ਸੀਐੱਚਓ ਨੇ ਵਿਧਾਇਕ ਦੇ ਘਰ ਮੂਹਰੇ ਲਾਇਆ ਧਰਨਾ, ਨਾਅਰੇਬਾਜ਼ੀ ਸੀਐੱਚਓ ਨੇ ਵਿਧਾਇਕ ਦੇ ਘਰ ਮੂਹਰੇ ਲਾਇਆ ਧਰਨਾ, ਨਾਅਰੇਬਾਜ਼ੀ
Publish Date: Mon, 20 Jul 2026 06:32 PM (IST)
Updated Date: Tue, 21 Jul 2026 04:04 AM (IST)
ਸ਼ਹਿਰ ’ਚ ਕੱਢਿਆ ਰੋਸ ਮਾਰਚ, ਵਿੱਤ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ ਮੰਗਾਂ ਦੇ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਕਮਿਊਨਟੀ ਹੈਲਥ ਅਫ਼ਸਰ (ਸੀਐੱਚਓ) ਵੱਲੋਂ ਸੋਮਵਾਰ ਨੂੰ ਸ਼ਹਿਰ ’ਚ ਰੋਸ ਮਾਰਚ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਘਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸਦੇ ਨਾਲ ਹੀ ਵਿੱਤ ਮੰਤਰੀ ਪੰਜਾਬ ਦੇ ਨਾਮ ਮੰਗ-ਪੱਤਰ ਸੌਂਪਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਤੇ ਪ੍ਰੈੱਸ ਸਕੱਤਰ ਕਮਲਪ੍ਰੀਤ ਕੌਰ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ। ਮਿਸ਼ਨ ਡਾਇਰੈਕਟਰ, ਮੁੱਖ ਸਕੱਤਰ ਸਿਹਤ ਵਿਭਾਗ ਤੇ ਵਿੱਤ ਮੰਤਰੀ ਪੰਜਾਬ ਨਾਲ ਹੋਈਆਂ ਮੀਟਿੰਗਾਂ ’ਚ ਉਨ੍ਹਾਂ ਦੀਆਂ ਮੰਗਾਂ ਨੂੰ ਸਿਧਾਂਤਕ ਤੌਰ ’ਤੇ ਮੰਨਦਿਆਂ ਜਲਦ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਪਰੰਤੂ ਹਾਲੇ ਤੱਕ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਾ ਹੋਣ ਕਾਰਨ ਸਮੂਹ ਸੀਐੱਚਓ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕਮਿਊਨਟੀ ਹੈੱਲਥ ਅਫ਼ਸਰਾਂ ਦਾ ਰੈਗੂਲਰ ਕੈਡਰ ਸੈਂਕਸ਼ਨ ਕੀਤਾ ਜਾਵੇ, ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਦੇ ਸੀਐੱਚਓ ਨੂੰ ਮਿਲ ਰਹੀ 5,000 ਪ੍ਰਤੀ ਮਹੀਨਾ ਘੱਟ ਤਨਖਾਹ ਦੀ ਵਿਸੰਗਤੀ ਦੂਰ ਕੀਤੀ ਜਾਵੇ, ਸਾਲ 2018 ਤੋਂ ਬੰਦ ਲੌਇਲਟੀ ਬੋਨਸ ਨੂੰ ਮੁੜ ਬਹਾਲ ਕੀਤਾ ਜਾਵੇ, ਸੀਐੱਚਓ ਦੀ ਤਨਖਾਹ ਤੇ ਇੰਸੈਂਟਿਵ ਨੂੰ ਮਰਜ ਕੀਤਾ ਜਾਵੇ ਅਤੇ ਨਵੇਂ ਜਾਰੀ ਕੀਤੇ ਗਏ ਇੰਸੈਂਟਿਵ ਪਰਫਾਰਮੇ ਦੀ ਸਮੀਖਿਆ ਕਰਕੇ ਗੈਰ-ਵਾਜਬ ਸ਼ਰਤਾਂ ਨੂੰ ਵਾਪਸ ਲਿਆ ਜਾਵੇ। ਇਨ੍ਹਾਂ ਦੇ ਹੱਲ ਵਿੱਚ ਹੋਰ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 22 ਜੁਲਾਈ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਨੇੜੇ ਹੋਣ ਵਾਲੀ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜਿਸ ਵਿੱਚ ਵੱਡੀ ਗਿਣਤੀ ਮੁਲਾਜ਼ਮ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਸਰਕਾਰ ਨੂੰ ਸਿਹਤ ਕਰਮੀਆਂ ਦੀ ਏਕਤਾ ਅਤੇ ਉਨ੍ਹਾਂ ਦੇ ਪੱਕੇ ਇਰਾਦੇ ਦਾ ਸਪੱਸ਼ਟ ਸੰਦੇਸ਼ ਦੇਵੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ 22 ਜੁਲਾਈ ਤੋਂ ਪਹਿਲਾਂ ਹੀ ਸੀਐੱਚਓ ਦੀਆਂ ਮੰਨੀਆਂ ਹੋਈਆਂ ਮੰਗਾਂ ਦੇ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਮਸਲੇ ਦਾ ਸਨਮਾਨਜਨਕ ਹੱਲ ਕੀਤਾ ਜਾਵੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।