ਕੇਂਦਰੀ ਰਾਜ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਕੀਤਾ ਦੌਰਾ
ਕੇਂਦਰੀ ਰਾਜ ਮੰਤਰੀ ਰਕਸ਼ਾ ਨਿਖਿਲ ਖੜਸੇ ਨੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਕੀਤਾ ਦੌਰਾ
Publish Date: Mon, 15 Sep 2025 06:23 PM (IST)
Updated Date: Mon, 15 Sep 2025 06:26 PM (IST)

ਪਰਗਟ ਸਿੰਘ•, ਪੰਜਾਬੀ ਜਾਗਰਣ, •ਪਟਿਆਲਾ : ਕੇਂਦਰੀ ਯੁਵਕ ਮਾਮਲੇ ਤੇ ਖੇਡ ਰਾਜ ਮੰਤਰੀ ਰਕਸ਼ਾ ਨਿਖਿਲ ਖੜਸੇ ਨੇ ਸੋਮਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਦੇ ਨਾਲ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਖਾਸ ਕਰਕੇ ਘਨੌਰ ਹਲਕੇ ਦੇ ਪਿੰਡਾਂ ਜੰਡ ਮੰਗੋਲੀ, ਊਂਟਸਰ, ਕਾਮੀ ਖੁਰਦ ਤੇ ਚਮਾਰੂ ਵਿਚ ਘੱਗਰ ਨਦੀ ਦੇ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਮੁਸ਼ਕਿਲਾਂ ਸੁਣ ਕੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਰਕਸ਼ਾ ਨਿਖਿਲ ਖੜਸੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਾਰੇ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਨਿੱਜੀ ਦੌਰਾ ਕਰਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਝਣ ਲਈ ਕਿਹਾ ਹੈ, ਤਾਂ ਜੋ ਪੰਜਾਬ ਨੂੰ ਵੱਧ ਤੋਂ ਵੱਧ ਮਦਦ ਦਿੱਤੀ ਜਾ ਸਕੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਕੇਂਦਰ ਨੁਕਸਾਨ ਦਾ ਵਿਸਤ੍ਰਿਤ ਡਾਟਾ ਇਕੱਠਾ ਕਰ ਰਿਹਾ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਤੇ ਕਿਸਾਨਾਂ ਨੂੰ ਹਰ ਸੰਭਵ ਮੁਆਵਜ਼ਾ ਦਿੱਤਾ ਜਾਵੇਗਾ। ਰਾਜ ਮੰਤਰੀ ਨੇ ਐਸਡੀਐਮ ਨੂੰ ਇੱਕ ਸਹੀ ਅਤੇ ਵਿਆਪਕ ਸਰਵੇਖਣ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਮੁਆਵਜ਼ਾ ਸਿੱਧੇ ਤੌਰ ਤੇ ਸਾਰੇ ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚ ਸਕੇ। ਇਸ ਮੌਕੇ ਪ੍ਰਨੀਤ ਕੌਰ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ 140 ਤੋਂ ਵੱਧ ਪਿੰਡ ਅਤੇ ਲਗਭਗ 44000 ਏਕੜ ਉਪਜਾਊ ਖੇਤੀਬਾੜੀ ਜ਼ਮੀਨ ਪ੍ਰਭਾਵਿਤ ਹੋਈ ਹੈ। ਉਨ੍ਹਾਂ ਨੇ ਰੋਜ਼ੀ-ਰੋਟੀ ਬਹਾਲ ਕਰਨ ਅਤੇ ਲੋਕਾਂ ਨੂੰ ਤੁਰੰਤ ਰਾਹਤ ਪਹੁੰਚਾਉਣ ਲਈ ਤੁਰੰਤ ਮੁੜ ਵਸੇਬਾ ਯਤਨਾਂ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਵਿਚ ਕੇਂਦਰ ਸਰਕਾਰ ਅਤੇ ਭਾਜਪਾ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਘਨੌਰ ਤੋਂ ਭਾਜਪਾ ਦੇ ਹਲਕਾ ਇੰਚਾਰਜ ਵਿਕਾਸ ਸ਼ਰਮਾ, ਜ਼ਿਲ੍ਹਾ ਪ੍ਰਧਾਨ ਭਾਜਪਾ ਜਸਪਾਲ ਸਿੰਘ ਗੰਗਰੋਲੀ, ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਸਮੇਤ ਹੋਰ ਵੀ ਹਾਜ਼ਰ ਸਨ।