ਆਜ਼ਾਦੀ ਤੋਂ ਬਾਅਦ ਵੀ ਦੇਸ਼ ਪੁਰਾਣੇ ਤੰਤਰ ’ਚ ਜਕੜਿਆ : ਭਗਵੰਤ ਸਿੰਘ ਮਾਨ
ਅਜਾਦੀ ਤੋਂ ਬਾਅਦ ਵੀ ਦੇਸ਼ ਪੁਰਾਣੇ ਤੰਤਰ ’ਚ ਜਕੜਿਆ–ਭਗਵੰਤ ਸਿੰਘ ਮਾਨ
Publish Date: Tue, 17 Mar 2026 07:05 PM (IST)
Updated Date: Wed, 18 Mar 2026 04:13 AM (IST)

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਧੂਰੀ ਵਿੱਚ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਅੱਜ ਭਾਰਤ ਦੀ ਤਸਵੀਰ ਬਿਲਕੁਲ ਵੱਖਰੀ ਹੋਣੀ ਸੀ। ਉਨ੍ਹਾਂ ਸਵਾਲ ਚੁੱਕਿਆ ਕਿ ਆਜ਼ਾਦੀ ਦੇ ਇੰਨ੍ਹੇ ਸਾਲਾਂ ਬਾਅਦ ਵੀ ਦੇਸ਼ ਪੁਰਾਣੇ ਤੰਤਰ ’ਚ ਜਕੜਿਆ ਹੋਇਆ ਹੈ। ਕੀ ਇਸੇ ਪ੍ਰਣਾਲੀ ਲਈ ਭਗਤ ਸਿੰਘ ਤੇ ਕਰਤਾਰ ਸਿੰਘ ਸਰਾਭਾ ਨੇ ਆਪਣੀ ਸ਼ਹਾਦਤ ਦਿੱਤੀ ਸੀ ? ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਚਾਰ ਸਾਲਾਂ ਵਿਚ ਆਪਣੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ, ਜਿਸ ਕਰ ਕੇ ਵਿਰੋਧੀ ਧਿਰ ਕੋਲ ਲੋਕਾਂ ਵਿਚ ਜਾਣ ਲਈ ਕੋਈ ਮੁੱਦਾ ਨਹੀਂ ਬਚਿਆ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀ ਵਿਧਾਨ ਸਭਾ ਚੋਣ ਵਿਚ ਆਪ ਮੁੜ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ। ਮੁੱਖ ਮੰਤਰੀ ਮਾਨ ਨੇ ਅਕਾਲੀ ਦਲ-ਭਾਜਪਾ ਤੇ ਕਾਂਗਰਸ ਉੱਤੇ ਵਾਰੀ-ਵਾਰੀ ਪੰਜਾਬ ਨੂੰ ਲੁੱਟਣ ਦੇ ਦੋਸ਼ ਲਾਉਂਦੇ ਹੋਏ ਕਿਹਾ ਕਿ ਲੋਕ ਹੁਣ ਉਨ੍ਹਾਂ ਨੂੰ ਦੁਬਾਰਾ ਮੌਕਾ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਸਿਰਫ਼ ਕੁਰਸੀ ਦੀ ਲੜਾਈ ਲੜ ਰਹੀਆਂ ਹਨ, ਜਦਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰ ਰਹੀ ਹੈ। ਭਗਤ ਸਿੰਘ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜਨਮ 28 ਸਤੰਬਰ 1907 ਨੂੰ ਹੋਇਆ ਤੇ 23 ਮਾਰਚ 1931 ਨੂੰ ਸਿਰਫ਼ 23 ਸਾਲ ਦੀ ਉਮਰ ਵਿੱਚ ਉਹ ਸ਼ਹੀਦ ਹੋ ਗਏ। ਉਨ੍ਹਾਂ ਕਿਹਾ ਕਿ 1952 ਦੀਆਂ ਪਹਿਲੀਆਂ ਆਮ ਚੋਣਾਂ ਦੇ ਸਮੇਂ ਭਗਤ ਸਿੰਘ 45 ਸਾਲ ਦੇ ਹੁੰਦੇ ਤੇ ਸੰਭਵ ਤੌਰ ’ਤੇ ਦੇਸ਼ ਦੀ ਅਗਵਾਈ ਕਰਦੇ। ਉਨ੍ਹਾਂ ਨੇ ਆਪਣੀ ਜੇਲ੍ਹ ਡਾਇਰੀ ਤੇ ਲੇਖਾਂ ਵਿਚ ਚਿਤਾਵਨੀ ਦਿੱਤੀ ਸੀ ਕਿ ਆਜ਼ਾਦੀ ਤੋਂ ਬਾਅਦ ਸੱਤਾ ਗਲਤ ਹੱਥਾਂ ਵਿਚ ਨਹੀਂ ਜਾਣੀ ਚਾਹੀਦੀ, ਪਰ ਦੁੱਖ ਦੀ ਗੱਲ ਹੈ ਕਿ ਅਜਿਹਾ ਹੋਇਆ” ਮਾਨ ਨੇ ਕਿਹਾ। ਸਰਕਾਰ ਦੀਆਂ ਉਪਲਬਧੀਆਂ ਬਾਰੇ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਹੇਠ ਆਮ ਵਰਗ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ 1000 ਰੁਪਏ ਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ। ਹੁਣ ਤੱਕ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਧਾਨ ਸੀਜ਼ਨ ਦੌਰਾਨ ਅੱਠ ਘੰਟੇ ਬਿਨਾ ਰੁਕਾਵਟ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਸਿਹਤ ਖੇਤਰ ਵਿੱਚ 881 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੇਸ ਇਲਾਜ ਮਿਲ ਰਿਹਾ ਹੈ। ਸਿੱਖਿਆ ਖੇਤਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਗਏ ਹਨ ਅਤੇ ਰਾਸ਼ਟਰੀ ਉਪਲਬਧੀ ਸਰਵੇਖਣ ਵਿੱਚ ਪੰਜਾਬ ਨੇ ਸਿਖਰਲਾ ਸਥਾਨ ਹਾਸਲ ਕੀਤਾ ਹੈ।