ਸੀਐੱਮ ਮਾਨ ਨੇ ਬਰੜਵਾਲ ’ਚ ਵਾਟਰ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ ਸੀਐੱਮ ਮਾਨ ਨੇ ਬਰੜਵਾਲ ’ਚ ਵਾਟਰ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ
Publish Date: Wed, 07 Oct 2026 06:18 PM (IST)
Updated Date: Thu, 08 Oct 2026 04:05 AM (IST)
ਧੂਰੀ ਤੇ ਸੰਗਰੂਰ ਵਾਸੀਆਂ ਲਈ ਸਾਫ਼ ਪੀਣ ਵਾਲੇ ਪਾਣੀ ਦਾ ਵੱਡਾ ਤੋਹਫ਼ਾ ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਧੂਰੀ ਤੇ ਸੰਗਰੂਰ ਦੇ ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਇੱਕ ਵੱਡੀ ਸੌਗਾਤ ਦਿੰਦਿਆਂ ਪਿੰਡ ਬਰੜਵਾਲ ਵਿੱਚ 47 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੇ 14 ਐਮਐਲਡੀ ਸਮਰੱਥਾ ਵਾਲੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪਲਾਂਟ ਰਾਹੀਂ ਨਹਿਰੀ ਪਾਣੀ ਨੂੰ ਸੋਧ ਕੇ ਪੀਣ ਯੋਗ ਬਣਾਇਆ ਜਾਵੇਗਾ, ਜਿਸ ਨਾਲ ਲੱਖਾਂ ਵਸਨੀਕਾਂ ਨੂੰ ਸਾਫ਼ ਪਾਣੀ ਮੁਹੱਈਆ ਹੋਵੇਗਾ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਵੀ ਘਟੇਗੀ। ਉਨ੍ਹਾਂ ਕਿਹਾ ਕਿ ਸਿਰਫ਼ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਖੇਤੀਬਾੜੀ ਵਾਲੇ ਖੇਤਾਂ ਵਿੱਚ ਨਹਿਰੀ ਪਾਣੀ ਦੀ ਪਹੁੰਚ 22 ਫ਼ੀਸਦੀ ਤੋਂ ਵਧਾ ਕੇ 88 ਫ਼ੀਸਦੀ ਕਰ ਦਿੱਤੀ ਹੈ। ਇਸ ਲਈ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ, ਜਿਸ ਦੇ ਨਤੀਜੇ ਵਜੋਂ ਜਿਨ੍ਹਾਂ ਖੇਤਰਾਂ ਵਿੱਚ ਨਹਿਰੀ ਪਾਣੀ ਦੀ ਉਪਲਬਧਤਾ ਵਿੱਚ ਸੁਧਾਰ ਹੋਇਆ ਹੈ, ਉੱਥੇ ਝੋਨੇ ਦੀ ਪੈਦਾਵਾਰ ਵਿੱਚ ਪ੍ਰਤੀ ਏਕੜ 4 ਕੁਇੰਟਲ ਤੱਕ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦਾ ਉਦੇਸ਼ ਧੂਰੀ ਸ਼ਹਿਰ ਦੀ ਜਲ ਸਪਲਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਕੁੱਲ 47.38 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਆਧਾਰਿਤ ਜਲ ਸਪਲਾਈ ਪ੍ਰਾਜੈਕਟ ਲਾਗੂ ਕੀਤਾ ਜਾ ਰਿਹਾ ਹੈ, ਜਿਸ ਤਹਿਤ 14 ਐੱਮਐੱਲਡੀ (ਮਿਲੀਅਨ ਲੀਟਰ ਪ੍ਰਤੀ ਦਿਨ) ਸਮਰੱਥਾ ਵਾਲਾ ਵਾਟਰ ਟ੍ਰੀਟਮੈਂਟ ਪਲਾਂਟ ਸਥਾਪਤ ਕੀਤਾ ਜਾਵੇਗਾ। ਇਸ ਵਾਟਰ ਟ੍ਰੀਟਮੈਂਟ ਪਲਾਂਟ ਰਾਹੀਂ ਨਹਿਰੀ ਪਾਣੀ ਨੂੰ ਸੋਧ ਕੇ ਲੋਕਾਂ ਨੂੰ ਸਾਫ਼, ਸੁਰੱਖਿਅਤ ਅਤੇ ਮਿਆਰੀ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਇਸ ਪ੍ਰਾਜੈਕਟ ਦਾ ਸਿੱਧਾ ਲਾਭ ਧੂਰੀ ਸ਼ਹਿਰ ਦੇ ਵਸਨੀਕਾਂ ਨੂੰ ਹੋਵੇਗਾ ਅਤੇ ਇਸ ਦੇ ਮੁਕੰਮਲ ਹੋਣ ਤੋਂ ਬਾਅਦ ਧੂਰੀ ਦੇ ਲਗਭਗ 85,000 ਵਸਨੀਕਾਂ ਨੂੰ ਬਿਹਤਰ ਜਲ ਸਪਲਾਈ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਇਹ ਬਹੁ-ਕਰੋੜੀ ਪ੍ਰਾਜੈਕਟ ਸਿਰਫ਼ ਧੂਰੀ ਦੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹੀ ਨਹੀਂ ਬਣਾਇਆ ਗਿਆ, ਸਗੋਂ ਸ਼ਹਿਰ ਦੀਆਂ ਮੌਜੂਦਾ ਅਤੇ ਭਵਿੱਖ ਦੀਆਂ ਪਾਣੀ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ ਵੀ ਤਿਆਰ ਕੀਤਾ ਗਿਆ ਹੈ। ਇਸ ਦਾ ਮੁੱਖ ਉਦੇਸ਼ ਧੂਰੀ ਦੇ ਲੋਕਾਂ ਨੂੰ ਬਿਹਤਰ ਗੁਣਵੱਤਾ ਵਾਲੀ ਅਤੇ ਭਰੋਸੇਯੋਗ ਜਲ ਸਪਲਾਈ ਮੁਹੱਈਆ ਕਰਵਾਉਣਾ ਹੈ।