- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਾਤੜਾਂ ’ਚ ਸਫ਼ਾਈ ਮੁਹਿੰਮ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਵੱਛ ਬਣਾਉਣ ਦੇ ਉਦੇਸ਼ ਨਾਲ 17 ਸਤੰਬਰ ਤੋਂ 2 ਅਕਤੂਬਰ ਤੱਕ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵੱਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਨਗਰ ਕੌਂਸਲ ਪਾਤੜਾਂ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਤੇ ਕਾਰਜਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਨਰਵਾਣਾ ਰੋਡ ’ਤੇ ਸਫ਼ਾਈ ਕਾਰਜ ਕਰਵਾਏ ਗਏ। ਇਸ ਦੌਰਾਨ ਸੜਕ ਦੇ ਆਲੇ-ਦੁਆਲੇ ਪਿਆ ਕੂੜਾ-ਕਰਕਟ ਤੇ ਗਾਰਬੇਜ ਹਟਾਇਆ ਗਿਆ। ਇਸ ਤੋਂ ਇਲਾਵਾ ਸੜਕ ਕਿਨਾਰਿਆਂ ’ਤੇ ਖਿੱਲਰੇ ਪਲਾਸਟਿਕ ਦੇ ਲਿਫ਼ਾਫ਼ਿਆਂ ਸਮੇਤ ਹੋਰ ਕੂੜਾ ਇਕੱਠਾ ਕਰਕੇ ਮੌਕੇ ਤੋਂ ਚੁਕਵਾਇਆ ਗਿਆ। ਨਗਰ ਕੌਂਸਲ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਸਫ਼ਾਈ ਨੂੰ ਸਿਰਫ਼ ਸਰਕਾਰੀ ਮੁਹਿੰਮ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਹਰ ਨਾਗਰਿਕ ਇਸ ਨੂੰ ਆਪਣੀ ਰੋਜ਼ਾਨਾ ਜ਼ਿੰਮੇਵਾਰੀ ਸਮਝੇ। ਲੋਕ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਸਫ਼ਾਈ ਬਣਾਈ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ। ਨਗਰ ਕੌਂਸਲ ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਹਰਿਆ-ਭਰਿਆ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸ਼ਹਿਰ ਵਿੱਚ ਅਜਿਹੀਆਂ ਸਫ਼ਾਈ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ।