- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਨੇ ਲਾਏ ਪੰਜਾਬ ਸਰਕਾਰ ਤੇ ਗੰਭੀਰ ਦੋਸ਼

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਭਾਰਤੀ ਜਨਤਾ ਪਾਰਟੀ ਜਿਲਾ ਸੰਗਰੂਰ-1 ਦੇ ਪ੍ਰਧਾਨ ਸਰਜੀਵਨ ਜਿੰਦਲ ਨੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ (ਸੀਐੱਮਓ) ਨੂੰ ਭ੍ਰਿਸ਼ਟਾਚਾਰੀਆਂ ਦਾ ਅੱਡਾ ਕਰਾਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭ੍ਰਿਸ਼ਟਾਚਾਰੀਆਂ ਨੂੰ ਬਚਾ ਰਹੇ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੁੱਖ ਮੰਤਰੀ ਪੰਜਾਬ ਦੇ ਓਐੱਸਡੀ ਰਾਜਵੀਰ ਘੁੰਮਣ ਅਤੇ ਮੁੱਖ ਮੰਤਰੀ ਦਫ਼ਤਰ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰਨ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣਾ ਇਸ ਦਾ ਸਾਬਤ ਸਬੂਤ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਹਾਈਕੋਰਟ ਵਲੋਂ ਜਾਂਚ ਸੀਬੀਆਈ ਹਵਾਲੇ ਕਰਨ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਸ ਫੈਸਲੇ ਨਾਲ ਸਰਕਾਰ ਦੇ ‘ਕੱਟੜ ਇਮਾਨਦਾਰ’ ਹੋਣ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਈਡੀ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਤਿੰਨ ਵਾਰ ਪੱਤਰ ਭੇਜੇ ਜਾਣ ਦੇ ਬਾਵਜੂਦ ਪੰਜਾਬ ਪੁਲਿਸ ਵੱਲੋਂ ਐੱਫਆਈਆਰ ਦਰਜ ਨਹੀਂ ਕੀਤੀ ਗਈ। ਜੇਕਰ ਪੰਜਾਬ ਸਰਕਾਰ ਸੱਚੀ ਸੀ ਤਾਂ ਇਸ ਜਾਂਚ ਨੂੰ ਹਾਈਕੋਰਟ ਦੀ ਨਿਗਰਾਨੀ ਹੇਠ ਕਰਵਾ ਲੈਂਦੀ, ਪੰਜਾਬ ਸਰਕਾਰ ਨੇ ਅਜਿਹਾ ਨਹੀਂ ਕੀਤਾ ਕਿਉਂਕਿ ਦਾਲ ਵਿੱਚ ਕੁਝ ਕਾਲਾ ਹੈ। ਜੇ ਸਰਕਾਰ ਆਪਣੇ ਆਪ ਨੂੰ ਇਮਾਨਦਾਰ ਮੰਨਦੀ ਹੈ ਤਾਂ ਜਾਂਚ ਤੋਂ ਕਿਉਂ ਬਚਦੀ ਰਹੀ? ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਤਤਕਾਲੀ ਮੰਤਰੀ ਵਿਜੇ ਸਿੰਗਲਾ, ਫੌਜਾ ਸਿੰਘ ਸਰਾਰੀ, ਸੰਜੀਵ ਅਰੋੜਾ ਅਤੇ ਵਿਧਾਇਕ ਅਮਿਤ ਰਤਨ ਕੋਟਫੱਤਾ ਤੇ ਜਸਵੰਤ ਸਿੰਘ ਗੱਜਣਮਾਜਰਾ ਭ੍ਰਿਸ਼ਟਾਚਾਰ ਜਾਂ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਫਸ ਚੁੱਕੇ ਹਨ, ਜਦਕਿ ਤਤਕਾਲੀ ਮੰਤਰੀ ਲਾਲਜੀਤ ਸਿੰਘ ਭੁੱਲਰ ਸਰਕਾਰੀ ਅਧਿਕਾਰੀ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਜੇਲ੍ਹ ਜਾ ਚੁੱਕੇ ਹਨ। ਇਸ ਮੌਕੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰਦੀਪ ਗਰਗ, ਜ਼ਿਲ੍ਹਾ ਜਨਰਲ ਸਕੱਤਰ ਸੁਰਿੰਦਰ ਸ਼ਰਮਾ, ਜ਼ਿਲ੍ਹਾ ਮੀਤ ਪ੍ਰਧਾਨ ਨਵਦੀਪ ਸ਼ਰਮਾ , ਜ਼ਿਲ੍ਹਾ ਮੀਤ ਪ੍ਰਧਾਨ ਵਿਵੇਕ ਕਾਂਸਲ, ਪ੍ਰਤਾਪ ਸਿੰਘ ਢਿੱਲੋ, ਸੁਰੇਸ਼ ਬੇਦੀ ਅਤੇ ਬਲਜੀਤ ਕੌਰ ਜੀਤੀ ਹਾਜ਼ਰ ਸਨ।