਲੀ ਆਗੂ ਦੀਆਂ ਵਧੀਆਂ ਮੁਸ਼ਕਲਾਂ, ਮੰਤਰੀ ਤੇ ਸਰਕਾਰੀ ਅਧਿਕਾਰੀਆਂ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ
ਪੁਲਿਸ ਵੱਲੋਂ ਦਰਜ ਕੀਤੀ ਗਈ ਐੱਫ.ਆਈ.ਆਰ ਅਨੁਸਾਰ, ਰਾਜ ਚੋਣ ਕਮਿਸ਼ਨ ਪੰਜਾਬ ਨੂੰ ਇੱਕ ਵੀਡੀਓ ਕਲਿੱਪ ਪ੍ਰਾਪਤ ਹੋਈ ਸੀ, ਜਿਸ ’ਚ ਬਿੱਟੂ ਚੱਠਾ ਮੀਡੀਆ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਅਤੇ ਸਰਕਾਰੀ ਅਧਿਕਾਰੀਆਂ ਨੂੰ ਸਿੱਧੇ ਤੌਰ 'ਤੇ ਧਮਕੀਆਂ ਦਿੰਦੇ ਦਿਖਾਈ ਦੇ ਰਹੇ ਹਨ।
Publish Date: Mon, 23 Nov 2026 11:42 AM (IST)
Updated Date: Mon, 23 Nov 2026 11:46 AM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ। ਨਗਰ ਨਿਗਮ ਚੋਣ ਪ੍ਰਕਿਰਿਆ ਵਿੱਚ ਸਿੱਧੇ ਤੌਰ 'ਤੇ ਸ਼ਾਮਲ ਇੱਕ ਮੰਤਰੀ ਅਤੇ ਸਰਕਾਰੀ ਅਧਿਕਾਰੀਆਂ ਨੂੰ ਜਨਤਕ ਤੌਰ 'ਤੇ ਧਮਕੀਆਂ ਦੇਣ ਦੇ ਦੋਸ਼ ਹੇਠ ਪਟਿਆਲਾ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਹਲਕਾ ਦਿਹਾਤੀ ਇੰਚਾਰਜ ਬਿੱਟੂ ਚੱਠਾ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਇਹ ਕਾਰਵਾਈ ਰਾਜ ਚੋਣ ਕਮਿਸ਼ਨ, ਪੰਜਾਬ ਦੇ ਸਕੱਤਰ ਵੱਲੋਂ ਭੇਜੇ ਗਏ ਪੱਤਰ ਅਤੇ ਇੱਕ ਵੀਡੀਓ ਕਲਿੱਪ ਦੇ ਆਧਾਰ 'ਤੇ ਥਾਣਾ ਸਿਵਲ ਲਾਈਨ ਵਿਖੇ ਅਮਲ ਵਿੱਚ ਲਿਆਂਦੀ ਗਈ ਹੈ।
ਪੁਲਿਸ ਵੱਲੋਂ ਦਰਜ ਕੀਤੀ ਗਈ ਐੱਫ.ਆਈ.ਆਰ ਅਨੁਸਾਰ, ਰਾਜ ਚੋਣ ਕਮਿਸ਼ਨ ਪੰਜਾਬ ਨੂੰ ਇੱਕ ਵੀਡੀਓ ਕਲਿੱਪ ਪ੍ਰਾਪਤ ਹੋਈ ਸੀ, ਜਿਸ ’ਚ ਬਿੱਟੂ ਚੱਠਾ ਮੀਡੀਆ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਅਤੇ ਸਰਕਾਰੀ ਅਧਿਕਾਰੀਆਂ ਨੂੰ ਸਿੱਧੇ ਤੌਰ 'ਤੇ ਧਮਕੀਆਂ ਦਿੰਦੇ ਦਿਖਾਈ ਦੇ ਰਹੇ ਹਨ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਰਾਜ ਚੋਣ ਕਮਿਸ਼ਨ ਦੇ ਸਕੱਤਰ ਨੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ ਅਤੇ ਐਸ.ਐਸ.ਪੀ. ਪਟਿਆਲਾ ਨੂੰ ਪੱਤਰ ਲਿਖ ਕੇ ਵੀਡੀਓ ਦੀ ਸੱਚਾਈ ਦੀ ਜਾਂਚ ਕਰਨ ਅਤੇ ਨਿਰਪੱਖ ਚੋਣਾਂ ਦੇ ਮੱਦੇਨਜ਼ਰ ਤੁਰੰਤ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ।
ਉੱਚ ਅਧਿਕਾਰੀਆਂ ਦੀਆਂ ਹਦਾਇਤਾਂ 'ਤੇ ਥਾਣਾ ਸਿਵਲ ਲਾਈਨ ਪਟਿਆਲਾ ਦੀ ਪੁਲਿਸ ਨੇ ਵੀਡੀਓ ਅਤੇ ਪੱਤਰ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਮੁਲਜ਼ਮ ਬਿੱਟੂ ਚੱਠਾ ਖ਼ਿਲਾਫ਼ ਖਿਲਾਫ ਮਾਮਲਾ ਦਰਜ ਕਰ ਲਿਆ ਹੈ।