- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਣਕ ਦੀ ਐੱਮ. ਐੱਸ. ਪੀ ਵਿਚ ਵਾਧੇ ਦੇ ਫੈਸਲੇ ਦੀ ਮੁਡ਼ ਸਮੀਖਿਆ ਕਰੇ ਕੇਂਦਰ ਸਰਕਾਰ: ਰਾਜਿੰਦਰ ਵਿਰਕ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਹਲਕਾ ਸਨੌਰ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੀ ਐੱਮਐੱਸਪੀ ਵਿਚ ਸਿਰਫ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਦੇ ਆਪਣੇ ਫੈਸਲੇ ਦੀ ਮੁਡ਼ ਸਮੀਖਿਆ ਕਰੇ ਤੇ ਘੱਟੋ ਘੱਟ 100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਐੱਮਐੱਸਪੀ ਵਿਚ ਕਿਸਾਨਾਂ ਨੂੰ ਦੇਵੇ। ਇਥੇ ਗੱਲਬਾਤ ਕਰਦਿਆਂ ਰਾਜਿੰਦਰ ਸਿੰਘ ਵਿਰਕ ਨੇ ਕਿਹਾ ਕਿ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨਾਲ ਕੇਂਦਰ ਸਰਕਾਰ ਨੇ ਐੱਮਐੱਸਪੀ 2610 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਹੈ ਜੋ ਬਹੁਤ ਨਿਗੂਣਾ ਵਾਧਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿਚ ਕਿਸਾਨਾਂ ਨੂੰ ਉਤਪਾਦਨ ਲਾਗਤ ਵਿਚ ਵੱਡੇ ਵਾਧੇ ਨਾਲ ਨਜਿੱਠਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਲਾਗਤ ਜ਼ਿਆਦਾ ਹੈ ਤੇ ਆਮਦਨ ਘੱਟ ਹੈ, ਅਜਿਹੇ ’ਚ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਰਾਜਿੰਦਰ ਸਿੰਘ ਵਿਰਕ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਦੋਂ ਸਮਾਜ ਦੇ ਹਰ ਖੇਤਰ ਦੇ ਲੋਕਾਂ ਦੇ ਹਿੱਤਾਂ ਤੇ ਭਲਾਈ ਦੀ ਬੇਹਤਰੀ ਵਾਸਤੇ ਕੰਮ ਕਰਦੀ ਹੈ ਤਾਂ ਅੰਨਦਾਤੇ ਦੇ ਹਿੱਤਾਂ ਦੀ ਵੀ ਰਾਖੀ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਸਾਰੇ ਦੇਸ਼ ਦੇ ਲੋਕਾਂ ਦਾ ਢਿੱਡ ਭਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਬਾਂਹ ਫਡ਼ਨਾ ਸਮੇਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੰਜਾਬ ਦਾ ਕਿਸਾਨ ਕਰਜ਼ੇ ਦੀ ਮਾਰ ਹੇਠ ਹੈ ਤੇ ਇਸ ਕਰਜ਼ੇ ਦੇ ਜਾਲ ਵਿਚੋਂ ਤਾਂ ਹੀ ਨਿਕਲ ਸਕਦਾ ਹੈ ਜੇਕਰ ਉਸਦੀ ਆਮਦਨ ਵਿਚ ਵਾਧਾ ਹੋਵੇ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿਚ ਕਿਸਾਨਾਂ ਦੀ ਬਾਂਹ ਫਡ਼ ਕੇ ਕੇਂਦਰ ਸਰਕਾਰ ਨੂੰ ਦਰਿਆਦਿਲੀ ਵਿਖਾਉਣੀ ਚਾਹੀਦੀ ਹੈ।