- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਤੋਂ ਇਲਾਵਾ ਟਰੈਕ ਦੇ ਅੰਦਰਲੇ ਹਿੱਸੇ ਨੂੰ ਸ਼ਾਟ ਪੁੱਟ, ਹੈਮਰ ਥਰੋਅ, ਲੌਂਗ ਜੰਪ, ਹਾਈ ਜੰਪ ਅਤੇ ਡਿਸਕਸ ਥਰੋਅ ਵਰਗੇ ਫੀਲਡ ਈਵੈਂਟਸ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਵਿਕਸਤ ਕੀਤਾ ਜਾਵੇਗਾ। ਇਸ ਨਾਲ ਸਮਾਣਾ ਅਤੇ ਆਸਪਾਸ ਦੇ ਇਲਾਕਿਆਂ ਦੇ ਨੌਜਵਾਨਾਂ ਨੂੰ ਰਾਸ਼ਟਰੀ ਪੱਧਰ ਦੀਆਂ ਸਿਖਲਾਈ ਸਹੂਲਤਾਂ ਮਿਲਣਗੀਆਂ।

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮਾਣਾ ਦੇ ਪਿੰਡ ਫਤਿਹਮਾਜਰੀ ਵਿਖੇ ਇੱਕ ਅੰਤਰਰਾਸ਼ਟਰੀ ਪੱਧਰ ਦੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ ਲਈ ਪੂਰੇ ਪੰਜਾਬ ’ਚ 1,250 ਕਰੋੜ ਰੁਪਏ ਦੀ ਲਾਗਤ ਨਾਲ 3,100 ਪੇਂਡੂ ਖੇਡ ਸਟੇਡੀਅਮ ਬਣਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱ ਖੇਡਾਂ ਸਭ ਤੋਂ ਕਾਰਗਰ ਅਤੇ ਮਜ਼ਬੂਤ ਹਥਿਆਰ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਸਮਾਣਾ ਵਿਖੇ ਬਣਨ ਵਾਲਾ ਇਹ ਸਟੇਡੀਅਮ 10.35 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਨੌਂ ਏਕੜ ਪੰਚਾਇਤੀ ਜ਼ਮੀਨ 'ਤੇ ਤਿਆਰ ਕੀਤਾ ਜਾਵੇਗਾ। ਇਸ ਸਟੇਡੀਅਮ ਵਿਚ ਅੱਠ ਲੇਨਾਂ ਵਾਲਾ ਅੰਤਰਰਾਸ਼ਟਰੀ ਪੱਧਰ ਦਾ 400 ਮੀਟਰ ਦਾ ਸਿੰਥੈਟਿਕ ਅਥਲੈਟਿਕਸ ਟਰੈਕ ਬਣਾਇਆ ਜਾਵੇਗਾ, ਜੋ 100, 200 ਅਤੇ 400 ਮੀਟਰ ਦੀਆਂ ਦੌੜਾਂ ਸਮੇਤ ਹੋਰ ਮੁਕਾਬਲਿਆਂ ਦੀ ਮੇਜ਼ਬਾਨੀ ਕਰੇਗਾ। ਇਸ ਤੋਂ ਇਲਾਵਾ ਟਰੈਕ ਦੇ ਅੰਦਰਲੇ ਹਿੱਸੇ ਨੂੰ ਸ਼ਾਟ ਪੁੱਟ, ਹੈਮਰ ਥਰੋਅ, ਲੌਂਗ ਜੰਪ, ਹਾਈ ਜੰਪ ਅਤੇ ਡਿਸਕਸ ਥਰੋਅ ਵਰਗੇ ਫੀਲਡ ਈਵੈਂਟਸ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਵਿਕਸਤ ਕੀਤਾ ਜਾਵੇਗਾ। ਇਸ ਨਾਲ ਸਮਾਣਾ ਅਤੇ ਆਸਪਾਸ ਦੇ ਇਲਾਕਿਆਂ ਦੇ ਨੌਜਵਾਨਾਂ ਨੂੰ ਰਾਸ਼ਟਰੀ ਪੱਧਰ ਦੀਆਂ ਸਿਖਲਾਈ ਸਹੂਲਤਾਂ ਮਿਲਣਗੀਆਂ। ਸੂਬੇ ਦੇ ਖੇਡ ਬੁਨਿਆਦੀ ਢਾਂਚੇ ਬਾਰੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਟੇਡੀਅਮਾਂ ਵਿੱਚ ਫਲੱਡ ਲਾਈਟਾਂ, 6 ਫੁੱਟ ਚੌੜੇ ਵਾਕਿੰਗ ਟਰੈਕ, ਵਾਲੀਬਾਲ, ਫੁੱਟਬਾਲ ਤੇ ਹਾਕੀ ਦੇ ਕੋਰਟ, ਬੱਚਿਆਂ ਦੇ ਖੇਡਣ ਦੀ ਜਗ੍ਹਾ ਅਤੇ ਉੱਚ ਪੇਸ਼ੇਵਰ ਕੋਚਾਂ ਰਾਹੀਂ ਮਿਆਰੀ ਸਿਖਲਾਈ ਵਰਗੀਆਂ ਆਧੁਨਿਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਾਲ 2026-27 ਲਈ ਖੇਡ ਬਜਟ ਵਧਾ ਕੇ 1,791 ਕਰੋੜ ਰੁਪਏ ਕੀਤਾ ਗਿਆ ਹੈ। ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਖੇਡ ਨੀਤੀ-2023 ਤਹਿਤ ਓਲੰਪਿਕ ਦੀ ਤਿਆਰੀ ਲਈ 15 ਲੱਖ ਅਤੇ ਏਸ਼ੀਅਨ ਖੇਡਾਂ ਲਈ 8 ਲੱਖ ਰੁਪਏ ਦੀ ਮਦਦ ਦਿੱਤੀ ਜਾ ਰਹੀ ਹੈ। ਪੈਰਿਸ ਓਲੰਪਿਕ ਦੇ ਤਗਮਾ ਜੇਤੂ ਹਾਕੀ ਖਿਡਾਰੀਆਂ ਅਤੇ ਏਸ਼ੀਅਨ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ 1-1 ਕਰੋੜ ਰੁਪਏ ਦੀ ਰਾਸ਼ੀ ਅਤੇ 9 ਓਲੰਪੀਅਨਾਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂ ਗਈਆਂ ਹਨ। 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਤਿੰਨ ਸਾਲਾਂ ਵਿੱਚ 97.3 ਕਰੋੜ ਰੁਪਏ ਖ਼ਰਚੇ ਗਏ ਹਨ। ਇਸ ਤੋਂ ਇਲਾਵਾ 'ਪਸ਼ੂਆਂ ਉੱਤੇ ਅੱਤਿਆਚਾਰ ਦੀ ਰੋਕਥਾਮ (ਪੰਜਾਬ ਸੋਧ) ਐਕਟ, 2025' ਪਾਸ ਹੋਣ ਨਾਲ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਵਿੱਚ 2014 ਤੋਂ ਬਾਅਦ ਬਲਦ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ। ਅਖੀਰ ਵਿੱਚ ਮੁੱਖ ਮੰਤਰੀ ਨੇ ਇੱਕ ਇਤਿਹਾਸਕ ਮੀਲ ਪੱਥਰ ਸਾਂਝਾ ਕਰਦਿਆਂ ਦੱਸਿਆ ਕਿ ਪੰਜਾਬ ਪਹਿਲੀ ਵਾਰ ਅਕਤੂਬਰ ਵਿੱਚ ਏਸ਼ੀਆ ਦੇ ਸਭ ਤੋਂ ਵੱਕਾਰੀ ਹਾਕੀ ਟੂਰਨਾਮੈਂਟ 'ਏਸ਼ੀਅਨ ਚੈਂਪੀਅਨਜ਼ ਟਰਾਫ਼ੀ' ਦੀ ਮੇਜ਼ਬਾਨੀ ਕਰੇਗਾ। ਇਸ ਦੇ ਮੈਚ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਮੁਹਾਲੀ ਅਤੇ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਖੇਡੇ ਜਾਣਗੇ, ਜੋ ਸੂਬੇ ਲਈ ਇੱਕ ਵੱਡੀ ਅਤੇ ਇਤਿਹਾਸਕ ਪ੍ਰਾਪਤੀ ਹੈ। ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਚੇਅਰਮੈਨ ਤੇਜਿੰਦਰ ਮਹਿਤਾ, ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ, ਮਨਜਿੰਦਰ ਸਿੰਘ ਰਾਣਾ ਸੇਖੋਂ, ਹੁਸਨਦੀਪ ਬਾਂਸਲ ਸਰਪੰਚ ਗੁਰਮੁੱਖ ਸਿੰਘ, ਸਮੂਹ ਕੌਸਲਰ ਹਾਜ਼ਰ ਸਨ।