ਸੀਐੱਮ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਸੀਐੱਮ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
Publish Date: Tue, 30 Jun 2026 04:57 PM (IST)
Updated Date: Wed, 01 Jul 2026 04:02 AM (IST)
ਕਿਹਾ–ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ ਐੱਲਈਡੀ ਸਕਰੀਨਾਂ ਤੇ ਦਿਖਾਈ ਜਾਵੇਗੀ 30 ਮਿੰਟ ਦੀ ਦਸਤਾਵੇਜ਼ੀ ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਤੇ ਸ਼ਰਧਾਪੂਰਵਕ ਮਨਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 50 ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨਾਂ ਗੁਰੂ ਜੀ ਦੇ ਬਰਾਬਰੀ, ਸਮਾਜਿਕ ਨਿਆਂ, ਸ਼ਰਧਾ ਅਤੇ ਵਿਸ਼ਵਵਿਆਪੀ ਸਾਂਝੀਵਾਲਤਾ ਦੇ ਸਦੀਵੀ ਸੰਦੇਸ਼ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣਗੀਆਂ। ਇਸ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਮੁਹਿੰਮ ਤਹਿਤ ਐੱਲਈਡੀ ਨਾਲ ਲੈਸ ਮੋਬਾਈਲ ਵੈਨਾਂ ਰਾਹੀਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਲੱਗਭਗ 13,000 ਪਿੰਡਾਂ ’ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਪਵਿੱਤਰ ਸਿੱਖਿਆਵਾਂ ਤੇ ਆਧਾਰਤ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਜਾਵੇਗੀ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ, ਖਾਸ ਕਰਕੇ ਨੌਜਵਾਨ ਪੀੜ੍ਹੀ, ਗੁਰੂ ਜੀ ਦੇ ਭੇਦਭਾਵ ਰਹਿਤ ਬਰਾਬਰੀ ਵਾਲੇ ਸਮਾਜ ਦੀ ਸੇਧ ਤੋਂ ਪ੍ਰੇਰਿਤ ਹੋ ਸਕੇ। ਇਹ ਪਹਿਲਕਦਮੀ ਭਗਵੰਤ ਮਾਨ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਲਈ ਉਲੀਕੇ ਗਏ ਸਾਲ ਭਰ ਦੇ ਪ੍ਰੋਗਰਾਮਾਂ ਦਾ ਅਹਿਮ ਹਿੱਸਾ ਹੈ, ਜਿਸ ਲਈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਸਦੀਵੀ ਵਿਰਾਸਤ ਦੇ ਸਨਮਾਨ ਤੇ ਸਤਿਕਾਰ ਅਤੇ ਉਨ੍ਹਾਂ ਦੇ ਸੰਦੇਸ਼ ਦੇ ਵੱਧ ਤੋਂ ਵੱਧ ਪਾਸਾਰ ਲਈ ਸਮਾਗਮਾਂ ਦੀ ਲੜੀ ਵਾਸਤੇ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਇਸ ਮੌਕੇ ਸੀਐੱਮਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦੇ ਪ੍ਰਤੀਕ ਵਜੋਂ ਇੱਕ ਹੋਰ ਨੇਕ ਪਹਿਲਕਦਮੀ ਦੀ ਸ਼ੁਰੂਆਤ ਕਰਨਾ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ। ਮੈਂ ਖ਼ੁਸ਼ਕਿਸਮਤ ਹਾਂ ਕਿ ਮੈਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅਤੇ ਹੁਣ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਮਿਲ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਪਵਿੱਤਰ ਸਿੱਖਿਆਵਾਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਇੱਕ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਡਾਕੂਮੈਂਟਰੀ ਰਾਹੀਂ ਸੂਬਾ ਸਰਕਾਰ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਨੇਕ ਸਿੱਖਿਆਵਾਂ ਨਾਲ ਜੋੜਨਾ ਹੈ ਤਾਂ ਜੋ ਉਹ ਇੱਕ ਬਰਾਬਰੀ ਵਾਲੇ ਅਤੇ ਸਦਭਾਵਨਾ ਪੂਰਨ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾ ਸਕਣ। ਇਹ ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਜੀ ਨੂੰ ਸੱਚੀ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਜਾਤ-ਪਾਤ ਦੇ ਭੇਦਭਾਵ ਅਤੇ ਸਮਾਜਿਕ ਅਸਮਾਨਤਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਲਈ ਸਮਰਪਿਤ ਕਰ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੀ ਮੌਜੂਦ ਸਨ।