- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੰਟਰੈਕਟ ਅਧਿਆਪਕਾਂ ਦੀਆਂ ਮੰਗਾਂ ਦੇ ਹੱਲ ਲਈ ਮੁੱਖ ਸਕੱਤਰ ਵੱਲੋਂ ਜਲਦ ਕਾਰਵਾਈ ਦਾ ਭਰੋਸਾ: ਡਾ. ਤੇਜਿੰਦਰ ਪਾਲ ਸਿੰਘ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਕੰਟਰੈਕਟ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਪੁਕਟਾ ਦੇ ਵਫ਼ਦ ਦੀ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ (ਆਈ.ਏ.ਐਸ.) ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਅਸਿਸਟੈਂਟ ਪ੍ਰੋਫੈਸਰ ਤੇ ਧਰਮ ਅਧਿਐਨ ਮੰਚ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਤੇ ਪੁਕਟਾ ਦੇ ਜਨਰਲ ਸਕੱਤਰ ਰਮਨ ਪ੍ਰੀਤ ਸਿੰਘ ਨੇ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਮੁੱਖ ਸਕੱਤਰ ਸਾਹਮਣੇ ਵਿਸਥਾਰ ਨਾਲ ਰੱਖਿਆ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਯੂਜੀਸੀ ਰੈਗੂਲੇਸ਼ਨ-2018 ਨੂੰ ਲਾਗੂ ਕਰਨ ਤੇ ਕੰਟਰੈਕਟ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਨਾਲ ਸਬੰਧਤ ਮਾਮਲਿਆਂ ’ਤੇ ਚਰਚਾ ਕੀਤੀ ਗਈ। ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੇ ਵਫ਼ਦ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਤਨਖਾਹਾਂ ਨਾਲ ਸਬੰਧਤ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਹਾਈ ਕੋਰਟ ਵੱਲੋਂ ‘ਰਾਜਨ ਗੋਇਲ ਮਾਮਲੇ’ ਵਿਚ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਅਮਲੀ ਰੂਪ ਵਿਚ ਲਾਗੂ ਕਰਨ ਦਾ ਮੁੱਦਾ ਵੀ ਉਠਾਇਆ ਗਿਆ, ਜਿਸ ’ਤੇ ਮੁੱਖ ਸਕੱਤਰ ਵੱਲੋਂ ਸਕਾਰਾਤਮਕ ਹੁੰਗਾਰਾ ਦਿੱਤਾ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੁੱਖ ਸਕੱਤਰ ਵੱਲੋਂ ਸਬੰਧਤ ਫਾਈਲ ਤੁਰੰਤ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਭੇਜ ਦਿੱਤੀ ਗਈ। ਇਸ ਦੇ ਨਾਲ ਹੀ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਅਤੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਾਲ ਜਲਦ ਉੱਚ ਪੱਧਰੀ ਮੀਟਿੰਗ ਕਰਕੇ ਮਾਮਲੇ ਦਾ ਹੱਲ ਕੱਢਣ ਦਾ ਭਰੋਸਾ ਵੀ ਦਿੱਤਾ ਗਿਆ। ਮੀਟਿੰਗ ਦੌਰਾਨ ਡਾ. ਤੇਜਿੰਦਰ ਪਾਲ ਸਿੰਘ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੂੰ ਆਪਣੀਆਂ ਲਿਖੀਆਂ ਪੁਸਤਕਾਂ ਸਨਮਾਨ ਵਜੋਂ ਭੇਟ ਕੀਤੀਆਂ। ਮੀਟਿੰਗ ਉਪਰੰਤ ਪੁਕਟਾ ਵਫ਼ਦ ਨੇ ਆਸ ਪ੍ਰਗਟਾਈ ਕਿ ਮੁੱਖ ਸਕੱਤਰ ਵੱਲੋਂ ਦਿੱਤੇ ਗਏ ਭਰੋਸੇ ਅਤੇ ਕੀਤੀ ਗਈ ਤੁਰੰਤ ਕਾਰਵਾਈ ਨਾਲ ਕੰਟਰੈਕਟ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਜਲਦ ਠੋਸ ਕਦਮ ਚੁੱਕੇ ਜਾਣਗੇ।