ਬਾਹਰੀ ਰਾਜਾਂ ਤੋਂ ਹਥਿਆਰ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਨ ਵਾਲੇ ਦੋ ਨੌਜਵਾਨ ਗ੍ਰਿਫ਼ਤਾਰ ਬਾਹਰੀ ਰਾਜਾਂ ਤੋਂ ਹਥਿਆਰ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਨ ਵਾਲੇ ਦੋ ਨੌਜਵਾਨ ਗ੍ਰਿਫ਼ਤਾਰ
Publish Date: Tue, 11 Aug 2026 07:32 PM (IST)
Updated Date: Wed, 12 Aug 2026 04:05 AM (IST)
ਸੀਆਈਏ ਪਟਿਆਲਾ ਦੀ ਟੀਮ ਹਥਿਆਰ ਸਪਲਾਈ ਨੈੱਟਵਰਕ ਦੀ ਜਾਂਚ ਵਿੱਚ ਜੁਟੀ ਸੀਨੀਅਰ ਰਿਪੋਰਟਰ•, ਪੰਜਾਬੀ ਜਾਗਰਣ, •ਪਟਿਆਲਾ : ਸੀਆਈਏ ਪਟਿਆਲਾ ਨੇ ਅਰਬਨ ਅਸਟੇਟ ਥਾਣਾ ਖੇਤਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਦੋਵੇਂ ਮੁਲਜ਼ਮ ਦੂਜੇ ਰਾਜਾਂ ਤੋਂ ਗੈਰ-ਕਾਨੂੰਨੀ ਹਥਿਆਰ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਨ ਦਾ ਕੰਮ ਕਰਦੇ ਸਨ। ਮੁਲਜ਼ਮਾਂ ਦੀ ਪਛਾਣ ਸ਼ੰਮੀ ਕੁਮਾਰ ਉਰਫ਼ ਸ਼ੰਮੀ (32 ਸਾਲ) ਵਾਸੀ ਪਿੰਡ ਉਪਲੀ ਜਿਲ੍ਹਾ ਸੰਗਰੂਰ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸੂ (23 ਸਾਲ) ਵਾਸੀ ਗਿਆਨ ਕਲੋਨੀ ਸੂਲਰ ਪਟਿਆਲਾ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਸੀਆਈਏ ਸਟਾਫ਼ ਇੰਚਾਰਜ ਇੰਸਪੈਕਟਰ ਪ੍ਰਦੀਪ ਬਾਜਵਾ ਨੇ ਦੱਸਿਆ ਕਿ ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ ਦੇ ਨਿਰਦੇਸ਼ਾਂ ਅਤੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਦੋਵੇਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਤਿੰਨ ਨਾਜਾਇਜ਼ ਦੇਸੀ ਪਿਸਤੌਲ 315 ਬੋਰ ਅਤੇ ਛੇ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮ ਸ਼ੰਮੀ ਖ਼ਿਲਾਫ਼ ਪਹਿਲਾਂ ਵੀ ਕਤਲ, ਲੁੱਟ-ਖੋਹ ਅਤੇ ਆਰਮਜ਼ ਐਕਟ ਸਮੇਤ 9 ਮਾਮਲੇ ਦਰਜ ਹਨ, ਜਦਕਿ ਜਸਪ੍ਰੀਤ ਸਿੰਘ ਖ਼ਿਲਾਫ਼ ਇੱਕ ਮਾਮਲਾ ਦਰਜ ਹੈ। ਪੁਲਿਸ ਅਨੁਸਾਰ ਸੀਆਈਏ ਟੀਮ ਸ਼ੱਕੀ ਅਤੇ ਅਪਰਾਧਿਕ ਤੱਤਾਂ ਦੀ ਭਾਲ ਵਿੱਚ ਫ੍ਰੈਂਡਜ਼ ਕਲੋਨੀ ਫੇਜ਼-2 ਅਰਬਨ ਅਸਟੇਟ ਦੇ ਸਾਹਮਣੇ ਤਿਕੋਣੀ ਮਾਰਕੀਟ ਨੇੜੇ ਮੌਜੂਦ ਸੀ। ਇਸੇ ਦੌਰਾਨ ਪੁਲਿਸ ਨੂੰ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਸ਼ੰਮੀ ਕੁਮਾਰ ਅਤੇ ਜਸਪ੍ਰੀਤ ਸਿੰਘ ਨਾਜਾਇਜ਼ ਹਥਿਆਰ ਅਤੇ ਗੋਲਾ-ਬਾਰੂਦ ਲੈ ਕੇ ਇਲਾਕੇ ਵਿੱਚ ਘੁੰਮ ਰਹੇ ਹਨ। ਦੋਵੇਂ ਲੜਾਈ-ਝਗੜੇ ਦੇ ਆਦੀ ਹਨ ਅਤੇ ਦੂਜੇ ਰਾਜਾਂ ਤੋਂ ਹਥਿਆਰ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਦੇ ਹਨ। ਪੁਲਿਸ ਟੀਮ ਨੇ ਡੀਐਮਡਬਲਯੂ ਪੁਲ ਨੇੜੇ ਨਾਕਾਬੰਦੀ ਕਰਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਨਾਜਾਇਜ਼ ਹਥਿਆਰ ਬਰਾਮਦ ਹੋਣ ਉਪਰੰਤ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ। ਡੱਬੀ- ਸੀਆਈਏ ਸਟਾਫ਼ ਇੰਚਾਰਜ ਇੰਸਪੈਕਟਰ ਪ੍ਰਦੀਪ ਬਾਜਵਾ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਹਥਿਆਰ ਕਿਸ ਰਾਜ ਤੋਂ ਲਿਆਂਦੇ ਗਏ ਸਨ ਅਤੇ ਪੰਜਾਬ ਵਿੱਚ ਇਹ ਹਥਿਆਰ ਕਿਨ੍ਹਾਂ ਲੋਕਾਂ ਤੱਕ ਪਹੁੰਚਾਏ ਜਾਣੇ ਸਨ। ਫਿਲਹਾਲ ਦੋਵਾਂ ਮੁਲਜ਼ਮਾਂ ਦਾ ਕਹਿਣਾ ਹੈ ਕਿ ਉਹ ਪਹਿਲੀ ਵਾਰ ਇਹ ਹਥਿਆਰ ਬਿਹਾਰ ਤੋਂ ਖਰੀਦ ਕੇ ਲਿਆਏ ਸਨ ਅਤੇ ਇਨ੍ਹਾਂ ਹਥਿਆਰਾਂ ਦੀ ਵਰਤੋਂ ਆਪਣੇ ਵਿਰੋਧੀਆਂ ਤੋਂ ਬਚਣ ਲਈ ਕਰਨੀ ਸੀ। ਹਾਲਾਂਕਿ ਅਸਲ ਸੱਚਾਈ ਪੁਲਿਸ ਰਿਮਾਂਡ ਦੌਰਾਨ ਹੋਣ ਵਾਲੀ ਪੁੱਛਗਿੱਛ ਤੋਂ ਸਾਹਮਣੇ ਆਵੇਗੀ।