- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਾਸ ਸਹੂਲਤਾਂ ਨਾ ਮਿਲਣ ਕਾਰਨ ਹਰਖੇ ਹੋਏ ਹਨ ਮੁੱਖ ਮੰਤਰੀ ਭਗਵੰਤ ਮਾਨ: ਬੀਬੀ ਹਰਪ੍ਰੀਤ ਮੁਖਮੇਲਪੁਰ

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਤੇ ਹਲਕਾ ਘਨੌਰ ਦੀ ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਖਾਸ ਸਹੂਲਤਾਂ ਨਾ ਮਿਲਣ ਕਾਰਨ ਉਹ ਹਰਖੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਵੱਲੋਂ ਕੀਤੀ ਜਾਂਚ ਤੇ ਜੁਰਮਾਨੇ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਬੇਚੈਨ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਮੁਖਮੇਲਪੁਰ ਨੇ ਕਿਹਾ ਕਿ ਕਸਟਮ ਵਿਭਾਗ ਵੱਲੋਂ ਦਿੱਲੀ ਹਵਾਈ ਅੱਡੇ ’ਤੇ ਜਾਂਚ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੁਰਮਾਨਾ ਲਗਾਏ ਜਾਣ ਦੇ ਮਾਮਲੇ ਨੂੰ ਆਮ ਆਦਮੀ ਪਾਰਟੀ ਸਹਿਣ ਨਹੀਂ ਕਰ ਪਾ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਇਸੇ ਕਾਰਨ ਵਿਧਾਨ ਸਭਾ ਵਰਗੇ ਪਵਿੱਤਰ ਸਦਨ ਵਿਚ ਖੜ੍ਹ ਕੇ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਥਾਪਨਾ ਇਮਾਨਦਾਰੀ, ਸਾਦਗੀ ਤੇ ਆਮ ਲੋਕਾਂ ਵਾਂਗ ਜੀਵਨ ਬਤੀਤ ਕਰਨ ਦੇ ਵਾਅਦਿਆਂ ਨਾਲ ਹੋਈ ਸੀ ਪਰ ਅੱਜ ਪਾਰਟੀ ਦੇ ਆਗੂਆਂ ’ਤੇ ਹੀ ਖਾਸ ਸਹੂਲਤਾਂ ਦੀ ਮੰਗ ਕਰਨ ਤੇ ਕਾਨੂੰਨੀ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਦੋਸ਼ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਆਮ ਲੋਕਾਂ ਦੇ ਹੱਕਾਂ ਦੀ ਗੱਲ ਕਰਦੀ ਸੀ, ਉਸ ਦੇ ਆਗੂਆਂ ਨੂੰ ਵੀ ਕਾਨੂੰਨ ਦੀ ਪਾਲਣਾ ਕਰਕੇ ਮਿਸਾਲ ਕਾਇਮ ਕਰਨੀ ਚਾਹੀਦੀ ਹੈ। ਬੀਬੀ ਮੁਖਮੇਲਪੁਰ ਨੇ ਕਿਹਾ ਕਿ ‘ਕਾਠ ਦੀ ਹਾਂਡੀ ਵਾਰ-ਵਾਰ ਨਹੀਂ ਚੜ੍ਹਦੀ’ ਅਤੇ ਲੋਕਾਂ ਨੂੰ ਵਾਰ-ਵਾਰ ਗੁਮਰਾਹ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਗੈਰਤਮੰਦ ਅਤੇ ਅਣਖੀ ਸੂਬਾ ਹੈ, ਇਸ ਲਈ ਸੂਬੇ ਦੇ ਮੁੱਖ ਮੰਤਰੀ ਨੂੰ ਆਪਣੇ ਅਹੁਦੇ ਦੀ ਮਰਿਆਦਾ ਕਾਇਮ ਰੱਖਦਿਆਂ ਕਾਨੂੰਨ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਅਹੁਦਾ ਬਹੁਤ ਜ਼ਿੰਮੇਵਾਰੀ ਵਾਲਾ ਹੁੰਦਾ ਹੈ ਅਤੇ ਇਸ ਅਹੁਦੇ ’ਤੇ ਬੈਠੇ ਵਿਅਕਤੀ ਤੋਂ ਲੋਕਾਂ ਨੂੰ ਇਮਾਨਦਾਰੀ, ਪਾਰਦਰਸ਼ਤਾ ਅਤੇ ਕਾਨੂੰਨ ਪ੍ਰਤੀ ਸਤਿਕਾਰ ਦੀ ਉਮੀਦ ਹੁੰਦੀ ਹੈ। ਬੀਬੀ ਮੁਖਮੇਲਪੁਰ ਨੇ ਕਿਹਾ ਕਿ ਸਿਆਸੀ ਆਗੂਆਂ ਨੂੰ ਨਿੱਜੀ ਜਾਂ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।